ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੱਚੇ ਸਹਾਇਕ ਪ੍ਰੋਫ਼ੈਸਰਾਂ ਦਾ ਧਰਨਾ ਜਾਰੀ, 7ਵਾਂ ਪੇ ਕਮਿਸ਼ਨ ਲਾਗੂ ਕਰਨ ਦੀ ਮੰਗ
ਪੰਜਾਬ ਨੈੱਟਵਰਕ, ਪਟਿਆਲਾ-
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੱਖ ਵੱਖ ਅਦਾਰਿਆਂ ਵਿੱਚ ਠੇਕਾ ਆਧਾਰ ਤੇ ਕੰਮ ਕਰਦੇ ਅਸਿਸਟੈਂਟ ਪ੍ਰੋਫੈਸਰਾਂ ਦਾ ਚਲਦਾ ਦਿਨ ਰਾਤ ਦਾ ਧਰਨਾ ਅੱਜ ਵੀ ਜਾਰੀ ਰਿਹਾ। ਕੰਟਰੈਕਟ ਅਸਿਸਟੈਂਟ ਪ੍ਰੋਫ਼ੈਸਰਾਂ ਦੇ ਧਰਨੇ ਦਾ ਅੱਜ 14ਵਾਂ ਦਿਨ ਸੀ। ਸਬੰਧਤ ਅਧਿਆਪਕ ਪਿਛਲੇ ਕਈ ਸਾਲਾਂ ਤੋਂ ਆਪਣੇ ‘ਤੇ UGC ਵੱਲੋਂ 2018 ਵਿੱਚ ਪ੍ਰਵਾਨਿਤ ਸੱਤਵਾਂ ਪੇ ਕਮਿਸ਼ਨ ਲਾਗੂ ਕਰਨ ਦੀ ਮੰਗ ਕਰ ਰਹੇ ਸਨ।
ਪ੍ਰੰਤੂ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੰਟਰੈਕਟ ਅਧਿਆਪਕਾਂ ਦੀ ਇਸ ਮੰਗ ਨੂੰ ਵਾਰ-ਵਾਰ ਸਿਰੇ ਤੋਂ ਖ਼ਾਰਜ ਕੀਤਾ ਜਾਂਦਾ ਰਿਹਾ। ਨਤੀਜਤਨ ਕੰਟਰੈਕਟ ਅਧਿਆਪਕਾਂ ਵੱਲੋਂ 22 ਅਪ੍ਰੈਲ 2025 ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਦਿਨ ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ।
ਹਾਲਾਂਕਿ ਯੂਨੀਵਰਸਿਟੀ ਵਾਈਸ ਚਾਂਸਲਰ ਵੱਲੋਂ 25 ਅਪ੍ਰੈਲ ਨੂੰ ਕੰਟਰੈਕਟ ਅਧਿਆਪਕਾਂ ਨਾਲ ਹੋਈ ਮੀਟਿੰਗ ਵਿੱਚ ਇਹ ਵਾਅਦਾ ਕੀਤਾ ਗਿਆ ਸੀ ਕਿ ਅਗਲੇ ਦਸ ਦਿਨਾਂ ਦੇ ਅੰਦਰ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦੇ ਹੋਏ ਉਹਨਾਂ ਤੇ 2018 ਦੇ ਰੈਗੂਲੇਸ਼ਨ ਅਨੁਸਾਰ ਪੇ ਕਮਿਸ਼ਨ ਲਾਗੂ ਕਰ ਦਿੱਤਾ ਜਾਵੇਗਾ।
ਪਰ ਇਸਦੇ ਬਾਵਜੂਦ ਕੰਟਰੈਕਟ ਅਧਿਆਪਕਾਂ ਦਾ ਸੰਘਰਸ਼ ਜਾਰੀ ਹੈ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਦੀ ਪ੍ਰਧਾਨ ਡਾ. ਤਰਨਜੀਤ ਕੌਰ ਵੱਲੋਂ ਕਿਹਾ ਗਿਆ ਕਿ ਦਸ ਦਿਨ ਲੰਘਣ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੰਟਰੈਕਟ ਅਧਿਆਪਕਾਂ ਸਬੰਧੀ ਕੀਤੀ ਜਾ ਰਹੀ ਕਿਸੇ ਪ੍ਰਕਾਰ ਦੀ ਕਾਰਵਾਈ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਪੁਕਟਾ ਯੂਨੀਅਨ ਦੇ ਆਗੂ ਡਾ. ਬਲਜਿੰਦਰ ਸਿੰਘ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਯੂਨੀਵਰਸਿਟੀ ਵਾਈਸ ਚਾਂਸਲਰ ਵੱਲੋਂ ਕੀਤੇ ਗਏ ਵਾਅਦੇ ਨੂੰ ਦਸ ਦਿਨਾਂ ਦਾ ਸਮਾਂ ਲੰਘ ਚੁੱਕਿਆ ਹੈ ਅਤੇ ਜੇਕਰ ਜਲਦ ਤੋਂ ਜਲਦ ਕੰਟਰੈਕਟ ਅਧਿਆਪਕਾਂ ਨੂੰ 2018 ਦੇ ਰੈਗੂਲੇਸ਼ਨ ਅਨੁਸਾਰ ਸੱਤਵਾਂ ਪੇ ਕਮਿਸ਼ਨ ਨਾ ਦਿੱਤਾ ਗਿਆ ਤਾਂ ਕੰਟਰੈਕਟ ਅਧਿਆਪਕ ਵੱਲੋਂ ਕੀਤੇ ਜਾਂਦੇ ਸ਼ੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।