ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਦਾ ਐਲਾਨ, 3 ਦਿਨ ਤੱਕ ਠੱਪ ਰਹੇਗੀ ਆਵਾਜ਼ਾਈ
Punjab Bus Strike :
ਪੰਜਾਬ ‘ਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਹੈ। ਸੂਬੇ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ 3 ਦਿਨਾਂ ਲਈ ਠੱਪ ਰਹੇਗੀ।
ਪੀਆਰਟੀਸੀ ਅਤੇ ਪਨਬੱਸ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 9, 10 ਅਤੇ 11 ਜੁਲਾਈ ਨੂੰ ਹੜਤਾਲ ਦਾ ਐਲਾਨ ਕੀਤਾ ਹੈ। ਇਨ੍ਹਾਂ ਦਿਨਾਂ ‘ਚ ਸੂਬੇ ਵਿੱਚ ਪੀਆਰਟੀਸੀ ਅਤੇ ਪਨਬੱਸ ਨਾਲ ਜੁੜੀਆਂ ਬੱਸਾਂ ਨਹੀਂ ਚੱਲਣਗੀਆਂ।
ਇਸ ਦਿਨ ਸਾਰੇ ਕਰਮਚਾਰੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। ਕਰਮਚਾਰੀਆਂ ਦੀ ਮੁੱਖ ਮੰਗ ਅਸਥਾਈ ਕਰਮਚਾਰੀਆਂ ਨੂੰ ਸਥਾਈ ਕਰਨ ਦੀ ਹੈ ਅਤੇ ਹੋਰ ਵੀ ਕਈ ਮੰਗਾਂ ਹਨ। ਕਰਮਚਾਰੀਆਂ ਨੂੰ ਡਰ ਹੈ ਕਿ ਜੇਕਰ ਠੇਕੇਦਾਰੀ ਪ੍ਰਣਾਲੀ ਲਾਗੂ ਕੀਤੀ ਗਈ ਤਾਂ ਉਨ੍ਹਾਂ ਦੀਆਂ ਨੌਕਰੀਆਂ ਚਲੀਆਂ ਜਾਣਗੀਆਂ।
ਦੱਸ ਦੇਈਏ ਕਿ ਇੱਕ ਮਹੀਨਾ ਪਹਿਲਾਂ ਮੁੱਖ ਮੰਤਰੀ ਨੇ ਇਨ੍ਹਾਂ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦੀ ਹੀ ਵਿਚਾਰ ਕੀਤਾ ਜਾਵੇਗਾ ਪਰ ਇੱਕ ਮਹੀਨਾ ਬੀਤ ਜਾਣ ‘ਤੇ ਵੀ ਮਾਮਲਾ ਹੱਲ ਨਹੀਂ ਹੋਇਆ ਹੈ।
ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤਿੰਨ ਸਾਲਾਂ ਤੋਂ ਨਜ਼ਰ ਅੰਦਾਜ਼ ਕਰਦੀ ਆ ਰਹੀ ਹੈ।
ਤਿੰਨ ਸਾਲ ਤੋਂ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ ਵੱਖਰੀ ਪਾਲਸੀ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰ ਹਰ ਵਾਰ ਮੀਟਿੰਗ ਵਿੱਚ ਸਿਰਫ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਟਰਾਂਸਪੋਰਟ ਮੰਤਰੀ ਵੱਲੋਂ ਕਮੇਟੀ ਗਠਿਤ ਕਰਕੇ 2 ਮਹੀਨੇ ਵਿੱਚ ਮੰਗਾਂ ਹੱਲ ਕਰਨ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ ਪਰ ਕਿਸੇ ਵੀ ਮੰਗ ਦਾ ਹੱਲ ਨਹੀਂ ਹੋਇਆ।
ਇਸ ਤੋਂ ਇਲਾਵਾ ਜਲੰਧਰ ਜ਼ਿਮਨੀ ਚੋਣਾਂ ਦੌਰਾਨ ਮੁੱਖ ਮੰਤਰੀ ਨਾਲ 1 ਜੁਲਾਈ 2024 ਨੂੰ ਮੀਟਿੰਗ ਹੁੰਦੀ ਹੈ ਤਾਂ ਮੁੱਖ ਮੰਤਰੀ ਪੰਜਾਬ ਵੱਲੋਂ ਫਿਰ ਲਿਖਤੀ ਕਮੇਟੀ ਗਠਿਤ ਕਰਕੇ ਇੱਕ ਮਹੀਨੇ ਵਿੱਚ ਮੰਗਾਂ ਦਾ ਹੱਲ ਕਰਨ ਲਈ ਕਿਹਾ ਜਾਂਦਾ ਹੈ ਪ੍ਰੰਤੂ ਅੱਜ 1 ਸਾਲ ਬੀਤਣ ਨੂੰ ਆ ਗਿਆ ਹੈ ,ਮੰਗਾਂ ਜਿਉਂ ਦੀਆਂ ਤਿਉਂ ਹੀ ਲਮਕ ਰਹੀਆਂ ਹਨ ,ਇੱਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ ਜਲਦੀ ਪੱਕਾ ਨਾ ਕੀਤਾ ,ਠੇਕੇਦਾਰੀ ਸਿਸਟਮ ਬੰਦ ਨਾ ਕੀਤਾ , ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਨਹੀਂ ਕੀਤਾ ਅਤੇ ਨਵੀਆਂ ਬੱਸਾਂ ਨਹੀਂ ਪਾਈਆਂ ਜਾਂਦੀਆਂ ਤਾਂ ਆਉਣ ਵਾਲੀ 30 ਜੂਨ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਮੁੱਖ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 9-10-11 ਜੁਲਾਈ 2025 ਨੂੰ ਪੂਰਨ ਤੌਰ ‘ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਰਹਾਇਸ਼ ‘ਤੇ ਪੱਕਾ ਧਰਨਾ ਦਿੱਤਾ ਜਾਵੇਗਾ।