All Latest NewsNews FlashPunjab News

Employment News: ਨੌਜਵਾਨਾਂ ਸਾਹਮਣੇ ਰੁਜ਼ਗਾਰ ਦਾ ਬਹੁਤ ਵੱਡਾ ਸੰਕਟ

 

Employment News: ਵਿਦਿਆਰਥੀਆਂ ਅਤੇ ਨੌਜਵਾਨਾਂ ਵੱਲੋਂ ਫਾਜ਼ਿਲਕਾ ਵਿੱਖੇ ਸਾਂਝੀ ‘ਚ 25 ਜੁਲਾਈ ਨੂੰ ਸੰਗਰੂਰ ਵਿੱਖੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਵਿਦਿਆਰਥੀ ਹੋਣਗੇ ਸ਼ਾਮਲ

ਪਰਮਜੀਤ ਢਾਬਾਂ, ਫਾਜ਼ਿਲਕਾ

Employment News: ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਫਾਜ਼ਿਲਕਾ ਵਿੱਖੇ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ, ਲੋਕਾਂ ਦੇ ਜਮਹੂਰੀ ਅਧਿਕਾਰ ਖ਼ਤਮ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਪੁਲਿਸ ਵੱਲੋਂ ਨੌਜਵਾਨਾਂ ਦੇ ਝੂਠੇ ਇਨਕਾਉਂਟਰ ਕਰਨ, ਪੱਤਰਕਾਰਾਂ ਦੀ ਜੁਬਾਨਬੰਦੀ ਕਰਨ ਖਿਲਾਫ਼ ਸੰਗਰੂਰ ਵਿੱਖੇ ਹੋ ਰਹੇ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਅਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰਖੀਵਾ, ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰਸੋਨਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਵਿੱਚ ਤਰ੍ਹਾਂ ਤਰ੍ਹਾਂ ਦੇ ਫਰਮਾਨ ਲਾਗੂ ਕਰਕੇ ਆਪਣੇ ਹੱਕ ਮੰਗਦੇ ਲੋਕਾਂ ਦੇ ਸੰਘਰਸ਼ਾਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਪੁਲਿਸ ਦੀਆਂ ਵਾਂਗਾਂ ਖੁੱਲਿਆ ਛੱਡ ਕੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਪੁਲੀਸ ਦੁਆਰਾ ਲਗਾਤਾਰ ਸੰਘਰਸ਼ਾਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ ਉੱਤੇ ਅੰਨ੍ਹਾ ਤਸ਼ਦਤ ਢਾਇਆ ਜਾ ਰਿਹਾ ਹੈ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਆਵਾਜ਼ ਚੁੱਕਣ ਵਾਲੇ ਲੋਕ ਕਿਸਾਨਾਂ, ਮਜ਼ਦੂਰਾਂ, ਅਧਿਆਪਕਾ, ਵਿਦਿਆਰਥੀਆਂ ਉਪੱਰ ਝੂੱਠੇ ਮੁੱਕਦਮੇ ਦਰਜ਼ ਕਰਕੇ ਜ਼ੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ, ਜੋਂ ਕਿ ਜਮਹੂਰੀਅਤ ਦਾ ਬਹੁਤ ਵੱਡਾ ਘਾਣ ਹੈ।

ਇਸ ਦੇ ਨਾਲ ਹੀ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ, ਜ਼ਿਲ੍ਹਾ ਆਗੂ ਦਿਲਕਰਨ ਰਤਨਪੁਰਾ ਨੇ ਕਿਹਾ ਕਿ ਅੱਜ ਸਾਡੇ ਨੌਜਵਾਨਾਂ ਸਾਹਮਣੇ ਰੁਜ਼ਗਾਰ (Employment) ਦਾ ਬਹੁਤ ਵੱਡਾ ਸੰਕਟ ਖੜ੍ਹਾ ਹੈ। ਪਰ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਅਤੇ ਸਰਕਾਰ ਵੱਲੋਂ ਰੁਜ਼ਗਾਰ ਦੀ ਮੰਗ ਕਰਦੇ ਨੌਜਵਾਨਾਂ ਨੂੰ ਲਾਠੀਆਂ ਨਾਲ ਕੁੱਟਿਆ ਜਾਂਦਾ ਹੈ।

