ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ‘ਚ UPSC ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ।
ਉਨ੍ਹਾਂ ਨੇ ਉਮੀਦਵਾਰਾਂ ਨੂੰ ਪੰਜਾਬ ਵਿੱਚ ਰਹਿਣ ਅਤੇ ਰਾਜ ਦੁਆਰਾ ਪੇਸ਼ ਕੀਤੇ ਜਾਣ ਵਾਲੇ ਵਿਆਪਕ ਮੌਕਿਆਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ। ਯੁਵਾ ਸਸ਼ਕਤੀਕਰਨ ਲਈ ਇੱਕ ਵੱਡੇ ਯਤਨ ਵਜੋਂ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੀ ਸਥਾਪਨਾ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਲਾਇਬ੍ਰੇਰੀਆਂ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਹੋਣਗੀਆਂ ਤਾਂ ਜੋ ਕੌਮੀ ਪੱਧਰ ਦੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ।
ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀਆਂ ਇਹ ਯਕੀਨੀ ਬਣਾਉਣਗੀਆਂ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ ‘ਤੇ ਸਫਲਤਾ ਪ੍ਰਾਪਤ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ।
ਉਨ੍ਹਾਂ ਨੇ ਸੱਤਾ ਵਿੱਚ ਆਉਣ ਵਾਲੀਆਂ ਸਿਆਸੀ ਪਾਰਟੀਆਂ ਦੀ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉਤਰ ਕਾਟੋ, ਮੈਂ ਚੜ੍ਹਾਂ’ ਦੀ ਰਣਨੀਤੀ ਤਿਆਰ ਕਰਨ ਲਈ ਉਨ੍ਹਾਂ ਦੀ ਆਲੋਚਨਾ ਵੀ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਹੁਣ ਉਨ੍ਹਾਂ ਦੀ ਸਰਕਾਰ ਨੂੰ ਸੇਵਾ ਕਰਨ ਲਈ ਚੁਣਿਆ ਹੈ ਅਤੇ ਉਹ ਜਨਤਕ ਉਮੀਦਾਂ ‘ਤੇ ਖਰ੍ਹਾ ਉਤਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਦੇ ਨੇਤਾ ਉਨ੍ਹਾਂ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਈਰਖਾ ਕਰਕੇ ਰੋਜ਼ਾਨਾ ਉਨ੍ਹਾਂ ਦੀ ਆਲੋਚਨਾ ਕਰਦੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਹਰੇਕ ਕਰਮਚਾਰੀ ਨੂੰ ਸਨਮਾਨਜਨਕ ਤਨਖ਼ਾਹ ਮਿਲੇ, ਜਿਸ ਨਾਲ ਉਹ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ।