Flood Alert: ਸਤਲੁਜ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, ਕਈ ਪਿੰਡਾਂ ‘ਚ ਵੜਿਆ ਪਾਣੀ
ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜ਼ਬੂਤੀ ਦੇ ਦਿੱਤੇ ਨਿਰਦੇਸ਼
ਫ਼ਿਰੋਜ਼ਪੁਰ
ਮਾਨਸੂਨ ਸੀਜ਼ਨ ਦੌਰਾਨ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਦਰਿਆ ਪਾਰਲੇ ਪਿੰਡ ਟੇੰਡੀ ਵਾਲਾ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਵਿੱਚ ਪਾਣੀ ਦੇ ਪੱਧਰ ਤੇ ਬੰਨ੍ਹ ਦੀ ਮਜ਼ਬੂਤੀ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨਾਂ ਵੱਲੋਂ ਹੁਸੈਨੀਵਾਲਾ ਹੈਡਵਰਕਸ ਤੇ ਜਾ ਕੇ ਪਾਣੀ ਦੇ ਪੱਧਰ ਦਾ ਵੀ ਜਾਇਜ਼ਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਅਜਿਹੇ ਹਾਲਾਤ ਨਾਲ ਸੁਚਾਰੂ ਢੰਗ ਨਾਲ ਨਜਿੱਠਿਆ ਜਾ ਸਕੇ ਅਤੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਬਿਆਸ ਅਤੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਹੈ, ਜੇਕਰ ਆਉਣ ਵਾਲੇ ਸਮੇਂ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਨਾਲ ਹੜ੍ਹਾਂ ਵਰਗੇ ਹਾਲਾਤ ਬਣਦੇ ਹਨ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਵੱਲੋਂ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਉਨ੍ਹਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ਵਾਲੇ ਪਾਸੇ ਬੰਨ੍ਹ ਨੂੰ ਗੱਟੇ ਆਦਿ ਲਗਾ ਕੇ ਅਤੇ ਮਸ਼ੀਨਾਂ ਦੀ ਮਦਦ ਨਾਲ ਹੋਰ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਜੇਕਰ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਪਿੰਡ ਵਾਸੀਆਂ ਨੂੰ ਦਿੱਕਤ ਨਾ ਆਵੇ। ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਵੀ ਬੰਨ੍ਹਾਂ ਦੀ ਮਜ਼ਬੂਤੀ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਪਿੰਡ ਵਾਸੀਆਂ ਦੀ ਮੰਗ ਤੇ ਉਹਨਾਂ ਅਧਿਕਾਰੀਆਂ ਨੂੰ ਬੇੜੇ ਦੀ ਰਿਪੇਅਰ ਕਰਾਉਣ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਪਿੰਡ ਟੇੰਡੀ ਵਾਲਾ ਵਿਖੇ ਬੰਨ ਨੂੰ ਪੱਕੇ ਤੌਰ ‘ਤੇ ਮਜਬੂਤ ਕਰਨ ਦੀ ਪਿੰਡ ਵਾਸੀਆਂ ਦੀ ਮੰਗ ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਛੇਤੀ ਹੀ ਹੱਲ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਸਥਿਤੀ ਨਾਲ ਨਿਪਟਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜਾਂ ਸਬੰਧੀ ਕਿਸੇ ਵੀ ਕਿਸਮ ਦੀ ਐਮਰਜੰਸੀ ਸਥਿਤੀ ਲਈ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ ਮਾਨ, ਡੀਡੀਪੀਓ ਹਰਜਿੰਦਰ ਸਿੰਘ ਸਮੇਤ ਡਰੇਨੇਜ ਸਿੰਚਾਈ ਅਤੇ ਹੋਰ ਵਿਭਾਗਾਂ ਅਧਿਕਾਰੀ ਵੀ ਹਾਜ਼ਰ ਸਨ।

