Punjab Covid Alert: ਪੰਜਾਬ ਸਰਕਾਰ ਵੱਲੋਂ ਕੋਵਿਡ ਸੰਬੰਧੀ ਐਡਵਾਈਜ਼ਰੀ ਜਾਰੀ, ਮਾਸਕ ਪਾਉਣ ਦੀ ਸਲਾਹ
Punjab Covid Alert:
ਪੰਜਾਬ ਸਰਕਾਰ ਦੇ ਕੋਵਿਡ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ-19 ਮਾਮਲਿਆਂ ਵਿੱਚ ਹਲਕਾ ਵਾਧਾ ਨੋਟ ਕੀਤਾ ਗਿਆ ਹੈ।
ਇਸ ਪ੍ਰਸੰਗ ਵਿੱਚ ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਇਹ ਸਿਰਫ ਲੋਕਾਂ ਦੀ ਸੁਰੱਖਿਆ ਲਈ ਇੱਕ ਸਾਵਧਾਨੀ ਸਲਾਹ ਹੈ।
ਪੰਜਾਬ ਰਾਜ ਵਿੱਚ ਸਥਿਤੀ ਨਿਯੰਤਰਣ ਹੇਠ ਹੈ ਅਤੇ ਸਿਹਤ ਵਿਭਾਗ ਪੂਰੀ ਤਿਆਰੀ ਵਿੱਚ ਹੈ, ਫਿਰ ਵੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸੰਕਰਮਣ ਦੇ ਫੈਲਾਅ ਨੂੰ ਰੋਕਣ ਲਈ ਮੁਢਲੀ ਸੁਰੱਖਿਆ ਸਾਵਧਾਨੀਆਂ ਅਪਣਾਉਣ।
ਉਨ੍ਹਾਂ ਦੱਸਿਆ ਕਿ ਵੱਡੇ ਉਮਰ ਦੇ ਵਿਅਕਤੀ, ਗਰਭਵਤੀ ਮਹਿਲਾਵਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰਥਾ ਵਾਲੇ ਲੋਕ ਭੀੜ ਭਾੜ ਵਾਲੀਆਂ ਜਾਂ ਬੰਦ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਮਾਸਕ ਪਹਿਨ ਕੇ ਰੱਖਣ।
ਹੈਲਥਕੇਅਰ ਸਟਾਫ ਨੂੰ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮਾਸਕ ਪਹਿਨਣ ਅਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਣ। ਖੰਘਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਅਤੇ ਨੱਕ ਨੂੰ ਰੁਮਾਲ, ਟਿਸ਼ੂ ਜਾਂ ਕੋਹਣੀ ਦੇ ਮੋੜ ਨਾਲ ਢੱਕੋ।
ਸਮੇਂ ਸਮੇਂ ਤੇ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਧੋਦੇਂ ਰਹਿਣਾ ਚਾਹੀਦਾ ਹੈ। ਕੋਵਿਡ ਦੇ ਲੱਛਣ ਜਿਵੇਂ ਕਿ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਤਕਲੀਫ, ਥਕਾਵਟ, ਸਰੀਰਕ ਦਰਦ, ਦਸਤ, ਨੱਕ ਵਗਣਾ ਅਤੇ ਗਲ੍ਹੇ ਵਿੱਚ ਖਾਰਸ਼ ਆਦਿ ਨਜ਼ਰ ਆਉਣ ਤਾਂ ਤੁਰੰਤ ਨੇੜੇ ਦੀ ਸਰਕਾਰੀ ਸੰਸਥਾ ਵਿੱਚ ਜਾ ਕੇ ਡਾਕਟਰ ਦੀ ਸਲਾਹ ਅਨੁਸਾਰ ਕੋਵਿਡ ਟੈਸਟ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬਿਨਾ ਹੱਥ ਧੋਤੇ ਆਪਣੇ ਚਿਹਰੇ, ਮੂੰਹ ਜਾਂ ਅੱਖਾਂ ਨੂੰ ਨਾ ਛੂਹੋ। ਸਰਵਜਨਕ ਥਾਵਾਂ ‘ਤੇ ਥੂਕਣ ਤੋਂ ਬਚੋ। ਸਵੈ-ਉਪਚਾਰ ਨਾ ਕਰੋ, ਖਾਸ ਕਰਕੇ ਸਾਹ ਸਬੰਧੀ ਲੱਛਣਾਂ ਲਈ, ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰੀ ਸਲਾਹ ਲਵੋ।