ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਚੇਤਾਵਨੀ! ਜੇ ਛੁੱਟੀਆਂ ‘ਚ ਅਧਿਆਪਕਾਂ ਨੂੰ ਸਕੂਲ ਬੁਲਾਇਆ ਤਾਂ ਹੋਵੇਗੀ ਸਖ਼ਤ ਕਾਰਵਾਈ
Punjab News-
ਪੰਜਾਬ ਸਰਕਾਰ ਦੇ ਵੱਲੋਂ ਹੜਾਂ ਦੇ ਮੱਦੇਨਜ਼ਰ ਸੂਬੇ ਦੇ ਅੰਦਰ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਇਸੇ ਵਿਚਾਲੇ ਹੀ ਕੁਝ ਜਗਾਵਾਂ ਤੋਂ ਖਬਰਾਂ ਮਿਲ ਰਹੀਆਂ ਨੇ ਕਿ ਕਈ ਪ੍ਰਾਈਵੇਟ ਸਕੂਲ ਆਪਣੇ ਪੱਧਰ ‘ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਕੂਲ ਖੋਲ ਕੇ ਅਧਿਆਪਕਾਂ ਨੂੰ ਬੁਲਾ ਰਹੇ ਹਨ।
ਇਸ ਗੱਲ ਦਾ ਸਖਤ ਨੋਟਿਸ ਲੈਂਦਿਆਂ ਹੋਇਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਖਤ ਤਾੜਨਾ ਪ੍ਰਾਈਵੇਟ ਸਕੂਲਾਂ ਨੂੰ ਕੀਤੀ ਹੈ ਕਿ ਜੇਕਰ ਉਨ੍ਹਾਂ ਨੇ ਛੁੱਟੀਆਂ ਵਿੱਚ ਅਧਿਆਪਕਾਂ ਨੂੰ ਜਾਂ ਫਿਰ ਬੱਚਿਆਂ ਨੂੰ ਬੁਲਾਇਆ ਤਾਂ ਉਹਨਾਂ ਸਕੂਲਾਂ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ਉਤੇ ਕਿਹਾ ਕਿ, ‘ਪੰਜਾਬ ਸਰਕਾਰ ਨੇ ਹੜ੍ਹਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵਿੱਚ ਛੁੱਟੀਆਂ ਘੋਸ਼ਿਤ ਕੀਤੀਆਂ ਹਨ।
ਛੁੱਟੀਆਂ ਦੇ ਬਾਵਜੂਦ ਕਈ ਥਾਵਾਂ ਤੋਂ ਇਹ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਕਿ ਕੁੱਝ ਪ੍ਰਾਈਵੇਟ ਸਕੂਲ ਆਪਣੀ ਮਨਮਰਜ਼ੀ ਕਰਦਿਆਂ ਆਪਣੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਬੁਲਾ ਰਹੇ ਹਨ।
ਇਸ ਸਬੰਧੀ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਹੁਣ ਜੇਕਰ ਕਿਸੇ ਵੀ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀ (ਸਕੂਲ ਖੁੱਲ੍ਹਣ) ਸ਼ਿਕਾਇਤ ਮਿਲਦੀ ਹੈ ਤਾਂ ਸੰਬੰਧਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

