7ਵਾਂ ਪੇ-ਕਮਿਸ਼ਨ ਲਾਗੂ ਕਰਨ ਦੀ ਮੰਗ; ਪੰਜਾਬੀ ਯੂਨੀਵਰਸਿਟੀ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਨੇ VC ਖ਼ਿਲਾਫ਼ ਕੀਤੀ ਜੰਮ ਨਾਅਰੇਬਾਜ਼ੀ
Punjab News –
ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਯੂਨੀਵਰਸਿਟੀ ਦੇ ਵੱਖ ਵੱਖ ਅਦਾਰਿਆਂ ਜਿਹਨਾਂ ਵਿਚ ਪੰਜਾਬੀ ਯੂਨੀਵਰਸਿਟੀ (ਮੇਨ ਕੈਂਪਸ), ਕਾਂਸਟੀਚੂਐਂਟ ਕਾਲਜ, ਨੇਬਰਹੁਡ ਕੈਂਪਸ ਅਤੇ ਰੀਜਨਲ ਸੈਂਟਰ ਸ਼ਾਮਿਲ ਹਨ, ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰ ਆਪਣੇ ਆਪ ਤੇ UGC ਦੁਆਰਾ ਪ੍ਰਵਾਨਿਤ 2018 ਰੈਗੂਲੇਸ਼ਨ ਅਨੁਸਾਰ ਸੱਤਵਾਂ ਪੇ ਕਮਿਸ਼ਨ ਲਾਗੂ ਕਰਵਾਉਣ ਦੇ ਲਈ ਧਰਨਾ ਦੇ ਰਹੇ ਹਨ।
ਅਪ੍ਰੈਲ 25 ਨੂੰ ਉਸ ਸਮੇਂ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੁਆਰਾ ਕੰਟਰੈਕਟ ਅਧਿਆਪਕਾਂ ਨੂੰ ਇਹ ਵਾਅਦਾ ਕੀਤਾ ਗਿਆ ਸੀ ਕਿ ਦਸ ਦਿਨਾਂ ਦਰਮਿਆਨ ਸਬੰਧਤ ਪੇ ਕਮਿਸ਼ਨ ਲਾਗੂ ਕਰ ਦਿੱਤਾ ਜਾਵੇਗਾ। ਪ੍ਰੰਤੂ ਡਾ. ਕਰਮਜੀਤ ਸਿੰਘ ਦੇ ਕਾਰਜਕਾਲ ਦੌਰਾਨ ਉਹਨਾਂ ਦਾ ਕੀਤਾ ਵਾਅਦਾ ਸਿਰੇ ਨਹੀਂ ਚੜ ਸਕਿਆ।
ਮਈ ਦੇ ਅਖੀਰਲੇ ਦਿਨਾਂ ਵਿੱਚ ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ। ਹਾਲਾਂਕਿ ਨਵ ਨਿਯੁਕਤ ਵਾਈਸ ਚਾਂਸਲਰ ਵੱਲੋਂ ਕੰਟਰੈਕਟ ਅਧਿਆਪਕਾਂ ਨੂੰ ਇਹ ਵਾਅਦਾ ਕੀਤਾ ਗਿਆ ਸੀ ਕਿ ਜਲਦ ਹੀ ਕੰਟਰੈਕਟ ਅਧਿਆਪਕਾਂ ਨੂੰ ਉਹਨਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ ਪ੍ਰੰਤੂ ਪਿਛਲੇ ਹਫਤੇ ਵਾਈਸ ਚਾਂਸਲਰ ਆਪਣੇ ਕੀਤੇ ਵਾਅਦੇ ਤੋਂ ਪੂਰੀ ਤਰਾਂ ਮੁਨਕਰ ਹੋ ਗਏ।
ਨਤੀਜਤਨ ਕੰਟਰੈਕਟ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਦੇ ਝੰਡੇ ਹੇਠ ਚਲਦੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਗਿਆ। ਇਸੇ ਸੰਘਰਸ਼ੀ ਲੜੀ ਤਹਿਤ ਅੱਜ ਕੰਟਰੈਕਟ ਅਧਿਆਪਕਾਂ ਵੱਲੋਂ ਯੂਨੀਵਰਸਿਟੀ ਕੈਂਪਸ ਅੰਦਰ ਇੱਕ ਜ਼ਬਰਦਸਤ ਰੈਲੀ ਕੱਢੀ ਗਈ।
ਪੁਕਟਾ ਯੂਨੀਅਨ ਦੀ ਪ੍ਰਧਾਨ ਡਾ. ਤਰਨਜੀਤ ਕੌਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਪੰਜਾਬੀ ਯੂਨੀਵਰਸਿਟੀ ਅਥਾਰਟੀ ਨੇ ਸਿਰਫ ਅਤੇ ਸਿਰਫ ਝੂਠ ਦਾ ਲੜ ਫੜਿਆ ਹੋਇਆ ਹੈ। ਜੇਕਰ ਉਹਨਾਂ ਨੂੰ 2018 ਦੇ ਰੈਗੂਲੇਸ਼ਨ ਅਨੁਸਾਰ ਪੇ ਕਮਿਸ਼ਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਜੰਗ ਲੜੀ ਜਾਵੇਗੀ।