ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੱਦੇ ‘ਤੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਅਤੇ 6635 ਅਧਿਆਪਕ ਯੂਨੀਅਨ ਵਲੋਂ ਮਜ਼ਦੂਰ ਦਿਵਸ ਤੇ MLA ਰਜਨੀਸ਼ ਦਯੀਆ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਅਤੇ ਦਿੱਤਾ ਮੰਗ ਪੱਤਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੱਦੇ ਤੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਅਤੇ 6635 ਅਧਿਆਪਕ ਯੂਨੀਅਨ ਵਲੋਂ ਮਜ਼ਦੂਰ ਦਿਵਸ ਤੇ ਵਿਧਾਇਕ ਐਡਵੋਕੇਟ ਰਜਨੀਸ਼ ਦਯੀਆ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਅਤੇ ਦਿੱਤਾ ਮੰਗ ਪੱਤਰ
ਯੂਪੀਐੱਸ ਸਕੀਮ ਨੂੰ ਵਿਚਾਰਨ ਦੀ ਬਜਾਏ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਫੌਰੀ ਲਾਗੂ ਕਰੇ ਆਪ ਸਰਕਾਰ-ਡੀ.ਟੀ.ਐੱਫ
ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ
ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ ਹਿੱਤ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮਜ਼ਦੂਰ ਦਿਵਸ ਤੇ ਆਪ ਸਰਕਾਰ ਦੇ ਵਿਧਾਇਕਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਅਤੇ ਮੰਗ ਪੱਤਰ ਦੇਣ ਦੇ ਸੂਬਾਈ ਸੱਦੇ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਯੀਆ ਵਿਧਾਇਕ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ।
ਇਸ ਮੌਕੇ ਵਿੱਚ ਜ਼ਿਲੇ ਭਰ ਚੋਂ ਮੁਲਾਜ਼ਮਾਂ ਵੱਲੋਂ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।ਪੁਰਾਣੀ ਪੈਨਸ਼ਨ ਲਾਗੂ ਕਰਨ ਵਿੱਚ ਆਪ ਸਰਕਾਰ ਦੀ ਨਕਾਮੀ ਦੇ ਰੋਸ ਵਿੱਚ ਮੁਜ਼ਾਹਰੇ ਉਪਰੰਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਨੂੰ ਰੋਸ ਪੱਤਰ ਵੀ ਦਿੱਤਾ ਗਿਆ।ਗੌਰਤਲਬ ਹੈ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਜਾਰੀ ਕੀਤੇ “ਕਾਗਜ਼ੀ ਨੋਟੀਫਿਕੇਸ਼ਨ” ਦੇ ਤਿੰਨ ਸਾਲ ਬੀਤਣ ਮਗਰੋਂ ਵੀ ਸੂਬੇ ਵਿੱਚ ਪੁਰਾਣੀ ਪੈਨਸ਼ਨ ਦਾ ਮੁੱਦਾ ਜਿਉਂ ਦਾ ਤਿਉਂ ਲਟਕਿਆ ਹੋਇਆ ਹੈ।
ਐੱਨ. ਪੀ. ਐੱਸ. ਮੁਲਾਜ਼ਮਾਂ ਦੇ ਵੱਡੀ ਗਿਣਤੀ ਇਕੱਠ ਨੂੰ ਸੰਬੋਧਨ ਕਰਦਿਆਂ ਦੀਪਕ ਕੰਬੋਜ ਸੂਬਾ ਪ੍ਰਧਾਨ ਈ.ਟੀ.ਟੀ ਟੈਟ ਪਾਸ ਅਧਿਆਪਕ ਯੂਨੀਅਨ ਪੰਜਾਬ, ਮਲਕੀਤ ਸਿੰਘ ਹਰਾਜ ਜ਼ਿਲ੍ਹਾ ਪ੍ਰਧਾਨ ਡੈਮੋਕ੍ਰੈਟਿਕ ਟੀਚਰਜ਼ ਫਰੰਟ ਫ਼ਿਰੋਜ਼ਪੁਰ ਨੇ ਆਖਿਆ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਲੁਟੇਰੇ ਸਾਮਰਾਜੀ ਪ੍ਰਬੰਧ ਖਿਲਾਫ ਸੰਘਰਸ਼ਾਂ ਦਾ ਪ੍ਰਤੀਕ ਹੈ ਜੋ ਮਿਹਨਤਕਸ਼ ਜਮਾਤ ਨੂੰ ਲੁੱਟ ਅਤੇ ਜਬਰ ਖਿਲਾਫ ਜੂਝਣ ਲਈ ਪ੍ਰੇਰਦਾ ਹੈ।ਉਹਨਾਂ ਕਿਹਾ ਕਿ 1.1.2004 ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਨੂੰ ਬੰਦ ਕਰਕੇ ਲਿਆਂਦੀ ਗਈ ਐੱਨ.ਪੀ.ਐੱਸ ਸਕੀਮ ਵੀ ਸਾਮਰਾਜੀ ਨਿੱਜੀਕਰਨ ਅਤੇ ਕਾਰਪੋਰੇਟ ਮੁਨਾਫੇ ਨੂੰ ਵਧਾਉਣ ਵਾਲੀਆਂ ਨੀਤੀਆਂ ਦਾ ਹੀ ਅੰਗ ਹੈ ਜਿਸ ਦੇ ਖਿਲਾਫ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਮੁਲਾਜ਼ਮ ਸੰਘਰਸ਼ਾਂ ਦੇ ਰਾਹ ਤੇ ਹਨ।
ਪੰਜਾਬ ਦੀ ਆਪ ਸਰਕਾਰ ਨੇ ਆਪਣੇ ਚੋਣ ਵਾਅਦੇ ਦੇ ਉਲਟ ਪੁਰਾਣੀ ਪੈਨਸ਼ਨ ਦੇ ਕੀਤੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਦੀ ਬਜਾਏ ਹੁਣ ਕੇਂਦਰ ਸਰਕਾਰ ਵੱਲੋਂ ਲਿਆਂਦੀ ਯੂਪੀਐੱਸ ਸਕੀਮ ਨੂੰ ਘੋਖਣਾ ਸ਼ੁਰੂ ਕੀਤਾ ਹੋਇਆ ਹੈ।ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਅਤੇ ਕੈਬਨਿਟ ਸਬਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਪੁਰਾਣੀ ਪੈਨਸ਼ਨ ਦੀ ਬਜਾਏ ਕੇਂਦਰੀ ਯੂਪੀਐੱਸ ਸਕੀਮ ਨੂੰ ਸਰਕਾਰ ਦੇ ਵਿਚਾਰਧੀਨ ਹੋਣ ਬਾਰੇ ਲਗਾਤਾਰ ਬਿਆਨ ਦੇ ਰਹੇ ਹਨ ਜਿਸ ਦੇ ਖਿਲਾਫ ਮੁਲਾਜ਼ਮਾਂ ਵਿੱਚ ਸਖ਼ਤ ਰੋਸ ਹੈ।
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਬਜਟ ਸੈਸ਼ਨ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ ਵਿਧਾਨ ਸਭਾ ਵਿੱਚ ਪੁਰਾਣੀ ਪੈਨਸ਼ਨ ਦਾ ਮਤਾ ਪਾਸ ਕਰਨ ਦੀ ਮੰਗ ਕੀਤੀ ਗਈ ਸੀ।ਪਰ ਆਪ ਸਰਕਾਰ ਨੇ ਮੁਲਾਜ਼ਮਾਂ ਦੀ ਹੱਕੀ ਅਵਾਜ਼ ਨੂੰ ਸੁਣਨ ਦੀ ਬਜਾਏ ਪੈਨਸ਼ਨ ਦੇ ਮੁੱਦੇ ਤੇ ਚੁੱਪ ਧਾਰੀ ਹੋਈ ਹੈ।ਉਹਨਾਂ ਪਿਛਲੇ ਦਿਨੀਂ 5994 ਈ.ਟੀ.