All Latest NewsNews FlashPunjab NewsTOP STORIES

Water Crisis: ਪੰਜਾਬ ‘ਚ ਗੰਭੀਰ ਜਲ ਸੰਕਟ!

 

Water Crisis: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ।

ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ, ਪਰ ਮੌਜੂਦਾ ਸਮੇਂ ਸੂਬਾ ਗੰਭੀਰ ਜਲ ਸੰਕਟ (Water Crisis) ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਵੱਡੀ ਚੁਣੌਤੀ ਬਣ ਰਹੀ ਹੈ।

ਉਨ੍ਹਾਂ ਆਖਿਆ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਸੂਬੇ ਭਰ ਵਿੱਚ 15,947 ਖ਼ਾਲੇ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਪਾਣੀ ਪਹੁੰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਕਾਰਜਭਾਰ ਸੰਭਾਲਿਆ, ਉਦੋਂ ਪੰਜਾਬ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਹੋ ਰਹੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਦੱਸਦਿਆਂ ਮੈਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਹੁਣ ਨਹਿਰੀ ਪਾਣੀ ਦਾ 63 ਫੀਸਦੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਤੇ ਵਾਤਾਵਰਨ ਦੀ ਸੰਭਾਲ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸੂਬਾ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਇਸ ਅਹਿਮ ਕਾਰਜ ਲਈ ਲੋਕਾਂ ਦੇ ਸਰਗਰਮ ਅਤੇ ਪੂਰਨ ਸਹਿਯੋਗ ਦੀ ਲੋੜ ਹੈ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਵਾ ਨੂੰ ਅਧਿਆਪਕ, ਪਾਣੀ ਨੂੰ ਪਿਤਾ ਅਤੇ ਧਰਤੀ ਦੀ ਤੁਲਨਾ ਮਾਤਾ ਨਾਲ ਕੀਤੀ ਹੈ ਪਰ ਬੜੇ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਅਸੀਂ ਇਨ੍ਹਾਂ ਤਿੰਨਾਂ ਨੂੰ ਪਲੀਤ ਕਰ ਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਉੱਤੇ ਚੱਲਣ ਤੋਂ ਨਾਕਾਮ ਰਹੇ ਹਾਂ।

ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਵਾਤਾਵਰਨ ਅਤੇ ਅਧਿਆਤਮਕ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੇ ਸਾਰ ਨੂੰ ਸੰਜੀਦਗੀ ਨਾਲ ਆਪਣੇ ਜੀਵਨ ਵਿੱਚ ਢਾਲੀਏ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਭਾਗੇ ਹਨ ਕਿ ਉਨ੍ਹਾਂ ਨੂੰ ਪਹਿਲੇ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਉੱਤੇ ਅਕੀਦਤ ਭੇਟ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਇਕੱਠ ਨੂੰ ਚੇਤੇ ਕਰਵਾਇਆ ਕਿ ਪਹਿਲੀ ਪਾਤਸ਼ਾਹੀ ਨੇ ਇੱਥੇ ਸਾਰੀ ਮਨੁੱਖਤਾ ਲਈ ਮੂਲ ਮੰਤਰ ਦਾ ਉਚਾਰਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਇਸ ਪਵਿੱਤਰ ਨਗਰੀ ਵਿੱਚ ਤਕਰੀਬਨ 14 ਸਾਲ ਗੁਜ਼ਾਰੇ ਅਤੇ ਇਹ ਮੇਰੇ ਲਈ ਵੱਡੇ ਮਾਣ ਦੀ ਗੱਲ ਹੈ ਕਿ ਪਵਿੱਤਰ ਕਾਲੀ ਵੇਂਈ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ।

ਮੁੱਖ ਮੰਤਰੀ ਨੇ ਕਿਹਾ ਕਿ 165 ਕਿਲੋਮੀਟਰ ਲੰਮੀ ਕਾਲੀ ਵੇਂਈ ਦੀ ਸਫ਼ਾਈ ਦੇ ਵਿਸ਼ਾਲ ਹੰਭਲੇ ਨੂੰ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਉਕਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਿਸਾਲੀ ਪਹਿਲਕਦਮੀ ਨਾਲ ਹਵਾ ਤੇ ਪਾਣੀ ਨੂੰ ਬਚਾਉਣ ਦੀ ਅਹਿਮੀਅਤ ਬਾਰੇ ਵਿਸ਼ਵ ਵਿੱਚ ਮਜ਼ਬੂਤ ਸੁਨੇਹਾ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ 16 ਜੁਲਾਈ 2000 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਅਰਦਾਸ ਨਾਲ ਕਾਰ ਸੇਵਾ ਦੀ ਸ਼ੁਰੂਆਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਲ 2022 ਵਿੱਚ ਸੰਤ ਸੀਚੇਵਾਲ ਜੀ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣਿਆ ਗਿਆ, ਜੋ ਲੋਕਾਂ ਦੀ ਸੇਵਾ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਆਵਾਜ਼ ਬੁਲੰਦ ਕੀਤੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਬਾਬਾ ਸੀਚੇਵਾਲ ਦੇ ਅਣਥੱਕ ਯਤਨਾਂ ਸਦਕਾ ਬੁੱਢਾ ਦਰਿਆ (ਜਿਸ ਨੂੰ ਬੁੱਢੇ ਨਾਲੇ ਵਜੋਂ ਜਾਣਿਆ ਜਾਂਦਾ ਸੀ) ਦੀ ਸਫਾਈ ਲਈ ਜ਼ੋਰ ਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਬੁੱਢੇ ਦਰਿਆ ਦਾ ਪੁਰਾਤਨ ਰੂਪ ਬਹਾਲ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਜਲ ਵਸੀਲਿਆਂ ਦੀ ਰਾਖੀ ਲਈ ਹਰ ਮੁਹਾਜ਼ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਨਿਰਮਾਣ ਅਧੀਨ ਹਨ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਾਲੀ ਵੇਂਈ ਦੀ ਸਫਾਈ ਦੀ ਵਰ੍ਹੇਗੰਢ ਮਨਾਉਣਾ ਮਹਿਜ਼ ਰਸਮੀ ਕਾਰਵਾਈ ਨਹੀਂ, ਸਗੋਂ ਇਸ ਦਾ ਮਨੋਰਥ ਭਵਿੱਖੀ ਪੀੜ੍ਹੀਆਂ ਲਈ ਸਾਫ-ਸੁਥਰਾ ਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤ ਵੱਲੋਂ ਬਖਸ਼ੀਆਂ ਅਨਮੋਲ ਦਾਤਾਂ ਦੀ ਰਾਖੀ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਲੋਕ ਲਹਿਰ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਪਤਵੰਤਿਆਂ ਦਾ ਸਵਾਗਤ ਕੀਤਾ।

 

Leave a Reply

Your email address will not be published. Required fields are marked *