ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਨੋਡਲ ਅਫਸਰਾਂ ਨੂੰ ਹਦਾਇਤਾਂ ਜਾਰੀ
ਸਿਵਲ ਸਰਜਨ ਨੇ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਰਾਂ ਵਿੱਚ ਦਸਤ ਤੇ ਉਲਟੀਆਂ ਵਰਗੀਆਂ ਬਿਮਾਰੀਆਂ ਦੇ ਪ੍ਰਸਾਰ ਨੂੰ ਰੋਕਣ ਲਈ ਕੀਤੇ ਗਏ ਸਿਹਤ ਪ੍ਰਬੰਧਾਂ ਨੂੰ ਘੋਖਿਆ
ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਨੋਡਲ ਅਫਸਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ
ਪ੍ਰਮੋਦ ਭਾਰਤੀ, ਨਵਾਂਸ਼ਹਿਰ
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਰਸਾਤ ਦੇ ਮੌਸਮ ਵਿਚ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਦਸਤ ਤੇ ਉਲਟੀਆਂ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ।
ਇਸ ਸਬੰਧੀ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅੱਜ ਚਰਚ ਕਾਲੋਨੀ ਅਤੇ ਨਵੀਂ ਆਬਾਦੀ ਆਦਿ ਪ੍ਰਭਾਵਿਤ ਖੇਤਰਾਂ ਵਿੱਚ ਦਸਤ ਤੇ ਉਲਟੀਆਂ ਵਰਗੀਆਂ ਬਿਮਾਰੀਆਂ ਦੇ ਪ੍ਰਸਾਰ ਨੂੰ ਰੋਕਣ ਲਈ ਕੀਤੇ ਗਏ ਸਿਹਤ ਪ੍ਰਬੰਧਾਂ ਨੂੰ ਘੋਖਿਆ। ਉਨ੍ਹਾਂ ਨੇ ਇਨ੍ਹਾਂ ਇਲਾਕਿਆਂ ਵਿਚ ਪਾਣੀ ਦੀ ਲੀਕੇਜ ਨੂੰ ਵੀ ਚੈੱਕ ਕੀਤਾ।
ਇਸ ਮੌਕੇ ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਜਦੋਂ ਤੱਕ ਡਾਇਰੀਆ ਆਊਟਬ੍ਰੇਕ ’ਤੇ ਪੂਰੀ ਤਰ੍ਹਾਂ ਨਾਲ ਕੰਟਰੋਲ ਨਹੀਂ ਹੋ ਜਾਂਦਾ, ਉਦੋਂ ਤੱਕ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪਾਣੀ ਦੇ ਵੱਖ-ਵੱਖ ਸਰੋਤਾਂ ਤੋਂ ਸੈਂਪਲਿੰਗ, ਸ਼ੱਕੀ ਮਰੀਜ਼ਾਂ ਦੀ ਪਛਾਣ ਲਈ ਘਰ-ਘਰ ਸਰਵੇ ਅਤੇ ਇਲਾਜ ਮੁਹੱਈਆ ਲਈ ਮੈਡੀਕਲ ਜਾਂਚ ਕੈਂਪ ਜਾਰੀ ਰੱਖੇ ਜਾਣ।
ਉਨ੍ਹਾਂ ਇਹ ਵੀ ਹਦਾਇਤ ਕਿ ਦੂਸ਼ਿਤ ਤੇ ਉਲਟੀਆਂ ਦੀਆਂ ਬਿਮਾਰੀਆਂ ਸਬੰਧੀ ਪਛਾਣੇ ਗਏ ਉੱਚ ਜ਼ੋਖਮ ਵਾਲੇ ਇਲਾਕਿਆਂ ਵਿਚ ਨਿਗਰਾਨੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਓ.ਆਰ.ਐੱਸ. ਦੇ ਪੈਕੇਟ ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਦੂਸ਼ਿਤ ਪਾਣੀ ਤੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਦੂਸ਼ਿਤ ਪਾਣੀ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਆਈ.ਈ.ਸੀ. ਸਮੱਗਰੀ ਵੀ ਵੰਡੀ ਜਾ ਰਹੀ ਹੈ।
