Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ
Rain Alert: ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਸ ਵੇਲੇ ਬਾਰਿਸ਼ ਦਾ ਕਹਿਰ ਵੇਖਣ ਨੁੰ ਮਿਲ ਰਿਹਾ ਹੈ। ਚਾਰੇ ਪਾਸੇ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ।
ਪੰਜਾਬ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਦੇ ਵੱਲੋਂ ਵੀ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ।
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਲਰਟ
ਮੌਸਮ ਵਿਭਾਗ ਅਨੁਸਾਰ, ਅਗਲੇ ਕੁੱਝ ਘੰਟਿਆਂ ਦੌਰਾਨ ਸੰਗਰੂਰ , ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਦੱਸਦੇ ਚੱਲੀਏ ਕਿ ਅੱਜ ਤੋਂ ਬਾਅਦ ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਦਾਜ਼ਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਵੇਗੀ। ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ, ਜਿਸ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ ਡਿੱਗ ਗਿਆ ਹੈ।
ਪੰਜਾਬ ਦਾ ਤਾਪਮਾਨ
ਪੰਜਾਬ ਦਾ ਵੱਧ ਤੋਂ ਵੱਧ ਔਸਤ ਤਾਪਮਾਨ 2.7 ਡਿਗਰੀ ਸੈਲਸੀਅਸ ਘਟ ਗਿਆ ਹੈ। ਹਾਲਾਂਕਿ, ਇਹ ਸੂਬੇ ਵਿੱਚ ਆਮ ਦੇ ਨੇੜੇ ਹੈ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਸੀ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਲੁਧਿਆਣਾ ਵਿੱਚ ਤਾਪਮਾਨ 32.9 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 31.5 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 35.0 ਡਿਗਰੀ ਸੈਲਸੀਅਸ ਰਿਹਾ।

