Weather Punjab News: ਮੌਸਮ ਵਿਭਾਗ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਦਾ ਅਲਰਟ ਜਾਰੀ
Weather Punjab News: ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦਿੱਤੀ ਹੋਈ ਹੈ। ਜੂਨ ਮਹੀਨੇ ਵਿੱਚ ਹੋਈ ਬਾਰਿਸ਼ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ।
ਅੱਜ ਪੰਜਾਬ ਦੇ ਰੂਪਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 12 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਲਈ ਆਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ, 29 ਜੂਨ ਤੱਕ, ਸੂਬੇ ਵਿੱਚ ਆਮ ਨਾਲੋਂ 26 ਪ੍ਰਤੀਸ਼ਤ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ ਦੇ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਜਿੱਥੇ 29 ਜੂਨ ਤੱਕ ਆਮ ਤੌਰ ‘ਤੇ 49.7 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਉੱਥੇ ਇਸ ਵਾਰ 62.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਐਤਵਾਰ ਸ਼ਾਮ 5:30 ਵਜੇ ਤੱਕ, ਵੱਖ-ਵੱਖ ਜ਼ਿਲ੍ਹਿਆਂ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 5 ਮਿਲੀਮੀਟਰ, ਲੁਧਿਆਣਾ ਵਿੱਚ 3 ਮਿਲੀਮੀਟਰ, ਬਠਿੰਡਾ ਵਿੱਚ 2 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 1.5 ਮਿਲੀਮੀਟਰ, ਪਠਾਨਕੋਟ ਅਤੇ ਫਤਿਹਗੜ੍ਹ ਸਾਹਿਬ ਵਿੱਚ 1-1 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਇਸ ਬਾਰਿਸ਼ ਕਾਰਨ ਸੂਬੇ ਦੇ ਤਾਪਮਾਨ ਵਿੱਚ 2.6 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਆਈਐਮਡੀ ਦੇ ਅਨੁਸਾਰ, ਸੂਬੇ ਦਾ ਤਾਪਮਾਨ ਇਸ ਸਮੇਂ ਆਮ ਨਾਲੋਂ 4.6 ਡਿਗਰੀ ਘੱਟ ਹੈ। ਹਾਲਾਂਕਿ, ਬਠਿੰਡਾ ਵਿੱਚ ਪਾਰਾ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ।