ਵੱਡੀ ਖ਼ਬਰ: ਪੰਜਾਬ ‘ਚ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਸਰਕਾਰ ਨੇ ਅਫ਼ਸਰਾਂ ਤੋਂ ਮੰਗਿਆ ਰਿਕਾਰਡ
Punjab News- ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਦੇ ਕੱਚੇ ਵਰਕਰਜ਼ ਯੂਨੀਅਨ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਨੂੰ ਹਾਲ ਦੀ ਘੜੀ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਦਰਅਸਲ, ਪੰਜਾਬ ਕੈਬਨਿਟ ਸਬ ਕਮੇਟੀ ਨਾਲ ਕੱਚੇ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ।
ਮੀਟਿੰਗ ਉਪਰੰਤ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਦਾਅਵਾ ਕੀਤਾ ਕਿ ਬੱਸ ਕਾਮਿਆਂ ਨੇ ਹੜਤਾਲ ਖ਼ਤਮ ਕਰਨ ਲਈ ਸਹਿਮਤੀ ਪ੍ਰਗਟਾਈ ਹੈ ਅਤੇ ਕੱਲ੍ਹ ਤੋਂ ਸਾਰੇ ਮੁਲਾਜ਼ਮ ਕੰਮ ‘ਤੇ ਪਰਤਣਗੇ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਹ ਹੜਤਾਲ ਖਤਮ ਕਰਨ ਲਈ ਸਹਿਮਤ ਹੋਏ ਹਨ ਕਿਉਂਕਿ ਕਰਮਚਾਰੀ ਅੱਜ ਅਤੇ ਅਗਲੇ ਦੋ ਦਿਨਾਂ ਲਈ ਹੜਤਾਲ ‘ਤੇ ਸਨ।
ਹਰਪਾਲ ਚੀਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਥਾਈ ਹੱਲ ਲਈ ਦੁਬਾਰਾ ਮੀਟਿੰਗ ਬੁਲਾਈ ਗਈ ਹੈ, ਜੋ ਕਿ 28 ਤਰੀਕ ਨੂੰ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਜਲਦੀ ਹੀ ਸਮੱਸਿਆ ਦਾ ਸਥਾਈ ਹੱਲ ਨਿਕਲ ਆਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਮੇਟੀ ਵੱਲੋਂ ਪਹਿਲਾਂ ਲਏ ਗਏ ਫੈਸਲਿਆਂ ਵਿੱਚ ਕੀ ਹੋਇਆ ਸੀ, ਇਸਦਾ ਅਧਿਕਾਰੀਆਂ ਰਿਕਾਰਡ ਵੀ ਮੰਗਿਆ ਗਿਆ ਹੈ।
ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਸਹਿਮਤੀ ਪ੍ਰਗਟਾਈ ਹੈ। ਅਗਲੀ ਮੀਟਿੰਗ 15 ਦਿਨਾਂ ਦੇ ਅੰਦਰ ਹੋਵੇਗੀ। ਇਸ ਤੋਂ ਇਲਾਵਾ 10-15 ਦਿਨਾਂ ਵਿਚ ਸਾਰੀਆਂ ਮੰਗਾਂ ‘ਤੇ ਵਿਚਾਰ ਕਰਕੇ ਇਸ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਸਰਕਾਰ ਦੇ ਭਰੋਸੇ ਤੋਂ ਬਾਅਦ ਬੱਸ ਕਾਮਿਆਂ ਨੇ ਮੀਟਿੰਗ ਖ਼ਤਮ ਹੋਣ “ਤੇ ਸਹਿਮਤੀ ਪ੍ਰਗਟਾਈ ਹੈ।