ਟੀ ਅਧਿਆਪਕਾਂ ਤੇ ਹੋਏ ਪੁਲਿਸ ਤਸ਼ੱਦਦ ਖਿਲਾਫ ਵੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਭਾਵੜਾ ਸੂਬਾ ਕਮੇਟੀ ਮੈਂਬਰ ਡੀਟੀਐੱਫ ਪੰਜਾਬ, ਸੀਨੀਅਰ ਮੀਤ ਪ੍ਰਧਾਨ ਡੀਟੀਐੱਫ ਦਵਿੰਦਰ ਨਾਥ, ਗੁਰਵਿੰਦਰ ਸਿੰਘ ਖੋਸਾ, ਅਸ਼ਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕੌਮੀ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਰੱਦ ਕੀਤੇ ਜਾਣ ਦੀ ਤਰਜ਼ ਤੇ ਪੰਜਾਬ ਸਰਕਾਰ ਵੱਲੋਂ ਐੱਨਪੀਐੱਸ ਅਤੇ ਯੂਪੀਐੱਸ ਸਕੀਮ ਨੂੰ ਰੱਦ ਕਰਨ ਦਾ ਸਪੱਸ਼ਟ ਫੈਸਲਾ ਲਿਆ ਜਾਵੇ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਟਕ ਰਿਹਾ ਹੈ,ਇੱਕ ਵੀ ਐੱਨ.ਪੀ.ਐੱਸ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿਆ ਗਿਆ ਪਰ ਸੂਬੇ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਝੂਠੀ ਇਸ਼ਤਿਹਾਰਬਾਜ਼ੀ ਤੇ ਕਰੋੜਾਂ ਰੁਪਏ ਖ਼ਰਚ ਕਰ ਦਿੱਤੇ ਗਏ ਹਨ।ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਇਨਕਾਰੀ ਆਪ ਸਰਕਾਰ ਖਿਲਾਫ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
ਮੰਗ ਪੱਤਰ ਲੈਣ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਭਰੋਸਾ ਦਿੱਤਾ ਕਿ ਉਹ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਦੇਣਗੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਪੁਰਜ਼ੋਰ ਸਿਫਾਰਸ਼ ਵੀ ਕਰਨਗੇ। ਉਹਨਾਂ ਪਿਛਲੇ ਦਿਨੀਂ 5994 ਈ.ਟੀ.ਟੀ ਅਧਿਆਪਕਾਂ ਤੇ ਹੋਏ ਪੁਲਿਸ ਤਸ਼ੱਦਦ ਦੀ ਗੱਲ ਸੁਣ ਕੇ ਇਸ ਕਰਵਾਈ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਸੂਬੇ ਵਿਚ ਕੁੱਝ ਵੀ ਅਣਮਨੁੱਖੀ ਵਿਵਹਾਰ ਕਰਨਾ ਅਤਿ ਨਿੰਦਣਯੋਗ ਵਰਤਾਰਾ ਹੈ।
ਇਸ ਮੌਕੇ ਮਨੋਜ ਕੁਮਾਰ , ਸਵਰਨ ਸਿੰਘ ਜੋਸਨ, ਨਰਿੰਦਰ ਸਿੰਘ ਜੰਮੂ, ਬਲਜਿੰਦਰ ਸਿੰਘ, ਇੰਦਰ ਸਿੰਘ ਸੰਧੂ, ਤਲਵਿੰਦਰ ਸਿੰਘ ਖਾਲਸਾ, ਹਰਮਨਪ੍ਰੀਤ ਸਿੰਘ ਮੁੱਤੀ,ਅਰਵਿੰਦ ਗਰਗ, ਸੰਦੀਪ ਕੁਮਾਰ, ਅਸ਼ਵਿੰਦਰ ਸਿੰਘ ਬਰਾੜ,ਰਾਜੇਸ਼ ਕੁਮਾਰ, ਲਖਵਿੰਦਰ ਸਿੰਘ, ਅਨਿਲ ਧਵਨ, ਹਰਜਿੰਦਰ ਸਿੰਘ ਜਨੇਰ ਨਿਹਾਲਾ ਲਵੇਰਾ , ਰਾਜੇਸ਼ ਕੁਮਾਰ, ਸੁਮਿਤ ਕੁਮਾਰ, ਹਿਰਦੇ ਨੰਦ, ਯੋਗੇਸ਼ ਨਈਅਰ, ਸੰਦੀਪ ਕੁਮਾਰ ਬੱਬਰ, ਸੰਦੀਪ ਗਲਹੋਤਰਾ ਆਦਿ ਹਾਜ਼ਰ ਸਨ।