ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਘੇਰੇ ਕੈਬਨਿਟ ਮੰਤਰੀ, ਕੀਤੇ ਤਿੱਖੇ ਸਵਾਲ
ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀ ਹੋਈਆਂ
ਪੰਜਾਬ ਨੈੱਟਵਰਕ, ਜਲੰਧਰ
ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਅੱਜ ਜਲੰਧਰ ਵਿਖੇ ਪਾਰਟੀ ਦੀ ਮੀਟਿੰਗ ਉਪਰੰਤ ਦਫਤਰੀ ਕਰਮਚਾਰੀਆ ਦੇ ਵਫਦ ਵੱਲੋਂ ਸਰਕਾਰ ਦੇ ਮੰਤਰੀਆ ਤੇ ਸਵਾਲਾਂ ਦੀ ਝੜੀ ਲਗਾ ਦੱਤੀ।
ਵਫਦ ਵੱਲੋਂ ਕੈਬਿਨਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜਿੰਪਾ, ਲਾਲਜੀਤ ਭੁੱਲਰ ਨੂੰ ਸਵਾਲ ਕੀਤੇ ਕਿ ਮੁੱਖ ਮੰਤਰੀ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਵੀ ਕਿੳ ਲਾਗੂ ਨਹੀ ਕੀਤੀਆ ਜਾ ਰਹੀਆ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ ਗਗਨਦੀਪ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ।
ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾਂ ਬਿਨ੍ਹਾ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਅਤੇ ਅੱਜ ਤੱਕ ਤਨਖਾਹ ਕਟੋਤੀ ਨੂੰ ਪੂਰਾ ਨਹੀ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆ ਮੰਗਾਂ ਤੇ ਕੋਈ ਕਾਰਵਾਈ ਨਾ ਹੋਣ ਕਰਕੇ ਰੋਸ ਹੈ।
ਆਗੂਆਂ ਨੇ ਕਿਹਾ ਕਿ ਦਫਤਰੀ ਮੁਲਾਜ਼ਮ ਸਰਕਾਰ ਅਤੇ ਆਪ ਪਾਰਟੀ ਦੀ ਹਰ ਮੀਟਿੰਗ ਵਿਚ ਪਹੁੰਚ ਕੇ ਸਵਾਲ ਕਰਨਗੇ ਅਤੇ ਮੁਲਾਜ਼ਮ ਆਪਣਾ ਰੋਸ ਜਾਹਿਰ ਕਰਨ ਲਈ ਜਲੰਧਰ ਜ਼ਿਮਨੀ ਚੋਣ ਦੋਰਾਨ 3 ਜੁਲਾਈ ਨੂੰ ਬਜ਼ਾਰਾਂ ਵਿਚ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਨਗੇ।