ਪੰਜਾਬ ਸਰਕਾਰ ਵੱਲੋਂ ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਪ੍ਰਵਾਨਗੀ, ਪੜ੍ਹੋ ਮੁਲਾਜ਼ਮਾਂ ਦੀ ਜੇਬ ‘ਤੇ ਕੀ ਪਵੇਗਾ ਅਸਰ!
Punjab News
ਪ੍ਰਸ਼ਾਸਕੀ ਕਾਰਜ ਕੁਸ਼ਲਤਾ ਵਧਾਉਣ ਅਤੇ ਖ਼ਰਚੇ ਘਟਾਉਣ ਲਈ ਪੰਜਾਬ ਸਰਕਾਰ ਨੇ ਵਿੱਤ ਵਿਭਾਗ ਅਧੀਨ ਆਉਂਦੇ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਛੋਟੀਆਂ ਬੱਚਤਾਂ, ਬੈਂਕਿੰਗ ਤੇ ਫਾਇਨਾਂਸ ਅਤੇ ਲਾਟਰੀਜ਼ ਡਾਇਰੈਕਟੋਰੇਟਾਂ ਦਾ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਸਮਾਲ ਸੇਵਿੰਗਜ਼, ਬੈਂਕਿੰਗ ਅਤੇ ਲਾਟਰੀਜ਼ ਹੋਵੇਗਾ।
ਡੀ.ਪੀ.ਈ.ਐੱਡ. ਅਤੇ ਡੀ.ਐਫ.ਆਰ.ਈ.ਆਈ. ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਪਬਲਿਕ ਇੰਟਰਪ੍ਰਾਈਜਜ਼ ਅਤੇ ਫਾਇਨੈਸ਼ਲ ਰਿਸੋਰਸਜ਼ ਹੋਵੇਗਾ।
ਟਰੈਜ਼ਰੀ ਤੇ ਅਕਾਊਂਟਸ, ਪੈਨਸ਼ਨਜ਼ ਅਤੇ ਐਨ.ਪੀ.ਐਸ. ਦੇ ਵੱਖ-ਵੱਖ ਡਾਇਰੈਕਟੋਰੇਟਾਂ ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਟਰੈਜ਼ਰੀ ਐਂਡ ਅਕਾਊਂਟਸ, ਪੈਨਸ਼ਨ ਅਤੇ ਐਨ.ਪੀ.ਐਸ. ਹੋਵੇਗਾ। ਇਸ ਪੁਨਰਗਠਨ ਨਾਲ ਸੂਬੇ ਦੇ ਲਗਪਗ 2.64 ਕਰੋੜ ਰੁਪਏ ਸਾਲਾਨਾ ਬਚਣ ਦੀ ਸੰਭਾਵਨਾ ਹੈ।
ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਕੈਬਨਿਟ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਾਪਤ ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਆਂ ਅਸਾਮੀਆਂ ਸਿਰਜਣ ਦੀ ਵੀ ਸਹਿਮਤੀ ਦੇ ਦਿੱਤੀ।
ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਫੰਡਾਂ ਦਾ ਤਬਾਦਲਾ ਹੁਣ ਐਸ.ਐਨ.ਏ. ਸਪਰਸ਼ ਪ੍ਰਣਾਲੀ ਰਾਹੀਂ ਹੋਵੇਗਾ। ਸਟੇਟ ਐਸ.ਐਨ.ਏ. ਟਰੈਜ਼ਰੀ ਨੂੰ ਕਾਰਜਸ਼ੀਲ ਕਰਨ ਲਈ ਨੌਂ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਖ਼ਜ਼ਾਨਾ ਅਫ਼ਸਰ, ਦੋ ਸੀਨੀਅਰ ਸਹਾਇਕ, ਚਾਰ ਕਲਰਕ ਅਤੇ ਇਕ ਸੇਵਾਦਾਰ ਸ਼ਾਮਲ ਹੈ।