ਮੌਸਮ ਵਿਭਾਗ ਵੱਲੋਂ ਮੀਂਹ ਪੈਣ ਬਾਰੇ ਅਲਰਟ ਜਾਰੀ! ਪੜ੍ਹੋ ਸਿਹਤ ਵਿਭਾਗ ਦੇ ਵੀ ਚੇਤਾਵਨੀ
ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਘਰੋਂ ਬਾਹਰ ਨਿਕਲਣ ਵੇਲੇ ਸੂਤੀ ਹਲਕੇ ਕੱਪੜੇ ਪਾਓ-ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਇਸਤੇਮਾਲ ਕਰੋ- ਸਿਹਤ ਵਿਭਾਗ
ਰੋਹਿਤ ਗੁਪਤਾ, ਚੰਡੀਗੜ੍ਹ
ਮੌਸਮ ਵਿਭਾਗ ਪੰਜਾਬ ਦੇ ਵੱਲੋਂ ਸੂਬੇ ਭਰ ਦੇ ਅੰਦਰ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 27 ਮਈ ਤੋਂ 30 ਮਈ ਤੱਕ ਸੂਬੇ ਵਿੱਚ ਬਾਰਿਸ਼ ਪੈ ਸਕਦੀ ਹੈ। ਮੌਸਮ ਵਿਭਾਗ ਨੇ ਇਸ ਦੌਰਾਨ ਅਸਮਾਨੀ ਬਿਜਲੀ ਡਿੱਗਣ ਦੇ ਨਾਲ ਨਾਲ ਤੇਜ ਤੂਫਾਨ ਦੀ ਵੀ ਚੇਤਾਵਨੀ ਦਿੱਤੀ ਹੈ।
ਦੂਜੇ ਪਾਸੇ ਪੈ ਰਹੀ ਗਰਮੀ ਦੇ ਚਲਦਿਆਂ ਸਿਹਤ ਵਿਭਾਗ ਵੱਲੋਂ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਲੂਅ ਤੋਂ ਬਚਣ ਲਈ ਸਲਾਹ ਦਿੰਦਿਆਂ ਦੱਸਿਆ ਕਿ ਲੂਅ ਦੇ ਪ੍ਰਕੋਪ ਤੋਂ ਬਚਣ ਲਈ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਸੂਤੀ ਹਲਕੇ ਅਤੇ ਆਰਾਮਦਾਇਕ ਕੱਪੜੇ ਪਾਓ ਅਤੇ ਸਿਰ ਨੂੰ ਢੱਕ ਕੇ ਰੱਖੋ, ਤਰਲ ਪਦਾਰਥਾਂ ਜਿਵੇਂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕਰੋ।
ਉਨਾਂ ਨੇ ਅੱਗੇ ਦੱਸਿਆ ਕਿ ਜੇਕਰ ਅੱਖਾਂ ਦੇ ਸਾਹਮਣੇ ਹਨੇਰਾ, ਚੱਕਰ ਖਾ ਕੇ ਡਿੱਗ ਪੈਣਾ, ਬੇਚੈਨੀ ਅਤੇ ਘਬਰਾਹਟ, ਹਲਕਾ ਜਾਂ ਤੇਜ਼ ਬੁਖਾਰ, ਲੋੜ ਤੋਂ ਜ਼ਿਆਦਾ ਪਿਆਸ ਲੱਗਣਾ, ਸਿਰ ਵਿਚ ਤੇਜ਼ ਦਰਦ ਅਤੇ ਉਲਟੀਆਂ ਆਉਣਾ, ਕਮਜ਼ੋਰੀ ਮਹਿਸੂਸ ਹੋਣਾ, ਗਰਮੀ ਦੇ ਬਾਵਜੂਦ ਪਸੀਨਾ ਘੱਟ ਆਉਣਾ, ਮਾਸ਼ ਪੇਸ਼ੀਆਂ ਵਿੱਚ ਦਰਦ ਆਦਿ ਲੂਅ ਲੱਗਣ ਦੇ ਲੱਛਣ ਹਨ, ਜੇਕਰ ਅਜਿਹੇ ਲੱਛਣ ਨਜਰ ਆਉਣ ਤਾਂ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਵਿਅਕਤੀ ਦੇ ਕੱਪੜੇ ਢਿੱਲੇ ਕਰੋ, ਪੀਣ ਲਈ ਕੁਝ ਤਰਲ ਪਦਾਰਥ ਦਿਓ, ਠੰਢੇ ਪਾਣੀ ਦੀਆਂ ਪੱਟੀਆਂ ਕਰੋ, ਠੰਡੇ ਪਾਣੀ ਨਾਲ ਭਰੇ ਬਾਥਟੱਬ ਵਿੱਚ ਮਰੀਜ਼ ਨੂੰ ਲਿਟਾਓ। ਓ.ਆਰ.ਐਸ. ਦਾ ਘੋਲ ਬਣਾ ਕੇ ਪਿਲਾਓ।
ਉਨਾਂ ਦੱਸਿਆ ਕਿ ਜੇਕਰ ਬੁਖਾਰ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ, ਸਰੀਰ ਦੇ ਗਰਮ ਹੋਣ ਉੱਤੇ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਚਮੜੀ ਰੁੱਖੀ ਰੁੱਖੀ ਹੋ ਜਾਵੇ, ਮਰੀਜ਼ ਬੇਹੋਸ਼ ਹੋ ਜਾਵੇ, ਜ਼ਿਆਦਾ ਘਬਰਾਹਟ ਹੋਵੇ ਤਾਂ ਤੁਰੰਤ ਸਿਹਤ ਸੰਸਥਾ ਵਿਖੇ ਮਾਹਿਰ ਡਾਕਟਰ ਨੂੰ ਦਿਖਾਓ। ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾਲੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦੇ ਸਭ ਤੋਂ ਜ਼ਿਆਦਾ ਖਤਰਾ ਹੁੰਦਾ ਹੈ। ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।
ਉਨਾਂ ਨੇ ਦੱਸਿਆ ਕਿ ਗਰਮੀ ਵਿੱਚ ਬਾਹਰ ਜਾਣ ਸਮੇਂ ਖਾਲੀ ਪੇਟ ਘਰੋਂ ਬਾਹਰ ਨਾ ਨਿਕਲੋ, ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਤੋਂ ਪ੍ਰਹੇਜ਼ ਕਰੋ, ਕੂੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚੋਂ ਇੱਕ ਦਮ ਧੁੱਪ ਵਿੱਚ ਨਾ ਨਿਕਲੋ। ਉਨਾਂ ਅਪੀਲ ਕੀਤੀ ਕਿ ਲੂਅ ਤੋਂ ਬਚਣ ਲਈ ਸਾਵਧਾਨੀਆਂ ਅਮਲ ਵਿੱਚ ਲਿਆਓ ਅਤੇ ਜ਼ਿਆਦਾ ਸਮਾਂ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ।