ਵੱਡੀ ਖ਼ਬਰ: AAP ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ‘ਚੋਂ ਕੱਢਿਆ
Punjab News- AAP ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੁਆਰਾ ਇਹ ਫ਼ੈਸਲਾ ਲਿਆ ਗਿਆ ਹੈ…
Punjab News- ਬਿਕਰਮ ਮਜੀਠੀਆ ਖਿਲਾਫ ਵਿਜੀਲੈਂਸ ਕਾਰਵਾਈ ‘ਤੇ ਸਵਾਲ ਚੁੱਕਣ ’ਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ AAP ਨੇ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
AAP ਦੇ ਸੂਤਰਾਂ ਮੁਤਾਬਿਕ, ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲ ਲਈ ਪਾਰਟੀ ’ਚੋਂ ਬਾਹਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਇਹ ਫ਼ੈਸਲਾ AAP ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੁਆਰਾ ਲਿਆ ਗਿਆ ਹੈ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਅੰਮ੍ਰਿਤਸਰ ਉੱਤਰੀ ਤੋਂ AAP ਦੇ ਵਿਧਾਇਕ ਹਨ। ਦੱਸਣਾ ਬਣਦਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਪਾਰਟੀ ਦੀਆਂ ਕਈ ਨੀਤੀਆਂ ਖਿਲਾਫ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕਰ ਰਹੇ ਸਨ।
ਜਗਬਾਣੀ ਦੀ ਖ਼ਬਰ ਅਨੁਸਾਰ, ਇਸ ਵੱਡੇ ਫ਼ੈਸਲੇ ਨਾਲ ਮਾਨ ਸਰਕਾਰ ਨੇ ਸਾਫ਼ ਸੁਨੇਹਾ ਦਿੱਤਾ ਹੈ ਕਿ ਡਰੱਗਜ਼ ਦੇ ਖ਼ਿਲਾਫ਼ ਮੁਹਿੰਮ ‘ਚ ਸਿਆਸਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਵੀ ਇਸ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰੇਗਾ, ਉਸ ਦੀ ਪਾਰਟੀ ‘ਚ ਕੋਈ ਥਾਂ ਨਹੀਂ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ।
ਦੱਸਣਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮਜੀਠੀਆ ਖ਼ਿਲਾਫ਼ ਕਾਰਵਾਈ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਮਜੀਠੀਆ ਜੇਲ੍ਹ ‘ਚ ਸੀ ਤਾਂ ਮਾਨ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ।
ਉਨ੍ਹਾਂ ਕਿਹਾ ਸੀ ਕਿ ਜਦੋਂ ਕਾਂਗਰਸ ਵੇਲੇ ਦਰਜ ਹੋਏ ਮੁਕੱਦਮੇ ‘ਚ ਮਜੀਠੀਆ ਜੇਲ੍ਹ ‘ਚ ਸੀ ਤਾਂ ਮਾਨ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਅਤੇ ਫਿਰ ਉਸ ਦੀ ਜ਼ਮਾਨਤ ਕਰਵਾ ਦਿੱਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਤੜਕੇ ਕਿਸੇ ਦੇ ਘਰ ਛਾਪੇਮਾਰੀ ਕਰਨਾ ਨੀਤੀ ਦੇ ਖ਼ਿਲਾਫ਼ ਹੁੰਦਾ ਹੈ।
ਹੁਣ AAP ਸਰਕਾਰ ਦੇ ਵੱਲੋਂ ਆਪਣੇ ਹੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਖਿਲਾਫ਼ ਵੱਡਾ ਐਕਸ਼ਨ ਲੈਂਦਿਆਂ ਹੋਇਆ, ਉਸਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।
ਕੌਣ ਹਨ ਕੁੰਵਰ ਵਿਜੇ ਪ੍ਰਤਾਪ ਸਿੰਘ
ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਇੱਕ ਮਸ਼ਹੂਰ ਆਈਪੀਐਸ ਅਧਿਕਾਰੀ ਰਹੇ ਹਨ। ਉਹ ਹੀ ਸਨ ਜਿਨ੍ਹਾਂ ਨੇ ਸੂਬੇ ਵਿੱਚ ਗੁਰਦਾ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ।
ਇਸ ਤੋਂ ਬਾਅਦ, ਉਹ ਪੰਜਾਬ ਅਤੇ ਆਈਪੀਐਸ ਲਾਬੀ ਵਿੱਚ ਸੁਰਖੀਆਂ ਵਿੱਚ ਆਏ। ਹਾਲ ਹੀ ਵਿੱਚ, ਉਹ ਬੇਅਦਬੀ ਮਾਮਲੇ ਵਿੱਚ ਬਣਾਈ ਗਈ ਐਸਆਈਟੀ ਦੇ ਮੁਖੀ ਵੀ ਸਨ। ਹਾਲਾਂਕਿ, ਬਾਅਦ ਵਿੱਚ ਹਾਈ ਕੋਰਟ ਵੱਲੋਂ ਰਿਪੋਰਟ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਸੇਵਾਮੁਕਤੀ ਲੈ ਲਈ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 12 ਅਪ੍ਰੈਲ 2021 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਹਾਲਾਂਕਿ ਮੁੱਖ ਮੰਤਰੀ ਨੇ ਅਸਤੀਫਾ ਰੱਦ ਕਰ ਦਿੱਤਾ ਸੀ, ਪਰ ਕੁੰਵਰ ਨੇ ਉਨ੍ਹਾਂ ਨੂੰ ਇਸ ਲਈ ਮਨਾ ਲਿਆ ਸੀ।
1998 ਬੈਚ ਦੇ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਦੇ ਰਾਜਨੀਤੀ ਵਿੱਚ ਆਉਣ ਬਾਰੇ ਚਰਚਾਵਾਂ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਹੀ ਚੱਲ ਰਹੀਆਂ ਸਨ, ਪਰ ਉਨ੍ਹਾਂ ਨੇ ਕਦੇ ਵੀ ਇਸਨੂੰ ਜਨਤਕ ਤੌਰ ‘ਤੇ ਸਵੀਕਾਰ ਨਹੀਂ ਕੀਤਾ।