ਅਕਾਲ ਤਖਤ ਸਾਹਿਬ ਤੋਂ ਸੁਣਾਏ ਗਏ ਵੱਡੇ ਫ਼ੈਸਲੇ! ਸਰਕਾਰਾਂ ਅਤੇ ਸਿੱਖ ਸੰਗਤਾਂ ਲਈ ਅਹਿਮ ਹੁਕਮ ਜਾਰੀ

All Latest NewsNews FlashPunjab NewsTOP STORIES

 

Punjab News: ਮਤਾ ਨੰਬਰ 01

ਅੱਜ ਮਿਤੀ ੨੨ ਸਾਵਣ ਨਾਨਕਸ਼ਾਹੀ ਸੰਮਤ ੫੫੭ ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਵਿੱਚ ਪੁੱਜੀਆਂ ਸ਼ਿਕਾਇਤਾਂ ਕਿ, “ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ” – ਦਾ ਮਾਮਲਾ ਵਿਚਾਰਿਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ੦੨ ਦਸੰਬਰ ੨੦੨੪ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਆਦੇਸ਼ ਵਿੱਚ ਸਮੂਹ ਅਕਾਲੀ ਦਲ ਧਿਰਾਂ ਨੂੰ ਤਾਕੀਦ ਕੀਤੀ ਗਈ ਸੀ ਕਿ ਉਹ ਆਪੋ ਆਪਣੇ ਵੱਖਰੇ ਚੱਲ੍ਹੇ ਸਮੇਟ ਕੇ ਇਕਜੁੱਟ ਹੋਣ। ਇਸ ਸਬੰਧੀ ਹੁਣ ਤਕ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। ਅੱਜ ਸਿੱਖ ਵਿਸ਼ਵ ਭਰ ਅੰਦਰ ਵੱਖ-ਵੱਖ ਦੇਸ਼ਾਂ, ਸਿਆਸੀ ਧਿਰਾਂ ਵਿੱਚ ਰਹਿੰਦਾ ਹੋਇਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਮਾਈ ਭਾਈ ਦੇ ਹੱਕ ਹਕੂਕ ਤੇ ਹਿੱਤ ਵਿੱਚ ਖੜ੍ਹਾ ਹੈ। ਜੇਕਰ ੦੨ ਦਸੰਬਰ ੨੦੨੪ ਨੂੰ ਹੋਏ ਆਦੇਸ਼ ਨੂੰ ਕੋਈ ਵੀ ਧਿਰ ਇੰਨ-ਬਿੰਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ। ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ।

ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਦੀਰਘ ਵਿਚਾਰ ਵਟਾਂਦਰਾ ਕਰਕੇ ਆਦੇਸ਼ ਕੀਤਾ ਜਾਂਦਾ ਹੈ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਖ਼ਾਲਸਾ ਪੰਥ ਦੇ ਵਡੇਰੇ ਹਿਤਾਂ, ਪੰਜਾਬ ਦੀ ਜ਼ਮੀਨ ਨੂੰ ਬਚਾਉਣ, ਸਿੱਖ ਪਛਾਣ ਤੇ ਕਕਾਰਾਂ ਨੂੰ ਦਰਪੇਸ਼ ਚੁਣੌਤੀਆਂ, ਮੌਜੂਦਾ ਤਕਨੀਕੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਯੁੱਗ ਅੰਦਰ ਸਿੱਖ ਇਤਿਹਾਸ, ਸਿਧਾਂਤ ਅਤੇ ਪਾਵਨ ਗੁਰਬਾਣੀ ਨਾਲ ਛੇੜਛਾੜ ਅਤੇ ਦੇਸ਼-ਵਿਦੇਸ਼ ਅੰਦਰ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਮਾਮਲਿਆਂ ਨੂੰ ਨਜਿੱਠਣ ਲਈ ਸਮੂਹ ਅਕਾਲੀ ਅਤੇ ਪੰਥਕ ਧਿਰਾਂ ਲਾਮਬੰਦੀ ਕਰਕੇ ਇਕਜੁੱਟ ਹੋ ਕੇ ਚੱਲਣ।

ਮਤਾ ਨੰਬਰ 02

ਅੱਜ ਮਿਤੀ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਮਿਤੀ ੨੪ ਜੁਲਾਈ ੨੦੨੫ ਨੂੰ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਤੇ ਹੋਰ ਸੰਸਥਾਵਾਂ ਵੱਲੋਂ ਸਾਂਝੇ ਤੌਰ ਉੱਤੇ ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ ੩੫੦ ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇੱਕ ਪ੍ਰੋਗਰਾਮ ਟੈਗੋਰ ਹਾਲ ਵਿਖੇ ਕੀਤਾ, ਜਿਸ ਵਿੱਚ ਨਾਚ-ਗਾਣੇ ਤੇ ਮਨੋਰੰਜਨ ਕਰਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ।

ਦੇਸ਼ ਵਿਦੇਸ਼ ਤੋਂ ਸਿੱਖ ਸੰਗਤ ਨੇ ਇਸ ਸਬੰਧੀ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪੰਜਾਬੀ ਗਾਇਕ ਬੀਰ ਸਿੰਘ ਵਿਰੁੱਧ ਲਿਖਤੀ ਸ਼ਿਕਾਇਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀਆਂ ਜਿਨ੍ਹਾਂ ਉੱਤੇ ਵਿਚਾਰ ਕਰਦਿਆਂ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸਰਕਾਰਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆ ਉੱਤੇ ਸੈਮੀਨਾਰ, ਗੋਸ਼ਟੀਆਂ ਤੇ ਲੈਕਚਰ ਕਰਵਾਉਣੇ ਚਾਹੀਦੇ ਹਨ ਪਰ ਉਨ੍ਹਾਂ ਵਿੱਚ ਵੀ ਸਿੱਖ ਧਾਰਮਿਕ ਮਰਯਾਦਾ ਦਾ ਪੂਰਨ ਧਿਆਨ ਰੱਖਿਆ ਜਾਵੇ।

ਇਨ੍ਹਾਂ ਸਮਾਗਮਾਂ ਨੂੰ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਸਹਿਯੋਗ ਲਿਆ ਜਾਵੇ। ਧਾਰਮਿਕ ਤੇ ਗੁਰਮਤਿ ਸਮਾਗਮ ਕਰਨੇ ਅਤੇ ਨਗਰ ਕੀਰਤਨ ਕੱਢਣੇ ਖ਼ਾਲਸਾ ਪੰਥ ਦੀਆਂ ਸਿੱਖ ਸੰਸਥਾਵਾਂ ਦੇ ਕਾਰਜ ਹਨ ਅਤੇ ਪੰਥ ਇਨ੍ਹਾਂ ਨੂੰ ਕਰਨ ਲਈ ਪੂਰਨ ਸਮਰੱਥ ਹੈ, ਇਸ ਲਈ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਉੱਤੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸਹਿਯੋਗ ਕਰੇ, ਜਿਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਬਿਹਾਰ ਸਰਕਾਰ ਨੇ ਕੀਤਾ ਸੀ।

ਸਿੱਖ ਸੰਸਥਾਵਾਂ ਵੀ ਸਰਕਾਰ ਅਤੇ ਸਰਕਾਰ ਦੇ ਨੁਮਾਇੰਦਿਆਂ ਦਾ ਇਨ੍ਹਾਂ ਸਮਾਗਮਾਂ ਵਿੱਚ ਬਣਦਾ ਸਤਿਕਾਰ ਕਰੇ।ਕਿਉਂਕਿ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਨਾਲ ਸਬੰਧਤ ਹੋਰ ਗੁਰਧਾਮਾਂ ਉੱਤੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿੱਚ ਪਹੁੰਚਣਗੀਆਂ, ਇਸ ਲਈ ਪੰਜਾਬ ਸਰਕਾਰ ਇਨ੍ਹਾਂ ਥਾਵਾਂ ਨੂੰ ਆਉਂਦੇ ਰਸਤੇ, ਸੜਕਾਂ ਠੀਕ ਕਰੇ, ਲੋੜੀਂਦੇ ਵਿਕਾਸ ਕਾਰਜ ਕਰੇ ਅਤੇ ਸੰਗਤ ਦੀ ਸਹੂਲਤ ਵਾਲੇ ਹੋਰ ਪ੍ਰਬੰਧ ਯਕੀਨੀ ਬਣਾਵੇ।

ਜਿਵੇਂ ਬੀਤੇ ਸਮੇਂ ਮਨਾਈਆਂ ਸ਼ਤਾਬਦੀਆਂ ਮੌਕੇ ਸਮੇਂ ਦੀਆਂ ਸਰਕਾਰਾਂ ਨੇ ਗੁਰੂ ਸਾਹਿਬਾਨ ਨੂੰ ਸਮਰਪਿਤ ਹੁੰਦਿਆਂ ਕਾਲਜ, ਹਸਪਤਾਲ, ਯੂਨੀਵਰਸਿਟੀਆਂ ਸਥਾਪਤ ਕੀਤੀਆਂ ਹਨ, ਪੰਜਾਬ ਸਰਕਾਰ ਉਸੇ ਤਰਜ ਉੱਤੇ ਕਾਰਜ ਕਰਦਿਆਂ ਨੌਵੇਂ ਪਾਤਸ਼ਾਹ ਦੀ ਯਾਦਗਾਰ ਵਜੋਂ ਲੋਕ ਭਲਾਈ ਲਈ ਅਜਿਹੇ ਸੰਸਥਾਨ ਕਾਇਮ ਕਰੇ।ਸਾਹਮਣੇ ਆਏ ਤੱਥਾਂ ਤੋਂ ਸਪੱਸ਼ਟ ਹੋਇਆ ਹੈ ਕਿ ਸ਼੍ਰੀਨਗਰ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸਿੱਖ ਮਰਯਾਦਾ ਦੀ ਵੱਡੀ ਉਲੰਘਣਾ ਹੋਈ ਹੈ, ਜਿਸ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ।

ਹਰਜੋਤ ਸਿੰਘ ਅੱਜ ਹੀ ਨੌਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ, ਸ੍ਰੀ ਅੰਮ੍ਰਿਤਸਰ ਵਿਖੇ ਤੁਰ ਕੇ ਜਾਣਗੇ ਅਤੇ ਇਸ ਅਸਥਾਨ ਨੂੰ ਜਾਂਦੇ ਰਸਤਿਆਂ ਅਤੇ ਗਲੀਆਂ ਨੂੰ ਠੀਕ ਕਰਵਾਉਣਗੇ ਅਤੇ ਚੰਗੀ ਸਾਫ਼-ਸਫਾਈ ਯਕੀਨੀ ਬਣਾਉਣਗੇ, ਗੁਰਦੁਆਰਾ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ, ਵੱਲਾ, ਸ੍ਰੀ ਅੰਮ੍ਰਿਤਸਰ ਵਿਖੇ ੧੦੦ ਮੀਟਰ ਤੁਰ ਕੇ ਜਾਣ ਅਤੇ ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨ, ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਵੀ ਇਸੇ ਤਰ੍ਹਾਂ ਲੋੜੀਂਦੇ ਕਾਰਜਾਂ ਤੇ ਰਸਤਿਆਂ ਦਾ ਪ੍ਰਬੰਧ ਯਕੀਨੀ ਬਣਾਉਣਗੇ, ਇਹ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਣ ਲਈ ਜਾਣਗੇ ਅਤੇ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ੦੨ ਦਿਨ ਜੋੜਾ ਘਰ ਵਿੱਚ ਸੇਵਾ ਕਰਨ ਉਪਰੰਤ ੧੧੦੦ ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣਗੇ।

ਮਤਾ ਨੰਬਰ 03

ਅੱਜ ਮਿਤੀ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿਚ ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ, ਜੰਮੂ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਨਾਨਕ ਨਗਰ, ਜੰਮੂ ਦੀ ਪ੍ਰਬੰਧਕ ਕਮੇਟੀ ਵੱਲੋਂ ਪੰਥ ’ਚੋਂ ਛੇਕੇ ਰਾਗੀ ਦਰਸ਼ਨ ਸਿੰਘ ਨੂੰ ਸਮਾਗਮ ਵਿਚ ਬੁਲਾਉਣ ਸਬੰਧੀ ਮਾਮਲਾ ਵਿਚਾਰਿਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਕੀਤੀ ਉਲੰਘਣਾ ਦੇ ਦੋਸ਼ ਵਜੋਂ ਰਣਜੀਤ ਸਿੰਘ ਟੋਹੜਾ ਪ੍ਰਧਾਨ ਤੇ ਜਗਪਾਲ ਸਿੰਘ ਕੈਸ਼ੀਅਰ ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ, ਜੰਮੂ ਅਤੇ ਸੋਮਨਾਥ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਨਾਨਕ ਨਗਰ, ਜੰਮੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮ੍ਹਾ ਜਾਚਨਾ ਕੀਤੀ , ਜਿਸ ’ਤੇ ਪੰਜ ਸਿੰਘ ਸਾਹਿਬਾਨ ਨੇ ਇਨ੍ਹਾਂ ਨੂੰ ਹੇਠ ਲਿਖੇ ਅਨੁਸਾਰ ਸੇਵਾ ਲਗਾਈ ਹੈ।

1. 11 ਦਿਨ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਜੋੜੇ ਝਾੜਨ, ਭਾਂਡੇ ਮਾਂਜਣ ਅਤੇ ਇੱਕ ਘੰਟਾ ਹੱਥੀ ਸੇਵਾ ਕਰਨ।
2. 11 ਦਿਨ ਨਿਤਨੇਮ ਤੋਂ ਇਲਾਵਾ ਪੰਜ ਪਾਠ ਜਪੁ ਜੀ ਸਾਹਿਬ ਅਤੇ ਪੰਜ ਪਾਠ ਜਾਪੁ ਸਾਹਿਬ ਜੀ ਦੇ ਕਰਨ।
3. ਸੇਵਾ ਪੂਰੀ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜਰ ਹੋ ਕੇ 1100/-ਰੁਪਏ ਦੀ ਕੜਾਹਿ ਪ੍ਰਸਾਦਿ ਦੀ ਦੇਗ ਕਰਵਾ ਕੇ 1100/-ਰੁਪਏ ਗੁਰੂ ਦੀ ਗੋਲਕ ਵਿਚ ਪਾ ਕੇ ਅਰਦਾਸ ਕਰਵਾਉਣ।

 

Media PBN Staff

Media PBN Staff

One thought on “ਅਕਾਲ ਤਖਤ ਸਾਹਿਬ ਤੋਂ ਸੁਣਾਏ ਗਏ ਵੱਡੇ ਫ਼ੈਸਲੇ! ਸਰਕਾਰਾਂ ਅਤੇ ਸਿੱਖ ਸੰਗਤਾਂ ਲਈ ਅਹਿਮ ਹੁਕਮ ਜਾਰੀ

  • ਕਾਲਾ ਦਿਉਣ ਬਠਿੰਡਾ

    ਰਾਗੀ ਦਰਸ਼ਨ ਸਿੰਘ ਨਹੀਂ ਜੀ
    ਜਥੇਦਾਰ ਰਾਗੀ ਦਰਸ਼ਨ ਸਿੰਘ ਹੋਏ ਨੇ ।
    ਦੂਸਰੀ ਗੱਲ ਇਹਨਾਂ ਇਸ ਵਿਚਾਰਧਾਰਾ ਦਾ ਕੀ ਬਣਾ ਧਰਿਆ ।
    ਜਪੁਜੀ ਸਾਹਿਬ ਜੀ ਦੇ ਪਾਠ ਮਤਲਵ ਸਜ਼ਾ ਹੁੰਦੀ ਏ ?!

Leave a Reply

Your email address will not be published. Required fields are marked *