ਭਗਵੰਤ ਮਾਨ ਸਰਕਾਰ ਸੂਬੇ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ DA ਦੀਆਂ ਬਕਾਇਆ ਕਿਸ਼ਤਾਂ ਤੁਰੰਤ ਕਰੇ ਜਾਰੀ
ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਕੀਤੀ ਗਈ ਮੰਗ
19 ਜੁਲਾਈ ਨੂੰ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਰਣਬੀਰ ਸਿੰਘ ਢਿੱਲੋਂ ਦਾ ਪਹਿਲਾ ਬਰਸੀ ਸਮਾਗਮ ਕੋਟਕਪੂਰਾ ਵਿਖੇ ਮਨਾਉਣ ਦਾ ਫੈਸਲਾ
ਕੋਟਕਪੂਰਾ
ਪੰਜਾਬ ਵਿੱਚ ਪਿਛਲੇ ਸਵਾ ਤਿੰਨ ਸਾਲਾਂ ਤੋਂ ਭਗਵੰਤ ਮਾਨ ਸਰਕਾਰ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਲੱਖਾਂ ਮੁਲਾਜ਼ਮਾਂ ਅਤੇ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਹਰ ਸਾਲ ਮਹੀਨਾ ਜਨਵਰੀ ਅਤੇ ਜੁਲਾਈ ਵਿੱਚ ਦਿੱਤੇ ਜਾਣ ਵਾਲੇ ਮਹਿੰਗਾਈ ਭੱਤੇ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਅਤੇ ਬਹੁਤ ਸਾਰੇ ਹੋਰ ਰਾਜਾਂ ਨਾਲੋਂ ਬੁਰੀ ਤਰ੍ਹਾਂ ਪਛੜ ਗਈ ਹੈ। ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਸ ਸਮੇਂ 42 ਫੀਸਦੀ ਮਹਿੰਗਾਈ ਭੱਤਾ ਮਿਲ ਰਿਹਾ ਹੈ ਜਦਕਿ ਕੇਂਦਰ ਅਤੇ ਬਹੁਤ ਸਾਰੇ ਰਾਜਾਂ ਦੇ ਮੁਲਾਜ਼ਮ ਇਸ ਸਮੇਂ 55 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ।
ਇਹ ਦੋਸ਼ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਗਿਆ। ਮੀਟਿੰਗ ਨੇ ਇੱਕ ਸ਼ੋਕ ਮਤਾ ਪਾਸ ਕਰਕੇ ਜਥੇਬੰਦੀ ਦੇ ਸੂਬਾਈ ਮੁੱਖ ਸਲਾਹਕਾਰ ਗੁਰਮੇਲ ਸਿੰਘ ਮੈਲਡੇ ਦੇ ਨੌਜਵਾਨ ਪੋਤਰੇ ਪ੍ਰਵੀਨ ਸਿੰਘ , ਅਧਿਆਪਕ ਆਗੂ ਗੁਰਵਿੰਦਰ ਸਿੰਘ ਦੁਆਰੇਆਣਾ ਦੇ ਸਤਿਕਾਰਯੋਗ ਮਾਤਾ ਮਖਤਿਆਰ ਕੌਰ ਅਤੇ ਹੋਰ ਵੱਖ ਵੱਖ ਵਿਅਕਤੀਆਂ ਦੇ ਸਦੀਵੀ ਵਿਛੋੜਾ ਦੇ ਜਾਣ ਦੋ ਮਿੰਟ ਦਾ ਮੌਨ ਧਾਰਨ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਅਸ਼ੋਕ ਕੌਸ਼ਲ, ਸੋਮ ਨਾਥ ਅਰੋੜਾ,ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਪ੍ਰਿੰਸੀਪਲ ਬਲਵੀਰ ਸਿੰਘ ਬਰਾੜ, ਗੁਰਚਰਨ ਸਿੰਘ ਮਾਨ ਅਤੇ ਮੁਖਤਿਆਰ ਸਿੰਘ ਮੱਤਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਰਾਜਨੀਤਿਕ ਮਨੋਰਥਾਂ ਦੀ ਪੂਰਤੀ ਕਰਨ ਲਈ ਲਗਾਤਾਰ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਅਤੇ ਕਈ ਕਿਸਮ ਦੇ ਹੋਰ ਨਜਾਇਜ਼ ਖਰਚੇ ਕਰਕੇ ਪੰਜਾਬ ਸਿਰ ਦਿਨੋ ਦਿਨ ਕਰਜੇ ਦੀ ਪੰਡ ਹੋਰ ਭਾਰੀ ਕੀਤੀ ਜਾ ਰਹੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨਾਲ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਤੋਂ ਸਰਕਾਰ ਸ਼ਰੇਆਮ ਮੁੱਕਰਦੀ ਨਜ਼ਰ ਆ ਰਹੀ ਹੈ ਜਿਨ੍ਹਾਂ ਵਿੱਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ 18 ਸਾਲ ਤੋਂ ਵੱਧ ਉਮਰ ਵਾਲੀਆਂ ਲੜਕੀਆਂ ਤੇ ਔਰਤਾਂ ਨੂੰ 1000 ਰੁਪਏ ਮਹੀਨਾ ਅਦਾ ਕਰਨੇ ਆਦਿ ਮੁੱਖ ਤੌਰ ਤੇ ਸ਼ਾਮਿਲ ਹਨ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 19 ਜੁਲਾਈ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10 ਵਜੇ ਸ਼ਹੀਦ ਭਗਤ ਸਿੰਘ ਪਾਰਕ ਕੋਟਕਪੂਰਾ ਵਿਖੇ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਰਣਬੀਰ ਸਿੰਘ ਢਿੱਲੋ ਦਾ ਪਹਿਲਾ ਬਰਸੀ ਸਮਾਗਮ ਕੀਤਾ ਜਾਵੇਗਾ। ਸਮਾਗਮ ਦੌਰਾਨ ਸਾਥੀ ਰਣਬੀਰ ਸਿੰਘ ਢਿੱਲੋਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੀਤੀਆਂ ਗਈਆਂ ਅਨੇਕਾਂ ਪ੍ਰਾਪਤੀਆਂ ਨੂੰ ਯਾਦ ਕੀਤਾ ਜਾਵੇਗਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਜਸਵਿੰਦਰ ਸਿੰਘ ਬਰਾੜ, ਕੇਵਲ ਸਿੰਘ ਲੰਭਵਾਲੀ, ਪਰਮਿੰਦਰ ਸਿੰਘ ਜਟਾਣਾ, ਮੇਜਰ ਸਿੰਘ ਡੀ ਪੀ ਈ , ਜੋਗਿੰਦਰ ਸਿੰਘ ਛਾਬੁੜਾ , ਰਮੇਸ਼ਵਰ ਸਿੰਘ ਸੁਪਰਡੈਂਟ, ਸੁਰਿੰਦਰ ਕੁਮਾਰ ਮੁੰਜਾਲ ਸੁਪਰਡੈਂਟ, ਗੁਰਕੀਰਤ ਸਿੰਘ, ਹਰਦੀਪ ਸਿੰਘ ਫਿੱਡੂ ਭਲਵਾਨ, ਗ਼ੇਜ਼ ਰਾਮ ਭੌਰਾ, ਗੁਰਨੇਕ ਸਿੰਘ ਜਟਾਣਾ ਮਦਨ ਲਾਲ ਸ਼ਰਮਾ ਸੰਧਵਾਂ , ਹਰਦੀਪ ਸਿੰਘ ਲੈਕਚਰਾਰ, ਹਰਭਜਨ ਸਿੰਘ ਬਾਜਾਖਾਨਾ, ਮੇਜਰ ਸਿੰਘ ਪੀ ਟੀ ਆਈ, ਸੁਖਦਰਸ਼ਨ ਸਿੰਘ ਗਿੱਲ, ਹਾਕਮ ਸਿੰਘ ਡੀ ਪੀ ਈ, ਮੰਦਰ ਸਿੰਘ ,ਤਾਰਾ ਸਿੰਘ ਪ੍ਰੇਮੀ , ਗੁਰਦੀਪ ਭੋਲਾ ਪੀ ਆਰ ਟੀ ਸੀ, ਪੂਰਨ ਸਿੰਘ ਸੰਧਵਾਂ ਅਤੇ ਕੀਰਤਨ ਸਿੰਘ ਪੀ ਟੀ ਆਈ ਆਦਿ ਹਾਜ਼ਰ ਸਨ।