Punjab News: ਪੰਜਾਬ ‘ਚ ਸਖ਼ਤ ਕਾਨੂੰਨ ਲਾਗੂ; ਹੁਣ ਜੇ ਨਬਾਲਿਗ ਬੱਚਾ ਕਾਰ ਜਾਂ ਫਿਰ ਮੋਟਰਸਾਈਕਲ ਚਲਾਉਂਦਾ ਫੜਿਆ ਗਿਆ ਤਾਂ ਮਾਪਿਆਂ ਵਿਰੁੱਧ ਹੋਵੇਗੀ FIR
Punjab News: ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਹੇ ਵਾਹਨ ਚਾਲਕਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਹੁਣ ਨਾਬਾਲਗਾਂ ਦੀ ਡਰਾਈਵਿੰਗ ਨੂੰ ਲੈ ਕੇ ਵਧੀਕ ਸਖ਼ਤੀ ਵਰਤੀ ਜਾ ਰਹੀ ਹੈ।
ਪੁਲਿਸ ਨੇ ਖਾਸ ਤੌਰ ‘ਤੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ 18 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਨੂੰ ਕਿਸੇ ਵੀ ਸਥਿਤੀ ਵਿੱਚ ਦੋ-ਪਹੀਆ ਜਾਂ ਚਾਰ-ਪਹੀਆ ਵਾਹਨ ਨਾ ਚਲਾਉਣ ਦੇਣ।
ਪੁਲਿਸ ਨੇ ਸਾਫ ਕਰ ਦਿੱਤਾ ਹੈ ਕਿ ਜੇਕਰ ਕੋਈ ਨਾਬਾਲਗ ਬੱਚਾ ਡਰਾਈਵਿੰਗ ਕਰਦਾ ਫੜਿਆ ਜਾਂਦਾ ਹੈ, ਤਾਂ ਸਿਰਫ਼ ਉਸ ਦੇ ਖ਼ਿਲਾਫ਼ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਪਿਆਂ ਅਤੇ ਪਰਿਵਾਰਕ ਮੈਂਬਰਾਂ ਵਿਰੁੱਧ ਵੀ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਨ੍ਹਾਂ ਵਿੱਚ ਚਲਾਨ, ਵਾਹਨ ਜ਼ਬਤ ਅਤੇ ਕੁਝ ਮਾਮਲਿਆਂ ਵਿੱਚ ਮਾਪਿਆਂ ਨੂੰ ਭੀ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ।
ਇਸੇ ਤਰ੍ਹਾਂ, ਟ੍ਰੈਫਿਕ ਵਿਭਾਗ ਵੱਲੋਂ ਨਿੱਜੀ ਅਤੇ ਸਾਰਵਜਨਿਕ ਗੱਡੀਆਂ ਚਲਾਉਣ ਵਾਲੇ ਡਰਾਈਵਰਾਂ ਨੂੰ ਵੀ ਹਦਾਇਤ ਦਿੱਤੀ ਗਈ ਹੈ ਕਿ ਉਹ ਭੀੜ-ਭਾੜ ਵਾਲੀਆਂ ਥਾਵਾਂ, ਸਕੂਲ ਜ਼ੋਨਾਂ ਅਤੇ ਬਾਜ਼ਾਰਾਂ ਵਿੱਚ ਓਵਰਸਪੀਡ ਨਾ ਕਰਣ ਅਤੇ ਪ੍ਰੈਸ਼ਰ ਹਾਰਨ ਦੀ ਵਰਤੋਂ ਤੋਂ ਗੁਰੇਜ਼ ਕਰਨ।
ਪੁਲਿਸ ਨੇ ਕਿਹਾ ਕਿ ਇਹ ਨਿਯਮ ਲੋਕਾਂ ਦੀ ਸੁਰੱਖਿਆ ਲਈ ਬਣਾਏ ਗਏ ਹਨ ਅਤੇ ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਸਥਿਤੀ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਿਰਫ਼ ਕਾਨੂੰਨੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀ ਵੀ ਹੈ। ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੀ ਅਤੇ ਹੋਰਨਾਂ ਦੀ ਜਾਨ ਦੀ ਕੀਮਤ ਨੂੰ ਸਮਝਦਿਆਂ, ਨਿਯਮਾਂ ਦੀ ਪਾਲਣਾ ਕੀਤੀ ਜਾਵੇ। news18