ਪੰਜਾਬ ‘ਚ ਸ਼ਾਂਤੀ! ਸਰਹੱਦੀ ਜ਼ਿਲ੍ਹਿਆਂ ‘ਚ ਅੱਜ ਤੋਂ ਖੁੱਲ੍ਹਣਗੇ ਸਕੂਲ ਅਤੇ ਕਾਲਜ
Punjab News –
ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਤਿੰਨ ਸਰਹੱਦੀ ਰਾਜਾਂ ਪੰਜਾਬ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਵਿੱਚ ਸਥਿਤੀ ਆਮ ਹੁੰਦੀ ਜਾ ਰਹੀ ਹੈ।
ਜੰਮੂ-ਕਸ਼ਮੀਰ ਵਿੱਚ ਸਕੂਲ ਅਤੇ ਕਾਲਜ ਕੱਲ੍ਹ ਹੀ ਖੁੱਲ੍ਹੇ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਅੱਜ ਤੋਂ ਖੁੱਲ੍ਹਣਗੇ। ਜੰਮੂ-ਕਸ਼ਮੀਰ ਵਿੱਚ, ਪੁਲਿਸ ਅਤੇ ਫੌਜ ਨੇ ਸਾਂਝੇ ਤੌਰ ‘ਤੇ ਆਪ੍ਰੇਸ਼ਨ ਚਲਾਇਆ, ਜਿਸ ਦੇ ਤਹਿਤ ਸ਼ੋਪੀਆਂ ਵਿੱਚ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀ ਮਾਰੇ ਗਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਸੈਨਿਕਾਂ ਦਾ ਮਨੋਬਲ ਵਧਾਇਆ। ਪ੍ਰਧਾਨ ਮੰਤਰੀ ਆਦਮਪੁਰ ਏਅਰਬੇਸ ਪਹੁੰਚੇ ਕਿਉਂਕਿ ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਉਸਨੇ ਆਦਮਪੁਰ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਹੈ, ਪਰ ਪ੍ਰਧਾਨ ਮੰਤਰੀ ਮੋਦੀ ਨੇ ਏਅਰਬੇਸ ਪਹੁੰਚਣ ਤੋਂ ਬਾਅਦ ਪਾਕਿਸਤਾਨ ਦੇ ਦਾਅਵੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ।
ਦੱਸਣਾ ਬਣਦਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਵਿੱਚ ਸਥਿਤੀ ਆਮ ਵਾਂਗ ਹੈ। ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਰਹੱਦ ਹੈ।
ਪੰਜਾਬ ਦੇ ਸਰਹੱਦੀ ਛੇ ਜ਼ਿਲ੍ਹਿਆਂ ਵਿੱਚ- ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਸ਼ਾਮਲ ਹੈ, ਜਿੱਥੇ ਪਿਛਲੇ ਦੋ ਦਿਨਾਂ ਤੋਂ ਲਗਭਗ ਸ਼ਾਂਤੀ ਹੈ। ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਦਿਅਕ ਸੰਸਥਾਵਾਂ ਅੱਜ ਖੁੱਲ੍ਹਣਗੀਆਂ। ਇਸ ਦੇ ਨਾਲ ਹੀ, ਆਮ ਲੋਕ ਵੀ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਰੁਝ ਗਏ ਹਨ।