Punjab News: ਸਾਬਕਾ AAP ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
Punjab News: ਆਮ ਆਦਮੀ ਪਾਰਟੀ (AAP) ਤੋਂ ਸਸਪੈਂਡ ਕੀਤੇ ਗਏ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਅੱਜ ਚੰਡੀਗੜ੍ਹ ਪੁਲਿਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।
ਉਹ ਆਪਣੀ ਪਾਰਟੀ ਦੇ ਹੀ ਵਿਧਾਇਕ ਦਿਨੇਸ਼ ਚੱਢਾ ਦੇ ਵਿਰੁੱਧ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਦੱਸ ਦਈਏ ਕਿ ਸੰਦੋਆ ਅਤੇ ਉਹਦੇ ਕਰੀਬੀਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਆਮ ਆਦਮੀ ਪਾਰਟੀ ਦੇ ਮੁਅੱਤਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਹਾਲ ਹੀ ਵਿੱਚ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪਾਰਟੀ ਨੇ ਮੁਅੱਤਲ ਕਰ ਦਿੱਤਾ ਸੀ। ਉਨ੍ਹਾਂ ਨੇ ਖੁੱਲ੍ਹ ਕੇ ਪਾਰਟੀ ਵਿਰੁੱਧ ਮੋਰਚਾ ਖੋਲ੍ਹਿਆ ਹੈ।
ਅੱਜ ਉਨ੍ਹਾਂ ਨੇ ਰੋਪੜ ਤੋਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ। ਇੱਕ ਦਰਜਨ ਦੇ ਕਰੀਬ ਨੌਜਵਾਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੰਦੋਆ ਸਮਰਥਕ ਦੱਸੇ ਜਾਂਦੇ ਹਨ, ਦਿਨੇਸ਼ ਚੱਢਾ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਵਿਧਾਨ ਸਭਾ ਦੇ ਬਾਹਰ ਪਹੁੰਚ ਗਏ।
ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਸਥਿਤੀ ਨੂੰ ਕਾਬੂ ਕੀਤਾ ਅਤੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਕੰਪਲੈਕਸ ਤੋਂ ਹਟਾ ਦਿੱਤਾ।