ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪਾਣੀਆਂ ਨੂੰ ਲੈ ਕੇ ਪੰਜਾਬ-ਹਰਿਆਣਾ ਆਹਮੋ ਸਾਹਮਣੇ ਹਨ। ਇਸ ਵੇਲੇ ਦੀ ਵੱਡੀ ਖ਼ਬਰ ਇਹ ਆ ਰਹੀ ਹੈ ਕਿ ਪਾਣੀਆਂ ਦੇ ਮਸਲੇ ਨੂੰ ਲੈ ਕੇ ਜਿੱਥੇ ਮਾਨ ਸਰਕਾਰ ਨੇ ਸਰਬ-ਪਾਰਟੀ ਮੀਟਿੰਗ ਬੁਲਾ ਲਈ ਹੈ, ਉੱਥੇ ਹੀ ਸੋਮਵਾਰ ਨੂੰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਵੀ ਸੱਦ ਲਈ ਲਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 2 ਮਈ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪੰਜਾਬ ਦੇ ਹੱਕਾਂ ਅਤੇ ਵਸੀਲਿਆਂ ਦੀ ਰਾਖੀ ਲਈ ਇਕਜੁਟਤਾ ਦੀ ਲੋੜ ਨੂੰ ਦਰਸਾਉਂਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸਟ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਬੂੰਦ ‘ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸੇਸ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ ‘ਤੇ ਪ੍ਰਸਤਾਵ ਲਿਆਂਦਾ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀਬਾਜੀ ਤੋਂ ਉਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇਕਜੁਟ ਹੋਣ ਅਤੇ ਇਸ ਲੜਾਈ ਨੂੰ ਮਜਬੂਤ ਹੋ ਕੇ ਲੜਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਸੂਬੇ ਦੇ ਜਲ ਸਰੋਤਾਂ ਨਾਲ ਸਮਝੌਤਾ ਨਹੀਂ ਕਰੇਗੀ।