IMD Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ
IMD Alert: ਦੇਸ਼ ਭਰ ਵਿਚ ਮੌਨਸੂਨ ਦੀ ਬਾਰਿਸ਼ ਜਾਰੀ ਹੈ। ਮੌਸਮ ਵਿਭਾਗ ਪੰਜਾਬ ਦੇ ਵੱਲੋਂ ਕਈ ਜਿਲ੍ਹਿਆਂ ਵਿੱਚ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ, ਅੱਜ ਰਾਜਪੁਰਾ, ਡੇਰਾਬੱਸੀ, ਮੋਹਾਲੀ, ਬੱਸੀ ਪਠਾਨਾ, ਚੰਡੀਗੜ੍ਹ, ਖਰੜ, ਚਮਕੌਰ ਸਾਹਿਬ, ਰੂਪਨਗਰ, ਬਲਾਚੌਰ, ਆਨੰਦਪੁਰ ਸਾਹਿਬ, ਪਟਿਆਲਾ, ਫਤਹਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪੂਰੇ ਦੇਸ਼ ਵਿਚ ਮੌਨਸੂਨ ਦੀ ਬਾਰਿਸ਼ ਜਾਰੀ ਹੈ। ਅਗਸਤ ਦੀ ਸ਼ੁਰੂਆਤ ਤੋਂ ਹੀ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ।
ਹਿਮਾਚਲ ਵਿਚ ਹੋਈ ਬਾਰਿਸ਼ ਪੰਜਾਬ ਲਈ ਆਫਤ ਬਣ ਸਕਦੀ ਹੈ। ਮੌਸਮ ਵਿਭਾਗ ਨੇ ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ ਦੇ ਉੱਤਰੀ ਹਿੱਸੇ ਅਤੇ ਪੂਰੇ ਖੇਤਰ ਵਿੱਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 48 ਘੰਟਿਆਂ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ ਦਿੱਲੀ ਐਨਸੀਆਰ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਉੱਤਰੀ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਮਾਨਸੂਨ ਕਾਰਨ ਆਫ਼ਤ ਦਾ ਸਾਹਮਣਾ ਕਰ ਰਹੇ ਹਨ। ਦੋਵਾਂ ਰਾਜਾਂ ਵਿੱਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਵੀ ਦੋਵਾਂ ਰਾਜਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਇਸ ਦੇ ਨਾਲ ਹੀ ਭਾਰੀ ਮੀਂਹ ਕਾਰਨ ਵੱਡੇ ਪੱਧਰ ਉਤੇ ਜ਼ਮੀਨ ਖਿਸਕਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਵਿਚ 22 ਥਾਵਾਂ ਨੂੰ ਅਸਲ ਜੋਖਮ ਸੂਚੀ ਵਿੱਚ ਰੱਖਿਆ ਗਿਆ ਹੈ।
ਇਸ ਵਿਚ ਮੰਡੀ, ਕਾਂਗੜਾ, ਸ਼ਿਮਲਾ ਅਤੇ ਸੋਲਨ ਵਰਗੇ ਜ਼ਿਲ੍ਹਿਆਂ ਵਿੱਚ ਜੋਖਮ ਦਾ ਪੱਧਰ ਉੱਚਾ ਦੱਸਿਆ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਭਾਰੀ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ।
ਇਸ ਦੌਰਾਨ, ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

