Punjab Breaking: ਭਾਜਪਾ ਲੀਡਰ ਫੜ੍ਹ ਕੇ ਪੁਲਿਸ ਨੇ ਗੱਡੀਆਂ ‘ਚ ਸੁੱਟੇ, ਥਾਣੇ ਕੀਤੇ ਬੰਦ- ਪੜ੍ਹੋ ਪੂਰਾ ਮਾਮਲਾ
Punjab Breaking: ਪੰਜਾਬ ਵਿੱਚ ਕੈਂਪ ਲਾਉਣ ਨੂੰ ਲੈ ਕੇ ਭਾਜਪਾ ਅਤੇ ਆਪ ਸਰਕਾਰ ਵਿਚਾਲੇ ਪਿਛਲੇ ਕੁੱਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ।
ਪਰਸੋਂ ਸੁਨੀਲ ਜਾਖੜ ਸਮੇਤ ਕਈ ਆਗੂਆਂ ਨੂੰ ਪੁਲਿਸ ਨੇ ਅਬੋਹਰ ਵਿੱਚ ਹਿਰਾਸਤ ਵਿੱਚ ਲਿਆ ਸੀ, ਉਥੇ ਹੀ ਅੱਜ ਖ਼ਬਰ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਈ ਹੈ। ਜਿੱਥੇ ਪੁਲਿਸ ਦੇ ਵੱਲੋਂ ਭਾਜਪਾ ਲੀਡਰਾਂ ਨੂੰ ਫੜ੍ਹ ਕੇ ਥਾਣੇ ਬੰਦ ਕਰ ਦਿੱਤਾ ਗਿਆ।
ਮੀਡੀਆ ਰਿਪੋਰਟਾਂ ਅਨੁਸਾਰ, ਐਤਵਾਰ ਸਵੇਰੇ ਪਿੰਡ ਲੱਕੜਵਾਲਾ ਵਿੱਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਇੱਕ ਕੈਂਪ ਲਗਾਇਆ।
ਇਸ ਬਾਰੇ ਜਾਣਕਾਰੀ ਮਿਲਣ ‘ਤੇ ਸਥਾਨਕ ਪੁਲਿਸ ਕੈਂਪ ਵਾਲੀ ਥਾਂ ‘ਤੇ ਪਹੁੰਚੀ ਅਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਮੁਖੀ ਰਾਜੇਸ਼ ਗੋਰਾ ਪਥੇਲਾ ਸਮੇਤ ਲਗਪਗ 40 ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸਾਰਿਆਂ ਨੂੰ ਰੁਪਾਣਾ ਥਾਣੇ ਵਿੱਚ ਰੱਖਿਆ ਗਿਆ ਹੈ।
ਭਾਜਪਾ ਆਗੂਆਂ ਵੱਲੋਂ ਭਾਜਪਾ ਦੇ ਸੇਵਾਦਾਰ ‘ਆ ਗਏ ਆਪਕੇ ਦੁਆਰ’ ਤਹਿਤ ਕੈਂਪ ਲਗਾਏ ਜਾ ਰਹੇ ਹਨ। ਇਸ ਵਿੱਚ ਲੋਕ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਨਤਕ ਯੋਜਨਾਵਾਂ ਲਈ ਫਾਰਮ ਭਰ ਰਹੇ ਹਨ।
ਐਤਵਾਰ ਨੂੰ ਪਿੰਡ ਲੱਕੜਵਾਲਾ ਵਿੱਚ ਸਵੇਰੇ 9 ਵਜੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਮੁਖੀ ਰਾਜੇਸ਼ ਗੋਰਾ ਪਥੇਲਾ ਦੀ ਅਗਵਾਈ ਹੇਠ ਇੱਕ ਕੈਂਪ ਲਗਾਇਆ ਗਿਆ।
ਜਦੋਂ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਸਾਰੇ ਭਾਜਪਾ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕੈਂਪ ਬੰਦ ਕਰਵਾ ਦਿੱਤਾ। ਇਸ ਦੌਰਾਨ ਭਾਜਪਾ ਮੈਂਬਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸੇ ਤਰ੍ਹਾਂ ਸਰਦੂਲਗੜ੍ਹ ਵਿਖੇ ਵੀ ਪੁਲਿਸ ਵੱਲੋਂ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਭਾਜਪਾ ਪੰਜਾਬ ਨੇ ਦੋਸ਼ ਲਾਇਆ ਕਿ, ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ਤੇ ਸਾਰੇ ਭਾਜਪਾ ਲੀਡਰਾਂ ਅਤੇ ਵਰਕਰਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਲੋਕ ਸੇਵਾ ਦੇ ਕੰਮ ਨੂੰ ਰੋਕਿਆ ਗਿਆ। ਇਹ ਲੋਕਤੰਤਰ ਨਹੀਂ, ਤਾਨਾਸ਼ਾਹੀ ਹੈ।
ਭਾਜਪਾ ਆਗੂਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹੈ- ਭਗਵੰਤ ਮਾਨ
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਜਪਾ ਆਗੂਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਉਂਕਿ ਉਹ (BJP ਆਗੂ) ਨਿੱਜੀ ਡੇਟਾ ਇਕੱਠਾ ਕਰਨ ਲਈ ਕੈਂਪ ਲਗਾ ਕੇ ਨਾਗਰਿਕਾਂ ਦੇ ਨਿੱਜੀ ਅਧਿਕਾਰਾਂ ਦੀ ਉਲੰਘਣਾ ਦੀ ਕੋਸ਼ਿਸ਼ ਕਰ ਰਹੇ ਹਨ, ਜਿਸਦੀ ਇਜਾਜ਼ਤ ਕਿਸੇ ਵੀ ਕੀਮਤ ‘ਤੇ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਜਪਾ ਪਹਿਲਾਂ ਹੀ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ ‘ਚ ਹੇਰਾਫੇਰੀ ਅਤੇ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆਉਣ ਦੀਆਂ ਚਾਲਾਂ ਲਈ ਬੇਨਕਾਬ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਹਾਲਾਂਕਿ ਅਜਿਹੇ ਯਤਨ ਪੰਜਾਬ ਵਿੱਚ ਸਫਲ ਨਹੀਂ ਹੋਣਗੇ ਅਤੇ ਸਰਕਾਰ ਇਹ ਯਕੀਨੀ ਬਣਾਏਗੀ ਕਿ ਨਾਗਰਿਕਾਂ ਦੇ ਨਿੱਜੀ ਅਧਿਕਾਰ ਸੁਰੱਖਿਅਤ ਰਹਿਣ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

