ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਪੜ੍ਹੋ ਕਿਹੜੇ ਫੈਸਲਿਆਂ ‘ਤੇ ਲੱਗੇਗੀ ਮੋਹਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 2 ਜੂਨ ਨੂੰ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ।
ਸਰਕਾਰ ਘੱਲੂਘਾਰੇ ਦੇ ਸਬੰਧ ਵਿੱਚ ਕੋਈ ਅਹਿਮ ਫ਼ੈਸਲਾ ਕਰ ਸਕਦੀ ਹੈ। ਇਸ ਦੇ ਨਾਲ ਹੀ ਨਸ਼ੇ ਖਿਲਾਫ਼ ਕਾਰਵਾਈ ਨੂੰ ਹੋਰ ਤਿੱਖਾ ਕਰ ਸਕਦੀ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸਰਕਾਰ ਨਵੀਆਂ ਭਰਤੀਆਂ ਬਾਰੇ ਵੀ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ।
ਦੱਸ ਦਈਏ ਕਿ ਪਿਛਲੀ ਮੀਟਿੰਗ ਵਿੱਚ ਪੰਜਾਬ ਪੁਲਿਸ ਵਿੱਚ ਖ਼ਾਸ ਤੌਰ ਉੱਤੇ ਖੇਡ ਕੋਟੇ ਤੋਂ ਤਰੱਕੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਦੀਆਂ ਤਰੱਕੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਕੈਬਨਿਟ ਨੇ 207 ਵਿਸ਼ੇਸ਼ ਤਰੱਕੀ ਪ੍ਰਾਪਤ ਕਾਡਰ ਵਿੱਚ ਸੇਵਾ ਨਿਭਾ ਰਹੇ ਅਫ਼ਸਰਾਂ/ਮੁਲਾਜ਼ਮਾਂ ਲਈ ਸੇਵਾ ਨਿਯਮ ਬਣਾਉਣ ਦੀ ਸਹਿਮਤੀ ਦੇ ਦਿੱਤੀ ਸੀ।
ਸਰਕਾਰ ਨੇ ਕਿਹਾ ਸੀ ਕਿ ਇਸ ਫੈਸਲੇ ਨਾਲ ਇਨ੍ਹਾਂ ਪੁਲਿਸ ਅਫ਼ਸਰਾਂ/ਮੁਲਾਜ਼ਮਾਂ ਦੀਆਂ ਭਵਿੱਖੀ ਤਰੱਕੀਆਂ ਨੇਮਬੱਧ ਹੋਣਗੀਆਂ ਅਤੇ ਇਨ੍ਹਾਂ ਦੇ ਹੋਰ ਸੇਵਾ ਮਾਮਲੇ ਸੁਚਾਰੂ ਹੋਣਗੇ।
ਕੈਬਨਿਟ ਨੇ ਵੇਲਾ ਵਿਹਾ ਚੁੱਕੇ ਕਾਨੂੰਨਾਂ ਨੂੰ ਰੱਦ ਕਰਨ/ਨਿਯਮੀਕਰਨ ਤੇ ਡੀਕ੍ਰਿਮੀਨਲਾਈਜੇਸ਼ਨ ਦੀ ਸਮੀਖਿਆ ਲਈ ਸਕੱਤਰਾਂ ਦੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ਉਤੇ ਪੰਜਾਬ ਨਮਿੱਤਣ ਐਕਟ (ਮਨਸੂਖ) ਬਿੱਲ, 2025 ਨੂੰ ਮਨਜ਼ੂਰੀ ਦੇ ਦਿੱਤੀ ਸੀ।
ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਵਿੱਤ ਵਿਭਾਗ ਨੇ ਇਸ ਤਜਵੀਜ਼ ਉਤੇ ਵਿਚਾਰ ਕੀਤਾ ਅਤੇ ਆਪਣੇ ਨਮਿੱਤਣ ਐਕਟਾਂ ਦੀ ਰੱਦ ਹੋਣ ਵਜੋਂ ਨਿਸ਼ਾਨਦੇਹੀ ਕੀਤੀ। ਇਹ ਐਕਟ ਵਿਭਾਗ ਨੂੰ ਸੂਬੇ ਦੇ ਕਨਸੌਲੀਡੇਟਿਡ ਫੰਡ ਵਿੱਚੋਂ ਖ਼ਰਚ ਕਰਨ ਦਾ ਅਧਿਕਾਰ ਦਿੰਦੇ ਹਨ।
ਜਿਨ੍ਹਾਂ ਨਮਿੱਤਣ ਐਕਟਾਂ ਦੀ ਮਿਆਦ ਖ਼ਤਮ ਹੋ ਗਈ ਹੈ, ਉਨ੍ਹਾਂ ਨੂੰ ਰੱਦ ਕਰਨ ਨਾਲ ਉਨ੍ਹਾਂ ਕਾਰਵਾਈਆਂ ਉੱਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ, ਜੋ ਇਨ੍ਹਾਂ ਐਕਟਾਂ ਅਨੁਸਾਰ ਜਾਇਜ਼ ਤੌਰ ਉਤੇ ਕੀਤੀਆਂ ਗਈਆਂ ਸਨ ਜਾਂ ਕੀਤੀਆਂ ਜਾਣੀਆਂ ਸਨ।