All Latest NewsNews FlashPunjab News

ਵੱਡੀ ਖ਼ਬਰ: ਪੰਜਾਬ ਪੁਲਿਸ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ ਗ੍ਰਿਫ਼ਤਾਰ

 

ਸਾਂਝੇ ਮਜ਼ਦੂਰ ਮੋਰਚੇ ਵੱਲੋਂ ਸਖ਼ਤ ਨਿੰਦਾ, ਜ਼ਬਰ ਖਿਲਾਫ਼ 2 ਜੂਨ ਨੂੰ ਜ਼ਿਲ੍ਹਾ ਕੇਂਦਰਾਂ ‘ਤੇ ਹੋਣਗੇ ਮੁਜ਼ਾਹਰੇ, ਤਿਆਰੀਆਂ ਮੁਕੰਮਲ

ਸਾਂਝੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਸਰਕਾਰ ਦੇ ਇਸ਼ਾਰੇ ‘ਤੇ ਪੁਲਸ ਨੇ ਕੀਤਾ ਗ੍ਰਿਫਤਾਰ: ਸਾਂਝਾ ਮਜ਼ਦੂਰ ਮੋਰਚਾ

ਦਲਜੀਤ ਕੌਰ, ਜਲੰਧਰ/ਚੰਡੀਗੜ੍ਹ

ਸਾਂਝਾ ਮਜ਼ਦੂਰ ਮੋਰਚਾ ਪੰਜਾਬ ਨੇ ਮੋਰਚੇ ਵਲੋਂ ਹੱਕਾਂ ਲਈ ਉੱਠਣ ਵਾਲੀ ਆਵਾਜ਼ ਤੋਂ ਮੁਕਤ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਜ਼ਬਰ ਅਤੇ ਬੀੜ ਐਸਵਾਨ ਮਾਮਲੇ ਸਮੇਤ ਗ੍ਰਿਫ਼ਤਾਰ ਕੀਤੇ ਆਗੂਆਂ, ਮਜ਼ਦੂਰਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਨ ਆਦਿ ਲਈ 2 ਜੂਨ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਕੇਂਦਰਾਂ ਉੱਤੇ ਕੀਤੇ ਜਾਣ ਵਾਲੇ ਮੁਜ਼ਾਹਰਿਆਂ ਨੂੰ ਤਾਰਪੀਡੋ ਕਰਨ ਲਈ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ਉੱਤੇ ਸਾਂਝਾ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਰਸੇਮ ਪੀਟਰ ਨੂੰ ਜਲੰਧਰ ਦਿਹਾਤੀ ਦੀ ਮਹਿਤਪੁਰ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮਜ਼ਦੂਰ ਮੋਰਚਾ ਪੰਜਾਬ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁੱਗਸ਼ੋਰ, ਦਿਹਾਤੀ ਮਜ਼ਦੂਰ ਸਭਾ ਦੇ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੀ ਦੇਵੀ ਕੁਮਾਰੀ ਸਰਹਾਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਕੁਲਵੰਤ ਸਿੰਘ ਸੇਲਬਰਾਹ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਗੁਰਪ੍ਰੀਤ ਸਿੰਘ ਰੂੜੇਕੇ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ ਨੇ ਜਾਰੀ ਬਿਆਨ ਰਾਹੀਂ ਕਿਹਾ ਕਿ 2 ਜੂਨ ਦੇ ਜ਼ਿਲ੍ਹਾ ਕੇਂਦਰਾਂ ਉੱਤੇ ਕੀਤੇ ਜਾ ਰਹੇ ਮੁਜ਼ਾਹਰਿਆਂ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ ਨੂੰ, ਬੇ-ਮਾਲਕ ਬੇਨਾਮੀ ਅਤੇ ਜ਼ਮੀਨ ਹੱਦਬੰਦੀ ਕਾਨੂੰਨ ਤੋਂ ਵਾਧੂ ਜ਼ਮੀਨ ਦੀ ਵੰਡ ਕਰਨ ਦੇ ਉੱਭਰੇ ਸਵਾਲ ਤੋਂ ਬੁਖਲਾਹਟ ਵਿੱਚ ਹਨ। ਉਨ੍ਹਾਂ ਕਿਹਾ ਕਿ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵਿਹੜੇ ਵਾਲਾ ਗੀਤ ਗਾਉਣ ਵਾਲਾ ਮੁੱਖ ਮੰਤਰੀ ਆਪਣੀ ਪੁਲਿਸ ਫੋਰਸ ਦੀ ਦਹਿਸ਼ਤ ਕੰਮੀਆਂ ਦੇ ਵਿਹੜਿਆਂ ਵਿੱਚ ਵਰਤਾਅ ਰਿਹਾ ਹੈ।

ਉਨ੍ਹਾਂ ਕਿਹਾ ਕਿ 20 ਮਈ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਹਜ਼ਾਰਾਂ ਬੇਜ਼ਮੀਨੇ ਔਰਤਾਂ ਮਰਦਾਂ ਨੇ ਬੱਚਿਆਂ ਤੇ ਬਜ਼ੁਰਗ ਮਜ਼ਦੂਰਾਂ ਨੇ ਜੀਂਦ ਦੇ ਰਾਜੇ ਦੀ ਜ਼ਮੀਨ ‘ਤੇ ਹੱਕ ਜਤਾਈ ਲਈ ਸੰਘਰਸ਼ ਕੀਤਾ ਪਰ ਪੰਜਾਬ ਸਰਕਾਰ ਨੇ ਇਸ ਮਸਲੇ ਦਾ ਹੱਲ ਕਰਨ ਦੀ ਬਜਾਏ ਸੈਂਕੜੇ ਦਲਿਤ ਔਰਤਾਂ ਮਰਦ ਬਜ਼ੁਰਗ ਬੱਚਿਆਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਬੰਦ ਕਰ ਦਿੱਤਾ। ਜਿਸ ਦੇ ਵਿਰੋਧ ਵਿੱਚ ਪੰਜਾਬ ਦੀਆਂ ਸਮੂਹ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸੂਬਾ ਸਰਕਾਰ ਵਲੋਂ ਕੀਤਾ ਜਾ ਰਿਹਾ ਜ਼ਬਰ ਦੇ ਖਿਲਾਫ਼ 2 ਜੂਨ ਨੂੰ ਪੂਰੇ ਪੰਜਾਬ ਵਿੱਚ ਮੁਜ਼ਾਹਰੇ ਕੀਤੇ ਜਾਣਗੇ।

ਪੰਜਾਬ ਦੀ ਭਗਵੰਤ ਮਾਨ ਹਕੂਮਤ ਇਹਨਾਂ ਮੰਗਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਬਜਾਏ ਹੱਕੀ ਸੰਘਰਸ਼ ਨੂੰ ਦਬਾਉਣ ਲਈ ਪੁਲਿਸ ਡੰਡੇ ਦੇ ਬਲ ਦਾ ਪ੍ਰਯੋਗ ਕਰ ਰਹੀ ਹੈ, ਜਿਸ ਤਹਿਤ ਅੱਜ ਸਵੇਰੇ 5 ਵਜੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਤਰਸੇਮ ਪੀਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਵਲੋਂ 2 ਜੂਨ ਦੇ ਜ਼ਿਲ੍ਹਾ ਕੇਂਦਰਾਂ ਉੱਤੇ ਕੀਤੇ ਜਾ ਰਹੇ ਮੁਜ਼ਾਹਰਿਆਂ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਹੈ।

Leave a Reply

Your email address will not be published. Required fields are marked *