ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 9 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ, ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ
Punjab News: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਹੋਇਆ 9 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਨਾਲ ਨਾਲ ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰਾਂ ਦੇ ਦੋਸ਼ਾਂ ਤਹਿਤ ਇੱਕ ਸੀਨੀਅਰ ਅਸਿਸਟੈਂਟ ਨੂੰ ਵੀ ਸਸਪੈਂਡ ਕਰਨ ਦਾ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੀਆਂ ਸ਼ਿਕਾਇਤਾਂ ਮਿਲਣ ‘ਤੇ ਇਹ ਤੁਰੰਤ ਐਕਸ਼ਨ ਲਿਆ ਗਿਆ ਹੈ।
ਭੁੱਲਰ ਨੇ ਕਿਹਾ ਕਿ ਸਰਕਾਰ ਨੇ ਇੱਕ ਸਖ਼ਤ ਸੁਨੇਹਾ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਕਾਰਵਾਈ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ, ਡਿਪਟੀ ਟ੍ਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ, 9 ਡਾਟਾ ਐਂਟਰੀ ਓਪਰੇਟਰਾਂ ਅਤੇ ਸਿਕਿਉਰਟੀ ਗਾਰਡਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਗਈਆਂ ਹਨ। ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਹੇਠ ਇੱਕ ਸੀਨੀਅਰ ਅਸਿਸਟੈਂਟ ਨੂੰ ਵੀ ਤੁਰੰਤ ਮੁਅੱਤਲ ਕੀਤਾ ਗਿਆ ਹੈ।

