Big Breaking: ਹੁਸੈਨੀਵਾਲਾ ਅਤੇ ਹਰੀਕੇ ਹੈੱਡ ‘ਚ ਪਾਣੀ ਦਾ ਪੱਧਰ ਵਧਿਆ, ਹੜ੍ਹਾਂ ਦਾ ਬਣਿਆ ਖ਼ਤਰਾ! DC ਵੱਲੋਂ ਬੰਨ੍ਹਾਂ ਨੂੰ ਤੁਰੰਤ ਮਜ਼ਬੂਤ ਦੇ ਹੁਕਮ

All Latest NewsNews FlashPunjab News

 

ਡਿਪਟੀ ਕਮਿਸ਼ਨਰ ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਬੰਨ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ- ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਦੇ ਦਿੱਤੇ ਨਿਰਦੇਸ਼

ਮੱਖੂ/ ਜ਼ੀਰਾ

ਮਾਨਸੂਨ ਸੀਜ਼ਨ ਦੌਰਾਨ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਪਿੰਡ ਰੁਕਣੇ ਵਾਲਾ ਅਤੇ ਗੱਟਾ ਬਾਦਸ਼ਾਹ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ ਤੇ ਬੰਨਾ ਦੀ ਮਜ਼ਬੂਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ|

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੜਾਂ ਦੀ ਸਥਿਤੀ ਨਾਲ ਨਿਪਟਣ ਲਈ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ ਅਤੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ। ਉਹਨਾਂ ਦੱਸਿਆ ਕਿ ਸਾਲ 2023 ਦੌਰਾਨ ਆਏ ਹੜਾ ਮੌਕੇ ਇਹਨਾਂ ਪਿੰਡਾਂ ਵਿੱਚ ਹਾਲਾਤ ਕਾਫੀ ਨਾਜ਼ੁਕ ਬਣ ਗਏ ਸਨ ਇਸ ਲਈ ਹੁਣ ਪਹਿਲਾ ਤੋਂ ਹੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ|

ਇਸ ਮੌਕੇ ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ਭਾਰੀ ਵਰਖਾ ਹੋਣ ਕਾਰਨ ਬਿਆਸ ਅਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਪ੍ਰੰਤੂ ਹੁਣ ਤੱਕ ਸਥਿਤੀ ਨਾਰਮਲ ਹੈ। ਉਹਨਾਂ ਕਿਹਾ ਜੇਕਰ ਆਉਣ ਵਾਲੇ ਸਮੇਂ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਨਾਲ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

ਇਸ ਮੌਕੇ ਉਹਨਾਂ ਵੱਲੋਂ ਪਿੰਡ ਰੁਕਣੇ ਵਾਲਾ ਵਿਖੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ਵਾਲੇ ਪਾਸੇ ਬੰਨ੍ਹ ਨੂੰ ਗੱਟੇ ਆਦ ਲਗਾ ਕੇ ਅਤੇ ਮਸ਼ੀਨਾਂ ਦੀ ਮਦਦ ਨਾਲ ਹੋਰ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਜੇਕਰ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਪਿੰਡ ਵਾਸੀਆਂ ਨੂੰ ਦਿੱਕਤ ਨਾ ਆਵੇ। ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਵੀ ਬੰਨ੍ਹਾਂ ਦੀ ਮਜ਼ਬੂਤੀ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਉਨਾਂ ਵੱਲੋਂ ਮਾਨਸੂਨ ਸੀਜ਼ਨ-2025 ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗਾਊਂ ਮੀਟਿੰਗ ਕਰਕੇ ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ ਆਦਿ ਦੇ ਪ੍ਰਬੰਧ, ਮੁਕੰਮਲ ਕਰ ਲਏ ਗਏ ਸਨ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਅਤੇ ਆਰਜੀ ਸ਼ੈਲਟਰਾਂ ਦੀ ਵੀ ਸ਼ਨਾਖਤ ਕਰ ਲਈ ਗਈ ਹੈ ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਅਧਿਕਾਰੀ ਵੀ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *