Punjab Cabinet: ਪੰਜਾਬ ਕੈਬਨਿਟ ਵੱਲੋਂ 500 ਨੌਜਵਾਨਾਂ ਦੀ ਨਵੀਂ ਭਰਤੀ ਨੂੰ ਪ੍ਰਵਾਨਗੀ
Punjab Cabinet: ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ
Punjab Cabinet: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।
ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ।
ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ।
ਜਿਸ ਨਾਲ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ।