ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋੰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ
ਠੇਕਾ ਮੁਲਾਜ਼ਮਾਂ ਵੱਲੋੰ 5 ਜੁਲਾਈ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ ਰੋਸ਼ ਪ੍ਰਦਰਸ਼ਨ:-ਮੋਰਚਾ ਆਗੂ
ਪੰਜਾਬ ਨੈੱਟਵਰਕ, ਪਟਿਆਲਾ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੀ ਸੂਬਾ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿੱਚ ਹੋਈ। ਜਿਸ ਵਿੱਚ ਪਿਛਲੇ ਸੰਘਰਸ਼ਾਂ ਦਾ ਰੀਵਿਊ ਕਰਨ ਉਪਰੰਤ ਕੀਤਾ ਅਗਲੇ ਦਾ ਅਗਲੇ ਸੰਘਰਸ਼ ਦਾ ਐਲਾਨ,ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਜਸਵੀਰ ਸਿੰਘ ਜੱਸੀ,ਜਸਪ੍ਰੀਤ ਸਿੰਘ ਗਗਨ,ਜਗਸੀਰ ਸਿੰਘ ਭੰਗੂ,ਖੁਸ਼ਦੀਪ ਸਿੰਘ ਬਠਿੰਡਾ,ਹਾਕਮ ਸਿੰਘ ਧਨੇਠਾ,ਟੇਕ ਚੰਦ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜ਼ਕਾਲ ਵਿੱਚ ਅਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ।
ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਸੰਘਰਸ਼ਾਂ ਉਪਰੰਤ ਵੱਖ-ਵੱਖ ਜਿਲਿਆਂ ਦੇ ਪ੍ਰਸ਼ਾਸਨ ਵੱਲੋੰ 21 ਵਾਰ ਮੁੱਖ ਮੰਤਰੀ ਪੰਜਾਬ ਨਾਲ਼ ਪੈਨਲ ਮੀਟਿੰਗ ਕਰਵਾਉਣ ਦੇ ਲਿਖਤੀ ਭਰੋਸੇ ਦੇਣ ਦੇ ਬਾਵਜੂਦ ਵੀ ‘ਮੁੱਖ ਮੰਤਰੀ ਪੰਜਾਬ’ ਵੱਲੋੰ “ਮੋਰਚੇ” ਦੀ ਲੀਡਰਸਿੱਪ ਨਾਲ਼ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਤਿੱਖਾ ਹੱਲਾ ਵਿੱਢਿਆ ਹੋਇਆ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ।
ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ, ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ “05 ਜੁਲਾਈ 2024” ਨੂੰ ਜਲੰਧਰ ਵਿਖੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ,ਮੀਟਿੰਗ ਵਿੱਚ ਪਾਸ ਕੀਤੇ ਇੱਕ ਹੋਰ ਮਤੇ ਮੁਤਾਬਿਕ ਮਨੁੱਖੀ ਹੱਕਾਂ ਲਈ ਸੰਘਰਸ਼ ਕਰ ਰਹੀ ਕਾਰਕੁੰਨ ‘ਅੰਧੁਰਿਤੀ ਰਾਏ’ ਦੇ ਹੱਕ ਵਿੱਚ ਸਮੁੱਚੇ ਪੰਜਾਬ ਵਿੱਚ ਹੋਣ ਵਾਲੇ ਰੋਸ਼ ਪ੍ਰਦਰਸ਼ਨਾਂ ਵਿੱਚ ਠੇਕਾ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਮੋਰਚੇ ਦੇ ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਮੁਤਾਬਿਕ ਅੱਜ ਮਹਿੰਗਾਈ ਅਨੁਸਾਰ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ।