Punjab News: ਭਗਵੰਤ ਮਾਨ ਦਾ ਵੱਡਾ ਬਿਆਨ; ਕਿਹਾ- ਹੁਣ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਪਾਠਕ੍ਰਮ

All Latest NewsNews FlashPunjab NewsTOP STORIES

 

Punjab News: ਨਸ਼ਿਆਂ ਵਿਰੁੱਧ ਜੰਗ ਵਿੱਚ ਨਵਾਂ ਅਧਿਆਇ, ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ

ਨਸ਼ਿਆਂ ਦੇ ਖ਼ਤਰੇ ਵਿਰੁੱਧ ਹੋਰ ਸੂਬੇ ਪੰਜਾਬ ਦਾ ਮਾਡਲ ਅਪਨਾਉਣਗੇ: ਕੇਜਰੀਵਾਲ

ਸੂਬੇ ਨੂੰ ਨਸ਼ਾ ਮੁਕਤ ਬਣਾਉਣ ਪੰਜਾਬੀ, ਮੁੱਖ ਮੰਤਰੀ ਨੇ ਸੂਬੇ ਵਿੱਚ ਨਸ਼ਿਆਂ ਦੇ ਪਸਾਰ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ

ਅਰਨੀਵਾਲਾ (ਫਾਜ਼ਿਲਕਾ)

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲੀ ਪਾਠਕ੍ਰਮ ਜਾਰੀ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਦੇ ਇਸ ਸਰਹੱਦੀ ਜ਼ਿਲ੍ਹੇ ਤੋਂ ਸੂਬੇ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਫੈਸਲਾਕੁਨ ਮੋੜ ਉੱਤੇ ਪੁੱਜ ਗਈ ਹੈ ਅਤੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤੀਜੇ ਪੜਾਅ ਤਹਿਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਪਾਠਕ੍ਰਮ ਲਿਆਂਦਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਰਾਹੀਂ ਇਨ੍ਹਾਂ ਜਮਾਤਾਂ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ ਨਸ਼ੇ ਦੇ ਪਦਾਰਥਾਂ ਤੋਂ ਦੂਰ ਰਹਿਣ ਲਈ ਉਤਸ਼ਾਹਤ ਕੀਤਾ ਜਾਵੇਗਾ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਪ੍ਰੋਗਰਾਮ ਵਿੱਚ 3658 ਸਕੂਲਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਵਿਚਾਲੇ ਜਾਗਰੂਕਤਾ ਵਧਾਉਣ ਲਈ ਪ੍ਰਸਿੱਧ ਵਿਗਿਆਨੀ ਇਸ ਪ੍ਰੋਗਰਾਮ ਨਾਲ ਜੁੜਨਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਵਿੱਚ 35 ਮਿੰਟ ਦੇ ਸੈਸ਼ਨ ਸ਼ਾਮਲ ਹਨ, ਜਿਹੜੇ 27 ਹਫ਼ਤਿਆਂ ਤੱਕ ਪੰਦਰਵਾੜਾ ਆਧਾਰ ਉੱਤੇ ਕਰਵਾਏ ਜਾਣਗੇ ਅਤੇ ਇਨ੍ਹਾਂ ਵਿੱਚ ਦਸਤਾਵੇਜ਼ੀ, ਪ੍ਰਸ਼ਨੋਤਰੀ, ਪੋਸਟਰ ਅਤੇ ਵਿਚਾਰ-ਵਟਾਂਦਰਾ ਗਤੀਵਿਧੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਸ਼ਨਾਂ ਵਿੱਚ ਨਸ਼ਿਆਂ ਬਾਰੇ ਮਿੱਥਾਂ, ਨਸ਼ਿਆਂ ਨੂੰ ਨਾਂਹ ਕਹਿਣ ਦੀਆਂ ਰਣਨੀਤੀਆਂ ਅਤੇ ਸਾਥੀਆਂ ਦੇ ਦਬਾਅ ਨੂੰ ਨਕਾਰਨ ਦੀਆਂ ਜੁਗਤਾਂ ਉੱਤੇ ਧਿਆਨ ਕੇਂਦਰਤ ਕੀਤਾ ਜਾਵੇਗਾ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੋਈ ਹੈ ਅਤੇ ਇਸ ਪਹਿਲਕਦਮੀ ਤਹਿਤ 15 ਹਜ਼ਾਰ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਤੇ ਇਕ ਹਜ਼ਾਰ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੈਰ ਕਾਨੂੰਨੀ ਕਾਰੋਬਾਰ ਰਾਹੀਂ ਬਣਾਈ ਤਸਕਰਾਂ ਦੀ ਜਾਇਦਾਦ ਨੂੰ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰੋਬਾਰ ਦੇ ਸਭ ਤੋਂ ਬਦਨਾਮ ਸਰਗਨਾ ਨੂੰ ਸੂਬੇ ਵਿਚਲੀ ਈਮਾਨਦਾਰ ਸਰਕਾਰ ਨੇ ਸਲਾਖਾਂ ਪਿੱਛੇ ਸੁੱਟਿਆ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਕਿੰਨੀ ਵੱਡੀ ਤ੍ਰਾਸਦੀ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਇਸ ਨਸ਼ਾ ਕਾਰੋਬਾਰੀ ਦੇ ਹੱਕ ਵਿੱਚ ਆ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ ਘਿਨਾਉਣਾ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਪਾਰਟੀਆਂ ਨਸ਼ਿਆਂ ਕਾਰਨ ਸੂਬੇ ਦੀ ਹੋਈ ਦੁਰਦਸ਼ਾ ਬਾਰੇ ਤਾਂ ਚੁੱਪ ਹਨ ਪਰ ਨਸ਼ਿਆਂ ਦੇ ਸਰਗਨਾ ਦਾ ਸਮਰਥਨ ਕਰ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਨਸ਼ਾ ਵਿਰੋਧੀ ਯਾਤਰਾ’ 10 ਹਜ਼ਾਰ ਤੋਂ ਵੱਧ ਪਿੰਡਾਂ ਤੇ ਵਾਰਡਾਂ ਵਿੱਚ ਜਾ ਚੁੱਕੀ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਆ ਰਹੇ ਹਨ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹਰੇਕ ਨੌਜਵਾਨ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਸੂਬਾ ਸਰਕਾਰ ਦੀ ਇਸ ਨਿਵੇਕਲੀ ਤੇ ਮਹਾਨ ਪਹਿਲਕਦਮੀ ਦੀ ਹਮਾਇਤ ਕਰੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਪਹਿਲੀ ਵਾਰ ਸਵਾਦ ਦੇਖਣ ਦੇ ਸਾਥੀਆਂ ਦੇ ਦਬਾਅ ਅੱਗੇ ਨਹੀਂ ਝੁਕਣਾ ਚਾਹੀਦਾ ਕਿਉਂਕਿ ਇਹ ਉਨ੍ਹਾਂ ਲਈ ਘਾਤਕ ਹੋ ਸਕਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਅੱਗੇ ਆ ਕੇ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦਾ ਢੁਕਵਾਂ ਸਮਾਂ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਪੀੜਤਾਂ ਦੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ ਵੀ ਚੱਲ ਰਹੀਆਂ ਹਨ ਤਾਂ ਕਿ ਉਹ ਮੁੜ ਆਪਣੇ ਪੈਰਾਂ ਦੇ ਖੜ੍ਹੇ ਹੋ ਕੇ ਮਾਣ ਤੇ ਸਤਿਕਾਰ ਨਾਲ ਜੀਵਨ ਬਸਰ ਕਰ ਸਕਣ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੋਈ ਵੀ ਸੂਬਾ ਜਾਂ ਦੇਸ਼ ਨਸ਼ਿਆਂ ਦੇ ਖ਼ਤਰੇ ਤੋਂ ਅਣਛੋਹਿਆ ਨਹੀਂ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਰੇ ਸੂਬੇ ਨਸ਼ਿਆਂ ਦੀ ਜੜ੍ਹ ਵੱਢਣ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਚਲਾਉਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦੇਭਾਗੀ ਪੰਜਾਬ ਕੌਮਾਂਤਰੀ ਸਰਹੱਦ ਉੱਤੇ ਪੈਣ ਕਾਰਨ ਆਪਣੀ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਤਸਕਰਾਂ ਲਈ ਲਾਂਘਾ ਬਣਿਆ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਦਿੜ੍ਹਤਾ ਨਾਲ ਆਖਿਆ ਕਿ ਪੰਜਾਬ ਦੇ ਲੋਕਾਂ ਨੇ ਇਕਜੁੱਟ ਹੋ ਕੇ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤਸਕਰਾਂ ਵਿਰੁੱਧ ਸਖ਼ਤੀ ਨਾਲ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮਾਜ ਨੂੰ ਜ਼ਹਿਰ ਦੇ ਕੇ ਆਲੀਸ਼ਾਨ ਘਰਾਂ ਵਿੱਚ ਵਿਲਾਸੀ ਸਹੂਲਤਾਂ ਦਾ ਆਨੰਦ ਮਾਣਨ ਵਾਲੇ ਤਸਕਰ ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਕਿਸੇ ਵੀ ਕੀਮਤ ਉੱਤੇ ਨਹੀਂ ਬਖ਼ਸ਼ੇਗੀ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ, ਜਿਸ ਤੋਂ ਲੋਕਾਂ ਦਾ ਭਰੋਸਾ ਝਲਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਤਰ੍ਹਾਂ ਦੇ ਪ੍ਰੋਗਰਾਮ ਨਹੀਂ ਹੋਣੇ ਚਾਹੀਦੇ ਸਨ ਪਰ ਮੰਦੇਭਾਗੀ ਪੰਜਾਬ ਨੂੰ ਅਜਿਹੇ ਹਾਲਾਤ ਵਿੱਚ ਫਸਾ ਦਿੱਤਾ ਗਿਆ ਹੈ, ਜਿਸ ਕਾਰਨ ਇਹ ਪ੍ਰੋਗਰਾਮ ਕਰਵਾਉਣੇ ਲਾਜ਼ਮੀ ਹੋ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਮੱਥੇ ਉੱਤੇ ਨਸ਼ਿਆਂ ਦਾ ਧੱਬਾ ਲਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦਾ ਕਾਰਜਕਾਲ ਸੰਭਾਲਣ ਮਗਰੋਂ ਸਾਨੂੰ ਰਣਨੀਤੀ ਬਣਾਉਣ ਲਈ ਸਮਾਂ ਲੱਗਿਆ ਅਤੇ ਹੁਣ ਸੂਬਾ ਸਰਕਾਰ ਨੇ ਨਸ਼ਾ ਛੱਡਣ ਵਾਲਿਆਂ ਦਾ ਇਲਾਜ ਯਕੀਨੀ ਬਣਾਉਣ ਲਈ ਨਸ਼ਾ-ਛੁਡਾਊ ਕੇਂਦਰ ਸ਼ੁਰੂ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਵੀ ਕੰਮ ਕਰ ਰਹੀ ਹੈ ਤਾਂ ਕਿ ਉਹ ਮਾਣ ਤੇ ਸਤਿਕਾਰ ਨਾਲ ਜੀਵਨ ਜੀਣ ਦੇ ਕਾਬਲ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਪਿਛਲੇ 150 ਦਿਨਾਂ ਤੋਂ ਜਾਰੀ ਹੈ ਅਤੇ ਸੈਂਕੜੇ ਪੰਚਾਇਤਾਂ ਨੇ ਮਤੇ ਪਾਸ ਕਰ ਕੇ ਇਹ ਪ੍ਰਣ ਲਿਆ ਹੈ ਕਿ ਉਹ ਕਦੇ ਵੀ ਨਸ਼ਾ ਤਸਕਰਾਂ ਦਾ ਸਾਥ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਹੁਣ ਲੋਕ ਲਹਿਰ ਵਿੱਚ ਬਦਲ ਗਈ ਹੈ ਅਤੇ ਇਸ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਸਕੂਲੀ ਸਿਲੇਬਸ ਵਿੱਚ ਨਸ਼ਾ ਵਿਰੋਧੀ ਸਿੱਖਿਆ ਨੂੰ ਸ਼ਾਮਲ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਲੱਛਣਾਂ ਅਤੇ ਖ਼ਤਰਿਆਂ ਤੋਂ ਜਾਣੂੰ ਕਰਵਾਇਆ ਜਾਵੇਗਾ ਕਿਉਂਕਿ ਨਸ਼ਿਆਂ ਦੀ ਪਹਿਲੀ ਵਾਰ ਕੀਤੀ ਵਰਤੋਂ ਹੀ ਜ਼ਿੰਦਗੀ ਦੀ ਤਬਾਹੀ ਦੀ ਸ਼ੁਰੂਆਤ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੋਟ ਬੈਂਕ ਦੀ ਰਾਜਨੀਤੀ ਨਹੀਂ ਕਰਦੀ ਅਤੇ ਸਕੂਲੀ ਬੱਚਿਆਂ ਦੀ ਤਾਂ ਵੋਟ ਵੀ ਨਹੀਂ ਹੁੰਦੀ ਪਰ ਫਿਰ ਵੀ ਅਸੀਂ ਉਨ੍ਹਾਂ ਨੂੰ ਇਸ ਸਰਾਪ ਵਿਰੁੱਧ ਜਾਗਰੂਕ ਕਰਨਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਆਗੂ ਪਾਰਟੀਆਂ ਵੀ ਪਹਾੜਾਂ ਵਿੱਚ ਕਰਦੇ ਸਨ ਅਤੇ ਉੱਥੇ ਹੀ ਜ਼ਮੀਨਾਂ ਜ਼ਮੀਨਾਂ ਖ਼ਰੀਦਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਬੱਚੇ ਹਥਿਆਰਬੰਦ ਗਾਰਡਾਂ ਦੀ ਸੁਰੱਖਿਆ ਹੇਠ ਸਕੂਲ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਆਗੂਆਂ ਵਿਰੁੱਧ ਫੈਸਲਾਕੁਨ ਕਾਰਵਾਈ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਮਜੀਠੀਆ ਨੂੰ ਫੜਿਆ ਗਿਆ ਸੀ ਤਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਾਰੇ ਉਨ੍ਹਾਂ ਦੇ ਸਮਰਥਨ ਵਿੱਚ ਆ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਆਗੂ ਕਹਿੰਦੇ ਹੁੰਦੇ ਸਨ ਕਿ ਉਹ ਮਜੀਠੀਆ ਨੂੰ ਉਸ ਦਾ ਕਾਲਰ ਫੜ ਕੇ ਘਸੀਟਣਗੇ ਪਰ ਹੁਣ ਉਹ ਉਸ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਦੀ ਲਾਲਸਾ ਵਿੱਚ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਬਰਬਾਦ ਕਰ ਦਿੱਤਾ। ਮੰਤਰੀਆਂ ਦੀਆਂ ਸਰਕਾਰੀ ਕਾਰਾਂ ਵਿੱਚ ਨਸ਼ਿਆਂ ਦੇ ਪੈਕੇਟ ਸਪਲਾਈ ਕੀਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਹਾਕਮਾਂ ਦੇ ਕਰੀਬੀ ਦੋਸਤ ਮੰਨਿਆ ਜਾਂਦਾ ਹੈ, ਜਿਸ ਕਾਰਨ ਸੂਬੇ ਵਿੱਚ ਨਸ਼ਿਆਂ ਨੇ ਆਪਣੇ ਪੈਰ ਪਸਾਰੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਜੀਠੀਆ ਵਿਰੁੱਧ ਕਾਨੂੰਨੀ ਲੜਾਈ ਉਦੋਂ ਤੱਕ ਜਾਰੀ ਰੱਖੇਗੀ ਜਦੋਂ ਤੱਕ ਉਸ ਨੂੰ ਆਪਣੇ ਪਾਪਾਂ ਲਈ ਮਿਸਾਲੀ ਸਜ਼ਾ ਨਹੀਂ ਮਿਲ ਜਾਂਦੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਸਿਰਫ਼ ਆਪਣੇ ਰਿਸ਼ਤੇਦਾਰਾਂ ਦੇ ਨਾਮ ਹੀ ਪਤਾ ਹਨ ਅਤੇ ਉਹ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਵੀ ਅਣਜਾਣ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਬਾਦਲਾਂ ਨੂੰ ਕਈ ਵਾਰ ਚੁਣਿਆ ਪਰ ਇਨ੍ਹਾਂ ਲੋਕਾਂ ਨੇ ਕਦੇ ਵੀ ਜਨਤਾ ਜਾਂ ਸੂਬੇ ਦੀ ਪਰਵਾਹ ਨਹੀਂ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਸੂਬੇ ਦੇ ਨੌਜਵਾਨਾਂ ਨੂੰ ਦੂਰ ਰੱਖਣ ਲਈ ਪੰਜਾਬ ਸਰਕਾਰ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮਾਂ ਦੀ ਉਸਾਰੀ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਬਾਰੇ ਜਾਣਕਾਰੀ ਦੇਣ ਲਈ ਲੋਕਾਂ ਵਾਸਤੇ ਵਟਸਐਪ ਨੰਬਰ 97791-00200 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਬਿਲਕੁੱਲ ਗੁਪਤ ਰੱਖੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਾ ਛੱਡ ਰਹੇ ਪੀੜਤਾਂ ਦੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ ਵੀ ਚੱਲ ਰਹੀਆਂ ਹਨ ਤਾਂ ਕਿ ਉਹ ਮੁੜ ਆਪਣੇ ਪੈਰਾਂ ਉੱਤੇ ਖੜ੍ਹੇ ਹੋ ਕੇ ਮਾਣ ਤੇ ਸਤਿਕਾਰ ਨਾਲ ਜੀਵਨ ਜਿਊ ਸਕਣ।

ਆਪਣੇ ਸੰਬੋਧਨ ਵਿੱਚ ‘ਆਪ` ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਰ ਖੇਤਰ ਵਿੱਚ ਮੋਹਰੀ ਰਿਹਾ ਹੈ ਅਤੇ ਹੁਣ ਸੂਬੇ ਦੇ ਸਕੂਲੀ ਬੱਚੇ ਨਸ਼ਿਆਂ ਨੂੰ ਨਾਂਹ ਕਹਿਣ ਵਿੱਚ ਦੇਸ਼ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਤੋਂ ਬਾਅਦ ਪ੍ਰਾਈਵੇਟ ਸਕੂਲਾਂ ਵਿੱਚ ਵੀ ਇਹ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋ ਗਿਆ ਹੈ ਅਤੇ ਸੂਬਾ ਹੁਣ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਸਥਾਨ `ਤੇ ਹੈ। ਮਨੀਸ਼ ਸਿਸੋਦੀਆ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਇਸ ਘਿਨਾਉਣੇ ਅਪਰਾਧ ਨੂੰ ਤੁਰੰਤ ਬੰਦ ਕਰਨ ਜਾਂ ਸਖ਼ਤ ਨਤੀਜੇ ਭੁਗਤਣ ਲਈ ਤਿਆਰ ਰਹਿਣ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਮਹਾਂਮਾਰੀ ਨੇ ਆਪਣੇ ਪੈਰ ਪਸਾਰ ਲਏ ਸਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ` ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਵੱਡੇ ਪੱਧਰ `ਤੇ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਪਾਠਕ੍ਰਮ ਸ਼ੁਰੂ ਕਰਨ ਨਾਲ ਸੂਬੇ ਵਿੱਚੋਂ ਇਸ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਤੇ ਹੋਰ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *