ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਵੇਗਾ ਭਾਰੀ ਮੀਂਹ, IMD ਵੱਲੋਂ ਯੈਲੋ ਅਲਰਟ ਜਾਰੀ
IMD Alert: ਪੰਜਾਬ ਵਿੱਚ ਵੀ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ….
IMD Alert: ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਸ ਵੇਲੇ ਮੌਸਮ ਪੂਰੀ ਤਰ੍ਹਾਂ ਨਾਲ ਬਦਲ ਚੁੱਕਿਆ ਹੈ। ਦੁਬਾਰਾ ਤੋਂ ਮੌਨਸੂਨ ਦੀ ਸ਼ੁਰੂਆਤ ਹੁੰਦਿਆਂ ਹੀ, ਕਈ ਥਾਵਾਂ ਤੋਂ ਪਹਾੜ੍ਹਾਂ ਦੇ ਢਹਿਰ ਅਤੇ ਬਾਰਿਸ਼ ਕਾਰਨ ਤਬਾਹੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਇਸ ਕਾਰਨ ਦਰਿਆਵਾਂ, ਨਦੀਆਂ ਅਤੇ ਨਾਲਿਆਂ ਵਿੱਚ ਪਾਣੀ ਪੂਰੀ ਤਰ੍ਹਾਂ ਨਾਲ ਭਰ ਚੁੱਕਿਆ ਹੈ। ਪੰਜਾਬ ਦੀ ਜੇਕਰ ਗੱਲ ਕਰੀਏ ਤਾਂ, ਪੰਜਾਬ ਵਿੱਚ ਵੀ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ।
ਉੱਥੇ ਦੂਜੇ ਪਾਸੇ ਮੌਸਮ ਵਿਭਾਗ (IMD) ਵੱਲੋਂ ਪੰਜਾਬ ਦੇ ਅੱਜ (ਮੋਹਾਲੀ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਫਹਿਤਗੜ੍ਹ ਸਾਹਿਬ) ਵਿੱਚ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ।
ਦੱਸ ਦਈਏ ਕਿ ਪਹਾੜਾਂ ਵਿੱਚ ਭਾਰੀ ਬਾਰਿਸ਼ ਕਾਰਨ ਨਦੀਆਂ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਬਿਆਸ ਅਤੇ ਉੱਜ ਦਰਿਆਵਾਂ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਪਠਾਨਕੋਟ ਦੇ ਆਲੇ-ਦੁਆਲੇ ਰਹਿਣ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਜ਼ਮੀਨ ਖਿਸਕਣ ਅਤੇ ਸੜਕਾਂ ‘ਤੇ ਡਿੱਗ ਰਹੇ ਮਲਬੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਨੂੰ ਬਹਾਲ ਕਰਨ ਦਾ ਕੰਮ ਚੱਲ ਰਿਹਾ ਹੈ ਪਰ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਇਸ ਵਿੱਚ ਰੁਕਾਵਟਾਂ ਪੈਦਾ ਕਰ ਰਹੀ ਹੈ।
ਇਸ ਦੇ ਨਾਲ ਹੀ, ਬੀਬੀਐਮਬੀ ਪੌਂਗ ਡੈਮ ਪ੍ਰਬੰਧਨ ਨੇ ਪੰਜਾਬ ਅਤੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੌਂਗ ਡੈਮ ਵਿੱਚ ਪਾਣੀ ਦੇ ਵਧ ਰਹੇ ਪੱਧਰ ਨੂੰ ਲੈ ਕੇ ਇੱਕ ਚੇਤਾਵਨੀ ਪੱਤਰ ਲਿਖਿਆ ਹੈ।
ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੂਰਤ ਵਿੱਚ ਇਹ ਹੋਰ ਵੀ ਵੱਧ ਸਕਦਾ ਹੈ, ਜਿਸ ਤੋਂ ਬਾਅਦ ਸਪਿਲਵੇਅ ਰਾਹੀਂ ਵਾਧੂ ਪਾਣੀ ਛੱਡਿਆ ਜਾ ਸਕਦਾ ਹੈ। ਅਧਿਕਾਰੀਆਂ ਨੂੰ ਬਿਆਸ ਦਰਿਆ ਦੇ ਕੰਢੇ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