ਇਸ ਦੇ ਨਾਲ ਹੀ ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕੇਂਦਰ ਦੇ ਇਸ਼ਾਰਿਆਂ ਤੇ ਚੱਲਦੀ ਹੋਈ ਪੰਜਾਬ ਦੇ ਹਰੇਕ ਸੰਘਰਸ਼ ਨੂੰ ਕੁਚਲਣ ਲੱਗੀ ਹੋਈ ਹੈ। ਕੇਂਦਰ ਸਰਕਾਰ ਲਗਾਤਾਰ ਲੋਕ ਮਾਰੂ ਨੀਤੀਆਂ ਲਾਗੂ ਕਰਨ ਲੱਗੀ ਹੋਈ ਹੈ। ਜਿਸਦੇ ਤਹਿਤ ਲਗਾਤਾਰ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਤਾਨਾਸ਼ਾਹੀ ਸਥਾਪਤ ਕਰਕੇ ਨਵੀਆਂ ਨਵੀਆਂ ਨੀਤੀਆ ਨੂੰ ਜਬਰੀ ਥੋਪ ਰਹੀ ਹੈ। ਵਿਦਿਆਰਥੀਆਂ ਉਪੱਰ ਨਵੀਂ ਸਿੱਖਿਆ ਨੀਤੀ ਲਾਗੂ ਕਰਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਾੜਨ ਲੱਗੀ ਹੋਈ ਹੈ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਉਪੱਰ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਸਾਰਾ ਕੰਮ ਚਲਾ ਰਹੀ ਹੈ ਅਤੇ ਵਿਦਿਆਰਥੀਆਂ ਨੌਜਵਾਨਾਂ ਦੀ ਆਵਾਜ਼ ਅਤੇ ਓਹਨਾ ਦੇ ਸੰਘਰਸ਼ ਨੂੰ ਦਬਾਉਣ ਲਈ ਨਵੇਂ ਨਵੇਂ ਫਰਮਾਨ ਲਾਗੂ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਪੰਜਾਬੀ ਯੂਨੀਵਰਸਿਟੀ ਨੇ ਵੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਕਰਨ ਤੇ ਰੋਕ ਲਗਾਈ ਹੈ ਤੇ ਵਿਦਿਆਰਥੀਆਂ ਦੀ ਆਵਾਜ਼ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਸੰਘਰਸ਼ ਨੂੰ ਦਬਾਉਣ ਦੀ ਨੀਤੀ ਤਹਿਤ ਆਪਣਾ ਫੈਸਲਾ ਸੁਣਾਇਆ ਹੈ।

ਇਸ ਲਈ ਹੁਣ ਇਹ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਬਹੁਤ ਵੱਡੀ ਚੁਣੌਤੀ ਹੈ ਅਤੇ ਇਸਦੇ ਖਿਲਾਫ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਇੱਕਠੇ ਹੋ ਕੇ ਵੱਡੇ ਪੱਧਰ ਤੇ ਸੰਘਰਸ਼ ਵਿੱਢਣਾ ਚਾਹੀਦਾ ਹੈ ਤੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਅੰਤ ਆਗੂਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿੱਖੇ ਹੋ ਰਹੇ ਪ੍ਰਦਰਸ਼ਨ ਵਿੱਚ ਫਾਜ਼ਿਲਕਾ ਤੋਂ ਵੱਡੀ ਗਿਣਤੀ ਵਿਦਿਆਰਥੀ ਅਤੇ ਨੌਜਵਾਨਾਂ ਵੱਲੋਂ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਪ੍ਰਵੀਨ ਕੌਰ, ਆਦਿਤਿਆ ਫਾਜ਼ਿਲਕਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਰਮਨ ਮੁਹਾਰਸੋਨਾ, ਅਮਰਜੀਤ ਸਿੰਘ ਅਤੇ ਰਮਨ ਸਿੰਘ ਮਨਸਾ ਹਾਜ਼ਰ ਸਨ।

 

Leave a Reply

Your email address will not be published. Required fields are marked *