Punjab News: ਕੰਟੈਰਕਟ ਅਧਿਆਪਕਾਂ ਨੂੰ ਜਲਦੀ ਮਿਲੇਗਾ ਬਣਦਾ ਹੱਕ, 7ਵੇਂ ਪੇ-ਕਮਿਸ਼ਨ ਮਸਲੇ ਦਾ ਪਹਿਲ ਦੇ ਆਧਾਰ ਤੇ ਹੋਵੇਗਾ ਹੱਲ- ਅਮਨ ਅਰੋੜਾ
Punjab News: ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ ਅਮਨ ਅਰੋੜਾ ਨਾਲ ਵਿਸ਼ੇਸ਼ ਮੁਲਾਕਾਤ
-ਕਈ ਸਾਲਾਂ ਤੋਂ ਕੰਟਰੈਕਟ ਅਧਿਆਪਕਾਂ ਦੇ ਲਟਕਦੇ ਆ ਰਹੇ 7ਵੇਂ ਪੇ ਕਮਿਸ਼ਨ ਸਬੰਧੀ ਦਿੱਤਾ ਮੰਗ ਪੱਤਰ
Punjab News: ਪੰਜਾਬੀ ਯੂਨੀਵਰਸਿਟੀ ਦੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਮੰਤਰੀ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ।
ਇਸ ਮੁਲਾਕਾਤ ਵਿੱਚ ਸਬੰਧਤ ਅਧਿਆਪਕਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਕੰਟਰੈਕਟ ਅਧਿਆਪਕਾਂ ਦੇ ਲਟਕਦੇ ਆ ਰਹੇ ਸੱਤਵੇਂ ਪੇ ਕਮਿਸ਼ਨ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵੱਖ ਵੱਖ ਅਦਾਰਿਆਂ ਵਿੱਚ ਕੰਮ ਕਰਦੇ ਕੰਟਰੈਕਟ ਅਧਿਆਪਕਾਂ ਵੱਲੋਂ ਆਪਣੇ ਆਪ ਤੇ UGC ਦੁਆਰਾ ਪ੍ਰਵਾਨਿਤ 2018 ਦੇ ਰੈਗੂਲੇਸ਼ਨ ਅਨੁਸਾਰ ਸੱਤਵਾਂ ਪੇ ਕਮਿਸ਼ਨ ਲਾਗੂ ਕਰਵਾਉਣ ਨੂੰ ਲੈਕੇ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਸਰਕਾਰ ਨੂੰ ਅਰਜੋਈ ਕੀਤੀ ਜਾ ਰਹੀ ਹੈ।
ਇਸ ਮਸਲੇ ਸਬੰਧੀ ਕੰਟਰੈਕਟ ਅਧਿਆਪਕਾਂ ਵੱਲੋਂ ਵੱਖ ਵੱਖ ਉੱਚ ਅਧਿਕਾਰੀਆਂ ਨਾਲ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ। ਪ੍ਰੰਤੂ ਉਹਨਾਂ ਦਾ ਮਸਲਾ ਹੱਲ ਨਹੀਂ ਹੋ ਸਕਿਆ ਹੈ।
ਅੱਜ ਸਬੰਧਤ ਅਧਿਆਪਕਾਂ ਵੱਲੋਂ ਵਿਸ਼ੇਸ਼ ਤੌਰ ਤੇ ਕੈਬਿਨਟ ਮੰਤਰੀ ਪੰਜਾਬ ਅਮਨ ਅਰੋੜਾ ਨਾਲ ਮੁਲਕਾਤ ਕਰਕੇ ਆਪਣੇ ਮਸਲੇ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਆਮ ਆਦਮੀ ਪਾਰਟੀ ਪ੍ਰਧਾਨ ਵੱਲੋਂ ਕੰਟਰੈਕਟ ਅਧਿਆਪਕਾਂ ਨੂੰ ਪੁਖ਼ਤਾ ਤੌਰ ਤੇ ਭਰੋਸਾ ਦਿੱਤਾ ਗਿਆ ਹੈ ਕਿ ਉਹਨਾਂ ਦੇ ਸੱਤਵੇਂ ਪੇ ਕਮਿਸ਼ਨ ਦੇ ਮਾਮਲੇ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਅਮਨ ਅਰੋੜਾ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਪੰਜਾਬ ਵਿੱਚ ਸਿੱਖਿਆ ਦਾ ਚਾਨਣ ਫੈਲਾ ਰਹੇ ਅਧਿਆਪਕ ਵਰਗ ਨੂੰ ਕਿਸੇ ਵੀ ਕਿਸਮ ਦੇ ਸ਼ੋਸ਼ਣ ਦਾ ਸ਼ਿਕਾਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕੰਟੈਰਕਟ ਅਧਿਆਪਕਾਂ ਨੂੰ ਜਲਦ ਤੋਂ ਜਲਦ ਉਹਨਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ।