ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹੜਾਂ ਨੇ ਮਚਾਈ ਤਬਾਹੀ, DCs ਨੂੰ ਸਰਕਾਰ ਵੱਲੋਂ ਸਖ਼ਤ ਨਿਰਦੇਸ਼!

All Latest NewsNews FlashPunjab News

 

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ

ਪੰਜਾਬ ਦੇ ਸੱਤ ਜ਼ਿਲ੍ਹੇ ਇਸ ਵੇਲੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹਨਾਂ ਸੱਤ ਜ਼ਿਲਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਆਦਿ ਸ਼ਾਮਿਲ ਹਨ। ਹਾਲਾਂਕਿ ਕਪੂਰਥਲਾ ਅਤੇ ਪਟਿਆਲਾ ਵਿੱਚ ਵੀ ਪ੍ਰਸ਼ਾਸਨ ਦੇ ਵੱਲੋਂ ਹਾੜਾ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਰਹੱਦੀ ਇਲਾਕੇ ਇਸ ਵੇਲੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਪਹਿਲਾਂ ਇਹ ਇਲਾਕੇ ਜਿੱਥੇ ਜੰਗ ਦੀ ਮਾਰ ਝੱਲਦੇ ਰਹੇ, ਉਥੇ ਹੀ ਹੁਣ ਅੰਦਰੂਨੀ ਜੰਗ ਯਾਨੀਕਿ ਹੜਾਂ ਦੀ ਲਪੇਟ ਵਿੱਚ ਆਉਣ ਕਾਰਨ ਸਥਿਤੀ ਬਦ ਤੋਂ ਬਦਤਰ ਹੋਈ ਪਈ ਹੈ।

ਬੀਤੇ ਦਿਨ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵੱਖ ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ ਵਿਭਾਗ ਦੇ ਸਾਰੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਸ਼ਾਮਲ ਹੋਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਾਲ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਮੁੱਖ ਇੰਜੀਨੀਅਰ (ਡਰੇਨੇਜ) ਹਰਦੀਪ ਸਿੰਘ ਮੈਂਦੀਰੱਤਾ ਵੀ ਹਾਜ਼ਰ ਸਨ।

ਵਿਸਥਾਰਤ ਸਮੀਖਿਆ ਮੀਟਿੰਗ ਦੌਰਾਨ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਨਿਰੰਤਰ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਇਸ ਲਈ ਹੜ੍ਹਾਂ ਦੀ ਸਥਿਤੀ ਬਾਰੇ ਚੌਕਸੀ ਵਧਾਈ ਜਾਵੇ।

ਜਲ ਸਰੋਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਸਣੇ ਡਿਊਟੀ ਰੋਸਟਰ ਰਜਿਸਟਰਾਂ ਦੀ ਢੁਕਵੀਂ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਿਰਵਿਘਨ ਨਿਗਰਾਨੀ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਬਰਿੰਦਰ ਕੁਮਾਰ ਗੋਇਲ ਨੇ ਸੰਵੇਦਨਸ਼ੀਲ ਖੇਤਰਾਂ ਦੇ ਨਾਲ-ਨਾਲ ਲੋੜੀਂਦੀਆਂ ਥਾਵਾਂ ‘ਤੇ ਤੈਨਾਤ ਫੀਲਡ ਸਟਾਫ ਸਮੇਤ ਮਜ਼ਬੂਤ ਨਿਗਰਾਨੀ ਟੀਮਾਂ ਦੀ ਤੈਨਾਤੀ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੂਰੇ ਪ੍ਰਭਾਵਿਤ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਸੈਕਟਰ-ਵਾਰ ਵੰਡਣ ਨਾਲ ਸਮੇਂ ਸਿਰ ਬਚਾਅ ਕਾਰਜ ਯਕੀਨੀ ਬਣਾਏ ਜਾ ਸਕਣਗੇ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਆਬਾਦੀ ਲਈ ਸ਼ੈਲਟਰ, ਭੋਜਨ ਅਤੇ ਡਾਕਟਰੀ ਸਹਾਇਤਾ ਸਮੇਤ ਜ਼ਰੂਰੀ ਸਹੂਲਤਾਂ ਨਾਲ ਲੈਸ ਢੁਕਵੇਂ ਰਾਹਤ ਕੈਂਪ ਯਕੀਨੀ ਬਣਾਏ ਜਾਣ। ਉਨ੍ਹਾਂ ਹੜ੍ਹਾਂ ਕਾਰਨ ਪੈਦਾ ਹੋ ਰਹੀ ਸਥਿਤੀ ਦਾ ਨਿਰੰਤਰ ਮੁਲਾਂਕਣ ਕਰਨ ਅਤੇ ਰੋਕਥਾਮ ਉਪਾਅ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਬਣਾਈ ਰੱਖਣ ਦੇ ਲਗਾਤਾਰ ਯਤਨਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦਰਮਿਆਨ ਨਿਰੰਤਰ ਸੰਚਾਰ ਸਾਧਨ ਬਰਕਰਾਰ ਰੱਖੇ ਜਾਣ।

 

Media PBN Staff

Media PBN Staff

Leave a Reply

Your email address will not be published. Required fields are marked *