ਗਰਮੀ ਤੋਂ ਬਚਣਾ ਹੈ ਤਾਂ ਅਪਣਾਓ ਇਹ ਨੁਸਖੇ! ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ

All Latest NewsHealth NewsNews FlashPunjab News

 

ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਬਿਨਾਂ ਜ਼ਰੂਰੀ ਕੰਮ ਧੁੱਪ ਵਿਚ ਨਾ ਨਿਕਲਿਆ ਜਾਵੇ, ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਜ਼ਰੂਰੀ

Punjab News- ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ  ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ ਤਾਂ ਕਿ ਪ੍ਰਭਾਵਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਅੱਜ ਕਲ੍ਹ ਲੂ ਚੱਲ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਲੂ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਸਾਰਿਆਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਨ੍ਹਾਂ ’ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐਸ. ਦਾ ਘੋਲ ਆਦਿ ਸ਼ਾਮਲ ਹਨ।

ਉਨ੍ਹਾਂ ਲੋਕਾਂ ਨੂੰ ਸਲਾਹ ਦਿਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।

ਡਾ. ਜੈਨ ਨੇ ਅੱਗੇ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥ ਉਤੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ।

ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਜੇ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

ਗਰਮੀ ਤੋਂ ਬਚਾਅ ਲਈ ਇਹ ਕਰੋ

ਆਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ। ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ।

ਇਹ ਨਾ ਕਰੋ

ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

 

Media PBN Staff

Media PBN Staff

Leave a Reply

Your email address will not be published. Required fields are marked *