ਪੰਜਾਬ ‘ਚ ਹੜ੍ਹ ਦਾ ਕਹਿਰ! ਲੱਖਾਂ ਏਕੜ ਫ਼ਸਲ ਤਬਾਹ- ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

All Latest NewsNews FlashPunjab News

 

ਚੰਡੀਗੜ੍ਹ

ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੁਣ ਤੱਕ ਜਿੱਥੇ ਸੈਂਕੜੇ ਪਿੰਡ ਪਾਣੀ ਦੀ ਲਪੇਟ ਵਿੱਚ ਆ ਚੁੱਕੇ ਨੇ, ਉੱਥੇ ਹੀ ਤਾਜ਼ਾ ਰਿਪੋਰਟ ਇਹ ਹੈ ਕਿ ਇੱਕ ਲੱਖ ਏਕੜ ਦੇ ਕਰੀਬ ਫ਼ਸਲਾਂ ਵੀ ਪ੍ਰਭਾਵਿਤ ਹੋ ਚੁੱਕੀਆਂ ਹਨ।

ਟ੍ਰਿਬਿਊਨ  ਦੀ ਰਿਪੋਰਟ ਅਨੁਸਾਰ, ਖੇਤੀਬਾੜੀ ਵਿਭਾਗ ਤਰਫ਼ੋਂ ਹੜ੍ਹਾਂ ਨਾਲ ਹੋਏ ਨੁਕਸਾਨੀ ਫ਼ਸਲ ਦਾ ਰਕਬਾ 90,884 ਏਕੜ ਦੱਸਿਆ ਜਾ ਰਿਹਾ ਹੈ। ਗੈਰ ਸਰਕਾਰੀ ਤੌਰ ’ਤੇ ਕਰੀਬ ਡੇਢ ਲੱਖ ਏਕੜ ਫ਼ਸਲ ਪ੍ਰਭਾਵਿਤ ਹੋਣ ਦੀ ਗੱਲ ਆਖੀ ਜਾ ਰਹੀ ਹੈ।

ਸਰਕਾਰੀ ਰਿਪੋਰਟ ਅਨੁਸਾਰ ਸਭ ਤੋਂ ਵੱਧ ਜ਼ਿਲ੍ਹਾ ਫ਼ਾਜ਼ਿਲਕਾ ’ਚ 32,762 ਏਕੜ ਫ਼ਸਲ ਹੜ੍ਹਾਂ ਦੀ ਮਾਰ ਹੇਠ ਆਈ ਹੈ ਜਦਕਿ ਕਪੂਰਥਲਾ ਜ਼ਿਲ੍ਹੇ ’ਚ ਝੋਨਾ, ਗੰਨਾ ਤੇ ਮੱਕੀ ਦੀ 20,995 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ।

ਇਸੇ ਤਰ੍ਹਾਂ ਤਰਨ ਤਾਰਨ ’ਚ 18,920 ਏਕੜ, ਫ਼ਿਰੋਜ਼ਪੁਰ ’ਚ 10,799 ਏਕੜ, ਮੋਗਾ ’ਚ 5600 ਏਕੜ, ਅੰਮ੍ਰਿਤਸਰ ’ਚ 820 ਏਕੜ ਅਤੇ ਹੁਸ਼ਿਆਰਪੁਰ ਜ਼ਿਲ੍ਹੇ ’ਚ 988 ਏਕੜ ਫ਼ਸਲ ਪਾਣੀ ’ਚ ਡੁੱਬੀ ਹੈ। ਪ੍ਰਭਾਵਿਤ ਫ਼ਸਲਾਂ ਦੀ ਥਾਂ ’ਤੇ ਮੁੜ ਕਿਸਾਨਾਂ ਨੂੰ ਫ਼ਸਲ ਦੀ ਬਿਜਾਂਦ ਕਰਨੀ ਪਵੇਗੀ ਜਿਸ ਨਾਲ ਲਾਗਤ ਖ਼ਰਚੇ ਹੋਰ ਵਧਣਗੇ।

ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਮੁੰਡੀਆਂ

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ ’ਤੇ ਪ੍ਰਭਾਵਿਤ ਜ਼ਿਲ੍ਹਿਿਆਂ ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵਲੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀਆਂ ਵਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ, ਉਥੇ ਹੀ ਰਾਹਤ ਕਾਰਜਾਂ ਉੱਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਰੱਖੇ ਜਾ ਸਕਣ।

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੰਜਾਬ ਭਰ ਵਿੱਚ ਧੁੱਸੀ ਬੰਨ੍ਹਾਂ ਅਤੇ ਅਡਵਾਂਸ ਬੰਨ੍ਹਾਂ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਹੋਰ ਮਜ਼ਬੂਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਕੈਬਨਿਟ ਮੰਤਰੀ ਵਲੋਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਨ੍ਹਾਂ ਲੋਕਾਂ ਦੀ ਮੰਗ ਅਨੁਸਾਰ ਪ੍ਰਭਾਵਿਤ ਲੋਕਾਂ ਲਈ ਐਸ.ਡੀ.ਆਰ.ਐਫ. ਦੀਆਂ ਹੋਰ ਟੁਕੜੀਆਂ ਤੈਨਾਤ ਕਰਨ ਲਈ ਵੀ ਕਿਹਾ ਤਾਂ ਜੋ ਰਾਹਤ ਕਾਰਜਾਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ।

ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ ਅਤੇ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਚਮੜੀ ਦੇ ਰੋਗਾਂ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਿਯਮਤ ਸਿਹਤ ਜਾਂਚ ਯਕੀਨੀ ਬਣਾਈ ਜਾਵੇ।

ਪਸ਼ੂ ਧਨ ਦੀ ਸਿਹਤ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ ਦੇ ਹੁਕਮ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵੈਟਰਨਰੀ ਡਾਕਟਰ ਪ੍ਰਭਾਵਿਤ ਪਿੰਡਾਂ ਅਤੇ ਡੇਰਿਆਂ ਵਿੱਚ ਜਾ ਕੇ ਪਸ਼ੂ ਧਨ ਦੀ ਜਾਂਚ ਕਰਨ। ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਸਲਾਮ ਕਰਦਿਆਂ ਮੁੰਡੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਰੈਸਟ ਹਾਊਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਅਤੇ ਦਰਿਆਵਾਂ ਵਿੱਚ ਵਗ ਰਹੇ ਪਾਣੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

 

Media PBN Staff

Media PBN Staff

Leave a Reply

Your email address will not be published. Required fields are marked *