ਚੰਡੀਗੜ੍ਹ: ਅਧਿਆਪਕਾ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ ਵਾਈਸ ਪ੍ਰਿੰਸੀਪਲ ਸਸਪੈਂਡ
ਚੰਡੀਗੜ੍ਹ
ਸਿੱਖਿਆ ਵਿਭਾਗ ਨੇ ਮੰਗਲਵਾਰ ਨੂੰ ਸ਼ਹਿਰ ਦੇ ਇੱਕ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਅਧਿਆਪਕਾ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਸਕੂਲ ਦੇ ਵਾਈਸ ਪ੍ਰਿੰਸੀਪਲ ਨੂੰ ਸਸਪੈਂਡ ਕਰ ਦਿੱਤਾ।
ਅਧਿਆਪਕਾ ਨੇ ਸਕੂਲ ਦੇ ਵਾਈਸ ਪ੍ਰਿੰਸੀਪਲ ‘ਤੇ ਉਸ ਨੂੰ ਅਣਉਚਿਤ ਤਰੀਕੇ ਨਾਲ ਛੂਹਣ ਦੀ ਕੋਸ਼ਿਸ਼ ਕਰਨ, ਉਸ ਨੂੰ ਅਸੁਰੱਖਿਅਤ ਮਹਿਸੂਸ ਕਰਨ ਅਤੇ ਫੋਨ ‘ਤੇ ਇਤਰਾਜ਼ਯੋਗ ਸੰਦੇਸ਼ ਭੇਜਣ ਦਾ ਦੋਸ਼ ਲਗਾਇਆ ਹੈ।
ਅਧਿਆਪਕਾ ਨੇ ਸਿੱਖਿਆ ਵਿਭਾਗ ਨੂੰ ਦਿੱਤੀ ਆਪਣੀ ਲਿਖਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਤੇ ਸਖ਼ਤ ਕਾਰਵਾਈ ਕਰਦਿਆਂ ਸਿੱਖਿਆ ਵਿਭਾਗ ਨੇ ਵਾਈਸ ਪ੍ਰਿੰਸੀਪਲ ਨੂੰ ਮੁਅੱਤਲ ਕਰਕੇ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਹੈ।
ਡੀਈਓ ਦੀ ਅਗਵਾਈ ਵਾਲੀ ਚਾਰ ਮੈਂਬਰੀ ਕਮੇਟੀ ਵਿੱਚ ਡਿਪਟੀ ਡੀਈਓ, ਸੈਕਟਰ-16 ਅਤੇ 18 ਦੇ ਸਕੂਲ ਪ੍ਰਿੰਸੀਪਲ ਸ਼ਾਮਲ ਹਨ। ਸਕੂਲ ਸਿੱਖਿਆ ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਕਮੇਟੀ ਅਗਲੇ ਦੋ ਹਫ਼ਤਿਆਂ ਵਿੱਚ ਵਿਭਾਗ ਨੂੰ ਰਿਪੋਰਟ ਸੌਂਪ ਦੇਵੇਗੀ।