ਮੌਸਮ ਵਿਭਾਗ ਦੀ ਚੇਤਾਵਨੀ; ਪੰਜਾਬ ਦੇ 8 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਡਿੱਗੇਗੀ ਅਸਮਾਨੀ ਬਿਜਲੀ
Punjab News
ਪੰਜਾਬ ਦੇ ਵਿੱਚ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਜਾ ਰਹੀ ਹੈ। ਕਿਉਂਕਿ ਮੌਸਮ ਵਿਭਾਗ ਨੇ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਬਾਰੇ ਅਲਰਟ ਜਾਰੀ ਕੀਤਾ ਹੈ। 21-22 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ 8 ਜ਼ਿਲ੍ਹਿਆਂ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਗੁਰਦਾਸਪੁਰ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 3.6 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਤਾਪਮਾਨ ਅਜੇ ਵੀ ਆਮ ਨਾਲੋਂ 1.7 ਡਿਗਰੀ ਘੱਟ ਹੈ। ਬੀਤੀ ਸ਼ਾਮ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜਦੋਂ ਕਿ ਅੰਮ੍ਰਿਤਸਰ ਵਿੱਚ 38.0 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.3 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.2 ਡਿਗਰੀ ਸੈਲਸੀਅਸ, ਮੋਹਾਲੀ ਵਿੱਚ 36.0 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 34.6 ਡਿਗਰੀ ਸੈਲਸੀਅਸ, ਸੰਗਰੂਰ ਵਿੱਚ 37.6 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 36.4 ਡਿਗਰੀ ਸੈਲਸੀਅਸ, ਨਵਾਂਸ਼ਹਿਰ ਵਿੱਚ 37.5 ਡਿਗਰੀ ਸੈਲਸੀਅਸ ਅਤੇ ਰੂਪਨਗਰ ਵਿੱਚ 38.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
19 ਤੋਂ 22 ਜੂਨ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਗਰਮੀ ਦੀ ਤੀਬਰਤਾ ਫਿਰ ਵਧ ਗਈ ਹੈ, ਪਰ ਅਗਲੇ 4-5 ਦਿਨਾਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਨਾਲ ਗਰਮੀ ਤੋਂ ਅੰਸ਼ਕ ਰਾਹਤ ਮਿਲਣ ਦੀ ਸੰਭਾਵਨਾ ਹੈ।