Punjab News- ਸਕੂਲ ਮੈਨੇਜਮੈਂਟ ਕਮੇਟੀਆਂ ‘ਚ ਸਿਆਸੀ ਦਖ਼ਲਅੰਦਾਜ਼ੀ ਦੇ ਮਾੜੇ ਨਤੀਜੇ ਆਉਣ ਲੱਗੇ ਸਾਹਮਣੇ: ਡੀਟੀਐੱਫ
Punjab News- ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਰਾਜਨੀਤਕ ਦਖ਼ਲਅੰਦਾਜ਼ੀ ਦੇ ਡੀ ਟੀ ਐੱਫ ਖ਼ਦਸ਼ੇ ਸਹੀ
Punjab News- ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸਿੱਖਿਆ ਅਧਿਕਾਰ ਕਾਨੂੰਨ 2009 ਦੀ ਉਲੰਘਣਾ ਕਰਦਿਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਬਣਤਰ ਬਾਰੇ ਨੋਟੀਫਿਕੇਸ਼ਨ ਜਾਰੀ ਕਰਕੇ ਸਕੂਲਾਂ ਵਿੱਚ ਬਣ ਰਹੀਆਂ ਮੈਨੇਜਮੈਂਟ ਕਮੇਟੀਆਂ ਵਿੱਚ ਰਾਜਨੀਤਿਕ ਦਖਲਅੰਦਾਜ਼ੀ ਦਾ ਰਾਹ ਖੋਲ੍ਹ ਦਿੱਤਾ ਗਿਆ ਸੀ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਪੰਜਾਬ ਸਰਕਾਰ ਦੀ ਅਜਿਹੀ ਦਖ਼ਲਅੰਦਾਜ਼ੀ ਖਿਲਾਫ ਅਵਾਜ਼ ਉਠਾਈ ਗਈ ਸੀ ਅਤੇ ਖਦਸ਼ੇ ਜ਼ਾਹਿਰ ਕੀਤੇ ਗਏ ਸਨ ਕਿ ਸਕੂਲਾਂ ਵਿੱਚ ਇਸ ਕਿਸਮ ਦੀ ਰਾਜਨੀਤਿਕ ਦਖਲਅੰਦਾਜ਼ੀ ਦਾ ਵਿੱਦਿਅਕ ਮਾਹੌਲ ‘ਤੇ ਮਾੜਾ ਅਸਰ ਪਵੇਗਾ। ਪਿਛਲੇ ਦਿਨਾਂ ਦੀਆਂ ਹੁਸ਼ਿਆਰਪੁਰ ਦੇ ਤਲਵਾੜਾ ਅਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਰਾਮਨਗਰ ਦੇ ਸਰਕਾਰੀ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਦੇ ਗਠਨ ਸਮੇਂ ਵਾਪਰੀਆਂ ਘਟਨਾਵਾਂ ਨੇ ਡੀ ਟੀ ਐੱਫ ਦੇ ਖ਼ਦਸ਼ਿਆਂ ਨੂੰ ਸਹੀ ਸਾਬਿਤ ਕਰ ਦਿੱਤਾ ਹੈ।
ਇਸ ਸਬੰਧੀ ਵਿਸਤ੍ਰਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਸਕੂਲਾਂ ਵਿੱਚ ਬਣ ਰਹੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਹਿ ‘ਤੇ ਰਾਜਨੀਤਿਕ ਵਿਅਕਤੀਆਂ ਦੀ ਸ਼ਮੂਲੀਅਤ ਅਤੇ ਦਖ਼ਲਅੰਦਾਜ਼ੀ ਖਿਲਾਫ ਆਵਾਜ਼ ਉਠਾਈ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਅਧਿਕਾਰ ਕਾਨੂੰਨ ਦੀਆਂ ਉਲੰਘਣਾ ਕਰਦਾ ਹੋਇਆ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਪਿੰਡ ਤੋਂ ਬਾਹਰੀ ਵਿਅਕਤੀ ਵੀ ਸਕੂਲ ਮੈਨੇਜਮੈਂਟ ਕਮੇਟੀ ਦਾ ਮੈਂਬਰ ਬਣ ਸਕਦਾ ਹੈ।
ਪਿਛਲੇ ਸਮੇਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਮਾਪੇ, ਇੱਕ ਪੰਚਾਇਤ ਦਾ ਚੁਣਿਆ ਹੋਇਆ ਮੈਂਬਰ ਅਤੇ ਵਿਦਿਆਰਥੀਆਂ ਦੁਆਰਾ ਚੁਣਿਆ ਹੋਇਆ ਇੱਕ ਸਿੱਖਿਆ ਮਾਹਰ ਕਮੇਟੀ ਦਾ ਮੈਂਬਰ ਬਣ ਸਕਦਾ ਸੀ ਪਰ ਨਵੀਂ ਪ੍ਰੋਵੀਜ਼ਨ ਅਨੁਸਾਰ ਪੰਚਾਇਤ ਮੈਂਬਰ ਦੀ ਥਾਂ ਖੇਤਰ ਦੇ ਚੁਣੇ ਹੋਏ ਪ੍ਰਤੀਨਿਧ ਜਾਂ ਉਸ ਦੇ ਨੁਮਾਇੰਦੇ ਨੂੰ ਕਮੇਟੀ ਵਿੱਚ ਸ਼ਾਮਿਲ ਹੋਣ ਦੀ ਆਗਿਆ ਦਿੱਤੀ ਗਈ ਹੈ ਅਤੇ ਸਿੱਖਿਆ ਮਾਹਰ ਵੀ ਰਾਜਨੀਤਿਕ ਪਾਰਟੀ ਵੱਲੋਂ ਦਿੱਤੀ ਗਈ ਲਿਸਟ ਅਨੁਸਾਰ ਕਮੇਟੀ ਵਿੱਚ ਸ਼ਾਮਲ ਕੀਤੇ ਜਾ ਰਹੇ ਹਨ ਜਿੰਨ੍ਹਾਂ ਦਾ ਸਿੱਖਿਆ ਸਰੋਕਾਰਾਂ ਨਾਲ ਕੋਈ ਵਾਸਤਾ ਨਹੀਂ।
ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇੰਨ੍ਹਾਂ ਰਾਜਨੀਤਕ ਵਿਅਕਤੀਆਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮਾਹੌਲ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵਿਗਾੜਨਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਇਸ ਤਰ੍ਹਾਂ ਦੀਆਂ ਸਕੂਲਾਂ ਦੇ ਮਾਹੌਲ ਖਰਾਬ ਕਰਨ ਦੀਆਂ ਘਟਨਾਵਾਂ ਲਈ ਸਿੱਖਿਆ ਮੰਤਰੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਇਸ ਤਰ੍ਹਾਂ ਦੀ ਰਾਜਨੀਤਕ ਦਖ਼ਲਅੰਦਾਜ਼ੀ ਦੇ ਲਿਖਤੀ ਅਤੇ ਜ਼ੁਬਾਨੀ ਆਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।