ਭਗਵੰਤ ਮਾਨ ਸਰਕਾਰ ਦਾ ਦਲਿਤ-ਮਜ਼ਦੂਰ ਵਿਰੋਧੀ ਚਿਹਰਾ ਹੋਇਆ ਨੰਗਾ! ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ ਤੇ ਹੋਰਨਾਂ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਦਲਜੀਤ ਕੌਰ, ਚੰਡੀਗੜ੍ਹ/ਜਲੰਧਰ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਬੇਚਿਰਾਗ ਪਿੰਡ ਬੀੜ ਐਸਵਾਨ ਸੰਗਰੂਰ ਵਿਖੇ 927 ਏਕੜ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ 20 ਮਈ ਨੂੰ ਬੇਗਮਪੁਰਾ ਵਸਾਉਣ ਨੂੰ ਰੋਕਣ ਲਈ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਉੱਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਆਗੂ ਹੰਸ ਰਾਜ ਪੱਬਵਾਂ ਸਮੇਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪਿੰਡ ਪੱਧਰੀ 100 ਤੋਂ ਵੱਧ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜਲੰਧਰ ਸੂਬਾ ਦਫ਼ਤਰ ਉੱਪਰ ਛਾਪਾ ਮਾਰਨ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਗੁਰਬਿੰਦਰ ਸਿੰਘ, ਬਿੱਕਰ ਸਿੰਘ ਹਥੋਆ, ਧਰਮਵੀਰ ਹਰੀਗੜ੍ਹ, ਗੁਰਮੁੱਖ ਸਿੰਘ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾ ਜਨਰਲ ਸਕੱਤਰ ਅਮਨਦੀਪ ਦਿਓਲ ਆਦਿ ਦੇ ਘਰੀਂ ਛਾਪੇਮਾਰੀਆਂ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਦੱਸਿਆ ਕਿ ਉਹਨਾਂ ਸਮੇਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਸਮੁੱਚੀ ਆਗੂ ਟੀਮ 20 ਮਈ ਦੀ ਤਿਆਰੀ ਵਿੱਚ ਹੋਣ ਕਰਕੇ ਘਰੋਂ ਤੋਂ ਬਾਹਰ ਹੋਣ ਕਾਰਨ ਪੁਲਿਸ ਗ੍ਰਿਫ਼ਤਾਰੀ ਤੋਂ ਬੱਚ ਗਏ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਜ਼ਮੀਨ ਹੱਦਬੰਦੀ ਕਾਨੂੰਨ ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਦਲਿਤਾਂ, ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਵਿੱਚ ਵੰਡਣ ਲਈ ਰਾਜ਼ੀ ਨਹੀਂ। ਉਨਾਂ ਕਿਹਾ ਕਿ ਬੀੜ ਐਸਵਾਨ ਵਿਖੇ ਬੇਚਿਰਾਗ ਪਿੰਡ ਵਿਖੇ 927 ਏਕੜ ਜ਼ਮੀਨ ਵਿੱਚ ਬੇਗਮਪੁਰਾ ਵਸਾਉਣ ਤੋਂ ਰੋਕਣ ਲਈ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਕੇ ਦਹਿਸਤ ਦਾ ਮਾਹੌਲ ਬਣਾਇਆ ਹੋਇਆ ਹੈ।
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਆਗੂ ਤੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹੰਸ ਰਾਜ ਪੱਬਵਾਂ ਸਮੇਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੈਂਕੜੇ ਪਿੰਡ ਪੱਧਰੀ ਆਗੂਆਂ ਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਦੇ ਘਰੀਂ ਛਾਪੇਮਾਰੀਆਂ ਕਰਨ ਅਤੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਘਟਨਾ ਨੇ ਭਗਵੰਤ ਮਾਨ ਸਰਕਾਰ ਦਲਿਤ, ਮਜ਼ਦੂਰ ਵਿਰੋਧੀ ਚਿਹਰਾ ਬੇਪਰਦ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ “ਜਿੱਥੇ ਜ਼ਬਰ ਹੈ,ਉੱਥੇ ਟਾਕਰਾ ਵੀ ਹੈ” ਦੇ ਸਿਧਾਂਤ ਉੱਪਰ ਪਹਿਰਾ ਦਿੰਦੇ ਬੇਜ਼ਮੀਨੇ ਦਲਿਤ ਮਜ਼ਦੂਰ ਅਤੇ ਕਿਸਾਨ ਸੂਬਾ ਸਰਕਾਰ ਦੇ ਹਰ ਤਰ੍ਹਾਂ ਦੇ ਜ਼ਬਰ ਦਾ ਟਾਕਰਾ ਕਰਦੇ ਹੋਏ 20 ਮਈ ਨੂੰ ਸੰਗਰੂਰ ਦੇ ਬੀੜ ਐਸਵਾਨ ਬੇਗਮਪੁਰਾ ਵਸਾਉਣ ਲਈ ਹਰ ਹਾਲ ਪੁੱਜਣਗੇ। ਯੂਨੀਅਨ ਨੇ ਸਰਕਾਰ ਵਲੋਂ ਚਲਾਏ ਦਮਨ ਚੱਕਰ ਦਾ ਵਿਰੋਧ ਕਰਨ ਦਾ ਸੱਦਾ ਹੈ।