ਪੰਜਾਬ ਪੁਲਿਸ ਦਾ ਥਾਣੇਦਾਰ 25000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ
ਪੰਜਾਬ ਨੈੱਟਵਰਕ, ਖਾਸਾ (ਅੰਮ੍ਰਿਤਸਰ):
ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਸਾਹਿਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਸੀ ਕਿ ਉਕਤ ਪੁਲਿਸ ਥਾਣੇ ’ਚ ਉਸਦੇ ਚਚੇਰੇ ਭਰਾ ਵਿਰੁੱਧ ਮੁਕੱਦਮਾ ਦਰਜ ਹੈ ਅਤੇ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੋਣ ਦੇ ਨਾਅਤੇ ਅਦਾਲਤ ’ਚ ਰਿਕਾਰਡ ਪੇਸ਼ ਕਰਨ ਅਤੇ ਜ਼ਮਾਨਤ ਦਿਵਾਉਣ ’ਚ ਮਦਦ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।
ਸ਼ਿਕਾਇਤ ਦੀ ਮੁੱਢਲੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਪਹਿਲੀ ਕਿਸ਼ਤ ਵਸੂਲਦਿਆਂ ਕਾਬੂ ਕਰ ਲਿਆ।
ਇਸ ਸਬੰਧ ’ਚ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।