All Latest NewsNews FlashPunjab News

ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ! ਭਗਵੰਤ ਮਾਨ ਸਰਕਾਰ ਖਿਲਾਫ਼ 12 ਜੂਨ ਨੂੰ ਲੁਧਿਆਣੇ ਗਰਜਣਗੇ ਮੁਲਾਜ਼ਮ

 

Punjab News: ਪੈਨਸ਼ਨ ਬਹਾਲੀ ਕਮੇਟੀ ਦੇ 12 ਜੂਨ ਦੇ ਲੁਧਿਆਣਾ ਰੋਸ ਮਾਰਚ ਵਿੱਚ ਭਰਵੀ ਸ਼ਮੂਲੀਅਤ ਕਰਾਂਗੇ: ਡੈਮੋਕ੍ਰੈਟਿਕ ਟੀਚਰਜ਼ ਫਰੰਟ

Punjab News: ਪੰਜਾਬ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਨੂੰ ਪੂਰਾ ਨਾ ਕਰਨ ਅਤੇ ਇਸ ਸਬੰਧੀ ਟਾਲ ਮਟੋਲ ਦੀ ਨੀਤੀ ਕਾਰਨ ਪੰਜਾਬ ਸਰਕਾਰ ਖਿਲਾਫ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਜਿਸ ਕਰਕੇ ਪੁਰਾਣੀ ਪੈਨਸ਼ਨ ਬਹਾਲੀ ਲਈ ਵੱਖ ਵੱਖ ਪਲੇਟਫਾਰਮਾਂ ਤੋਂ ਸੰਘਰਸ਼ ਲਗਾਤਾਰ ਜਾਰੀ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਤਲਵਿੰਦਰ ਸਿੰਘ ਜ਼ਿਲ੍ਹਾ ਕਨਵੀਨਰ ਪਟਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨ ਬਹਾਲੀ ਦੇ ਅਹਿਮ ਮਸਲੇ ਨੂੰ ਜਾਣ -ਬੁੱਝ ਕੇ ਠੰਡੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਉਨ੍ਹਾਂ ਨਾਲ ਜੁੜੇ ਪ੍ਰੀਵਾਰਾਂ ਦੇ ਭਵਿੱਖ ਤੇ ਸੁਆਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ।

ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ ਸੰਯੁਕਤ ਸਕੱਤਰ ਦਲਜੀਤ ਸਮਰਾਲਾ ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਜੂਨ ਨੂੰ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵੱਲੋਂ ਲੁਧਿਆਣਾ ਸ਼ਹਿਰ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਜੱਥੇਬੰਦੀ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੇਵਲ ਇੱਕ ਦਿਨ ਲਈ ਵਿਧਾਇਕ ਜਾਂ ਮੰਤਰੀ ਬਣੇ ਵਿਅਕਤੀ ਨੂੰ ਪੈਨਸ਼ਨ ਦਾ ਹੱਕ ਮਿਲਿਆ ਹੋਇਆ ਹੈ, ਪ੍ਰੰਤੂ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਅਧਿਆਪਕਾਂ ਵੱਲੋਂ ਆਪਣੀ ਜ਼ਿੰਦਗੀ ਦਾ ਸੁਨਹਿਰੀ ਸਮਾਂ ਸਿੱਖਿਆ ਵਿਭਾਗ ਵਿੱਚ ਲਾਉਣ ਤੋਂ ਬਾਅਦ ਵੀ ਬਿਨਾਂ ਪੈਨਸ਼ਨ ਤੋਂ ਖਾਲੀ ਹੱਥ ਰਿਟਾਇਰ ਹੋਣਾਂ ਪੈ ਰਿਹਾ ਹੈ।

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਜਾਰੀ ਕੀਤੇ ਅਧੂਰੇ ਨੋਟੀਫਿਕੇਸ਼ਨ ਨੂੰ ਰੱਦ ਕਰਕੇ 2004 ਤੋਂ ਪਹਿਲਾਂ ਵਾਲੀ ਪੈਨਸ਼ਨ ਬਹਾਲ ਕਰਨ ਦਾ ਸੋਧਿਆ ਨੋਟੀਫਿਕੇਸ਼ਨ ਫੌਰੀ ਲਾਗੂ ਕਰਨ ਦੀ ਮੰਗ ਕੀਤੀ।

ਅਧਿਆਪਕ ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੈਨਸ਼ਨ ਬਹਾਲੀ ਦਾ ਮੁੱਦਾ ਹੱਲ ਕਰਾਉਣ ਲਈ ਲਗਾਤਾਰ ਅਤੇ ਦ੍ਰਿੜ੍ਹਤਾ ਨਾਲ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 12 ਜੂਨ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਪੋਲ ਲੁਧਿਆਣੇ ਦੇ ਲੋਕਾਂ ਕੋਲ ਖੋਲੀ ਜਾਵੇਗੀ।

 

Leave a Reply

Your email address will not be published. Required fields are marked *