ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਵਿਭਾਗਾਂ ਚੋਂ ਪ੍ਰਾਈਵੇਟ ਕੰਪਨੀਆਂ ਨੂੰ ਬਾਹਰ ਕਰੇ ਪੰਜਾਬ ਸਰਕਾਰ: ਮੋਰਚਾ ਆਗੂ
ਪੰਜਾਬ ਨੈੱਟਵਰਕ, ਭੁੱਚੋ ਮੰਡੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਪਵਨਦੀਪ ਸਿੰਘ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਨਿੱਜੀ ਕੰਪਨੀਆਂ ਨੂੰ ਬਾਹਰ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਨ ਦੀ ਥਾਂ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਵੱਲ ਸਾਜਿਸੀ ਢੰਗ ਤਰੀਕਿਆਂ ਰਾਹੀਂ ਤੇਜੀ ਨਾਲ ਵਧਾਏ ਜਾ ਰਹੇ ਕਦਮਾਂ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ ਲਾਕੇ ਠੇਕਾ ਮੁਲਾਜ਼ਮਾਂ ਦਾ ਰੁਜ਼ਗਾਰ ਖੋਹਕੇ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਦਾ ਅਧਾਰ ਹੋਰ ਮਜਬੂਤ ਕੀਤਾ ਜਾ ਰਿਹਾ ਹੈ।
ਇਸ ਤਰਾਂ ਹੀ ਬਿਜਲੀ ਵਿਭਾਗ ਵਿੱਚ ਹਰ ਜੋਨ ਵਿੱਚ ਦੋ-ਦੋ ਡਵੀਜਨਾਂ ਦਾ ਕੰਮ ਮੁਕੰਮਲ ਤੌਰ ਤੇ ਆਊਟਸੋਰਸ਼ਡ ਕੰਪਨੀਆਂ ਹਵਾਲੇ ਕਰਕੇ ਧੋਖੇ ਨਾਲ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਮੋਰਚੇ ਦੇ ਆਗੂਆਂ ਨੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੇ ਇਸ ਹੱਲੇ ਦਾ ਹਰ ਹਾਲਤ ਵਿੱਚ ਡੱਟਵਾਂ ਵਿਰੋਧ ਕਰਕੇ ਲੋਕ ਹਿਤਾਂ ਦੀ ਰਾਖੀ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇੱਕ ਮਈ ਦਿਵਸ ਨੂੰ ‘ਨਿੱਜੀਕਰਨ ਵਿਰੋਧੀ ਦਿਵਸ’ ਵਜੋਂ ਪੰਜਾਬ ਭਰ ਵਿੱਚ ਕਿਸਾਨਾਂ-ਮਜ਼ਦੂਰਾਂ ਅਤੇ ਮੁਲਾਜ਼ਮਾਂ ਵੱਲੋਂ ਸਾਂਝੇ ਤੌਰ ਤੇ ਮਨਾਇਆ ਜਾਵੇਗਾ ਅਤੇ ਇੱਕ ਮਈ ਦੇ ਸ਼ਹੀਦਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਕੀਤਾ ਜਾਵੇਗਾ।
ਆਗੂਆਂ ਨੇ ਇੱਕ ਹੋਰ ਮਤੇ ਰਾਹੀਂ ਬਿਜਲੀ ਵਿਭਾਗ ਵਿੱਚ ਕੰਮ ਕਰਦੀ ਟੈਲੀਪ੍ਰਫਾਰਮਨਸ਼ ਕੰਪਨੀ ਵੱਲੋਂ ਕੰਮ ਛੱਡਣ ਦੀ ਸੂਰਤ ਵਿੱਚ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਨੋਕਰੀ ਤੋਂ ਫਾਰਗ ਕਰਨ ਦੇ ਜਾਰੀ ਕੀਤੇ ਨੋਟਿਸ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਉਕਤ ਕੰਪਨੀ ਦੇ ਭੱਜ ਜਾਣ ਦੀ ਸੂਰਤ ਵਿੱਚ ਠੇਕਾ ਮੁਲਾਜ਼ਮਾਂ ਨੂੰ ਸਿੱਧਾ ਬਿਜਲੀ ਵਿਭਾਗ ਵਿੱਚ ਮਰਜ਼ ਕੀਤਾ ਜਾਵੇ ਨਹੀਂ ਤਾਂ ਇਨ੍ਹਾਂ ਨਿਰਦੋਸ਼ ਠੇਕਾ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਬਚਾਉਣ ਲਈ ‘ਮੋਰਚਾ’ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ,ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।