Weather Red Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਰੈੱਡ ਅਲਰਟ ਜਾਰੀ
Weather Red Alert: ਮੌਸਮ ਵਿਭਾਗ ਨੇ ਪਠਾਨਕੋਟ, ਕਪੁਰਥਲਾ, ਹੁਸਿਆਰਪੁਰ, ਜਲੰਧਰ, ਨਵਾਂ ਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਭਾਰੀ ਮੀਂਹ ਪੈਣ ਬਾਰੇ ਰੈੱਡ ਅਲਰਟ ਜਾਰੀ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿਚ ਹਨ। ਲੋਕ ਆਪਣੇ ਘਰਾਂ ਦੀਆਂ ਛੱਤਾਂ ਉਤੇ ਪਨਾਹ ਲੈ ਰਹੇ ਹਨ ਜਾਂ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ।
ਲਗਭਗ ਦੋ ਲੱਖ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਰਾਜ ਵਿਚ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਕਾਰਨ ਨਾ ਸਿਰਫ਼ ਹਿਮਾਚਲ ਅਤੇ ਜੰਮੂ ਵਿੱਚ ਭਾਰੀ ਬਾਰਿਸ਼ ਕਾਰਨ ਤਿੰਨ ਡੈਮਾਂ ਤੋਂ ਛੱਡਿਆ ਜਾ ਰਿਹਾ ਪਾਣੀ ਹੈ, ਸਗੋਂ ਰਾਜ ਵਿੱਚ ਹੋਈ ਬਾਰਿਸ਼ ਵੀ ਹੈ।
ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, 25 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ ਅਗਸਤ ਦੇ ਮਹੀਨੇ ਵਿੱਚ 253.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਆਮ ਤੌਰ ‘ਤੇ ਅਗਸਤ ਦੇ ਮਹੀਨੇ ਵਿੱਚ 146.2 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜੋ ਕਿ ਇਸ ਵਾਰ 74 ਪ੍ਰਤੀਸ਼ਤ ਵੱਧ ਹੈ।
ਮੌਸਮ ਵਿਭਾਗ ਨੇ ਮੰਗਲਵਾਰ ਨੂੰ ਵੀ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਘੰਟੇ ਭਾਰੀ ਰਹਿਣਗੇ। ਮੌਸਮ ਵਿਭਾਗ ਦੀ ਤਾਜ਼ਾ ਚਿਤਾਵਨੀ ਅਨੁਸਾਰ, 2,3, 4, 5, 6, 7 ਨੂੰ ਹਿਮਾਚਲ ਵਿੱਚ ਭਾਰੀ ਮੀਂਹ ਪਵੇਗਾ, ਜਿਸ ਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ।
ਇਸ ਦੌਰਾਨ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ, ਅਤੇ ਦਰਿਆਵਾਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੇ ਸਖ਼ਤ ਆਦੇਸ਼ ਵੀ ਜਾਰੀ ਕੀਤੇ ਹਨ।

