School News: ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਲੱਗਣਗੇ AC, ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
School News: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਵੇਕਲੀ ਪਹਿਲ, ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਕੀਤੀ ਸ਼ੁਰੂਆਤ
School News: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਤੋਂ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ।
ਇਸ ਨਿਵੇਕਲੀ ਪਹਿਲ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਰਾਮਨਗਰ ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ‘ਚ ਏ.ਸੀ. ਲਗਵਾਉਣ ਲਈ ਵਿੱਢੀ ਮੁਹਿੰਮ ਦੀ ਸ਼ੁਰੂਆਤ ਕਰਵਾਈ।
ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਤਕਰੀਬਨ ਢਾਈ ਲੱਖ ਰੁਪਏ ਦੀ ਲਾਗਤ ਨਾਲ ਪਿੰਡ ਰਾਮਨਗਰ ਦੇ ਸਰਕਾਰੀ ਸਕੂਲਾਂ (School News) ਵਿੱਚ 6 AC ਅਤੇ ਦੋ 50-50 ਲੀਟਰ ਸਮਰੱਥਾ ਵਾਲੇ ਵਾਟਰ ਕੂਲਰ ਲਗਵਾਏ ਗਏ ਹਨ।
ਇਸਦੇ ਨਾਲ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਰਾਮਨਗਰ ਵਿੱਚ ਹੀ ਹੋਣ ਵਾਲੇ ਕਬੱਡੀ ਟੂਰਨਾਮੈਂਟ ਲਈ ਵਿੱਤੀ ਸਹਾਇਤਾ ਵਜੋਂ 8,100 ਰੁਪਏ ਦਾ ਚੈੱਕ ਵੀ ਦਿੱਤਾ।
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹੁੰਚ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਇੱਛਾਵਾਂ ਅਤੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ (School News) ਦੀ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਂਦਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨਿੱਜੀ ਦਿਲਚਸਪੀ ਵੀ ਆਮ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆ ਸਕਣ ਵਾਲੇ ਕੰਮਾਂ ਵੱਲ ਹੀ ਹੈ ਅਤੇ ਉਹ ਲਗਾਤਾਰ ਅਜਿਹੇ ਲੋਕਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ ਨਾਲ ਭਾਵਨਾਤਮਿਕ ਤੌਰ ‘ਤੇ ਸਹਾਇਤਾ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਜਾ ਸਕੇ।