Weather News : ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ
Punjab Weather News : ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਸ ਵੇਲੇ ਹੜ੍ਹਾਂ ਵਰਗੇ ਹਾਲਾਤ ਬਣੇ ਪਏ ਹਨ। ਕਈ ਇਲਾਕੇ ਡੁੱਬ ਚੁੱਕੇ ਹਨ ਅਤੇ ਕਈ ਡੁੱਬਣ ਵਾਲੇ ਹਨ।
ਕਿਉਂਕਿ ਦਰਿਆਵਾਂ ਦੇ ਪਾਣੀ ਦਾ ਪੱਧਰ ਬਹੁਤ ਜਿਆਦਾ ਵੱਧ ਚੁੱਕਿਆ ਹੈ। ਦਰਅਸਲ, ਪਹਾੜਾਂ ਵਿੱਚ ਹੋ ਰਹੀ ਲੈਂਡਸਲਾਈਡ ਦੇ ਕਾਰਨ ਮੈਦਾਨੀ ਇਲਾਕਿਆਂ ਵਿੱਚ ਚੋਖਾ ਨੁਕਸਾਨ ਹੋ ਰਿਹਾ ਹੈ।
ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਕੱਲ੍ਹ ਅਤੇ ਸ਼ਨੀਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ।
ਪੰਜਾਬ ਦਾ ਤਾਪਮਾਨ ਹੇਠਾਂ ਡਿੱਗਿਆ
ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੱਲ੍ਹ ਮੀਂਹ ਪਿਆ। ਅੰਮ੍ਰਿਤਸਰ ਵਿੱਚ 14 ਮਿਲੀਮੀਟਰ, ਲੁਧਿਆਣਾ ਵਿੱਚ 18 ਮਿਲੀਮੀਟਰ, ਪਟਿਆਲਾ ਵਿੱਚ 1 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 62 ਮਿਲੀਮੀਟਰ, ਮੋਹਾਲੀ ਵਿੱਚ 14.5 ਮਿਲੀਮੀਟਰ, ਪਠਾਨਕੋਟ ਵਿੱਚ 4 ਮਿਲੀਮੀਟਰ, ਰੂਪਨਗਰ ਵਿੱਚ 10.5 ਮਿਲੀਮੀਟਰ ਅਤੇ ਐਸਬੀਐਸ ਨਗਰ ਵਿੱਚ 15 ਮਿਲੀਮੀਟਰ ਮੀਂਹ ਪਿਆ। ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 3.3 ਡਿਗਰੀ ਘੱਟ ਗਿਆ। ਜਿਸ ਤੋਂ ਬਾਅਦ ਸੂਬੇ ਦਾ ਤਾਪਮਾਨ ਆਮ ਨਾਲੋਂ 4.4 ਡਿਗਰੀ ਘੱਟ ਗਿਆ।