ਦਸਤ ਤੇ ਉਲਟੀਆਂ ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਲਈ ਦੂਜੀ ਵਾਰ ਸਰਵੇ ਦਾ ਕੰਮ ਕੀਤਾ ਜਾ ਰਿਹਾ ਹੈ। ਬਿਮਾਰ ਵਿਅਕਤੀਆਂ ਦੇ ਇਲਾਜ ਲਈ ਮੈਡੀਕਲ ਚੈਕਅੱਪ ਕੈਂਪ ਲਗਾਏ ਜਾ ਰਹੇ ਹਨ।
ਇਸੇ ਦੌਰਾਨ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅਰਬਨ ਪ੍ਰਾਈਮਰੀ ਸਿਹਤ ਕੇਂਦਰ, ਨਵਾਂਸ਼ਹਿਰ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਪਾਣੀ ਖੜ੍ਹਾ ਹੋਣ ਨਾਲ ਦਸਤ ਤੇ ਉਲਟੀਆਂ ਸਮੇਤ ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਅਧਿਕਾਰੀਆਂ ਨੂੰ ਮੁਸਤੈਦੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ।
ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਫੀਲਡ ਵਿੱਚ ਰਹਿ ਕੇ ਰੋਕਥਾਮ ਦੇ ਉਚਿੱਤ ਉਪਰਾਲੇ ਹੋਰ ਤੇਜ਼ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਦੂਸ਼ਿਤ ਪਾਣੀ ਤੋਂ ਪੈਦਾ ਹੋਣ ਵਾਲੀਆਂ ਦਸਤ ਤੇ ਉਲਟੀਆਂ ਵਰਗੀਆਂ ਬਿਮਾਰੀਆਂ ਦੇ ਫੈਲਣ ਦਾ ਜ਼ੋਖਿਮ ਵਧ ਜਾਂਦਾ ਹੈ, ਜਿਨ੍ਹਾਂ ਦੀ ਰੋਕਥਾਮ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣੀਆਂ ਬੇਹੱਦ ਜ਼ਰੂਰੀ ਹੁੰਦੀਆਂ ਹਨ।
ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਪੀਣ ਵਾਲਾ ਸਾਫ ਪਾਣੀ ਸਾਡੀ ਸਿਹਤਮੰਦ ਜ਼ਿੰਦਗੀ ਲਈ ਬਹੁਤ ਮਹੱਤਵਪੂਰਨ ਹੈ। ਇਸ ਲਈ ਪੀਣ ਵਾਲਾ ਪਾਣੀ ਉਬਾਲ ਕੇ ਜਾਂ ਰਸਾਇਣਕ ਤੌਰ ’ਤੇ ਰੋਗਾਣੂ-ਮੁਕਤ ਪਾਣੀ ਅਤੇ ਸਫਰ ਦੌਰਾਨ ਪਾਣੀ ਦੇ ਕਿਸੇ ਚੰਗੇ ਸਰੋਤ ਤੋਂ ਪਾਣੀ ਦੀ ਵਰਤੋਂ ਹੀ ਕੀਤੀ ਜਾਵੇ। ਇਸ ਤੋਂ ਇਲਾਵਾ ਹਾਈਰਿਸਕ ਇਲਾਕਿਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਏ ਜਾਂਦੇ ਵਾਟਰ ਟੈਂਕਰਾਂ ਦੇ ਪਾਣੀ ਨੂੰ ਹੀ ਪੀਣ ਲਈ ਵਰਤਿਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਪੀਣ ਵਾਲੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਦਾ ਇਸਤੇਮਾਲ ਕਰਕੇ ਹੀ ਪੀਣ ਵਾਲੇ ਪਾਣੀ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ।
ਡਾ. ਜਸਪ੍ਰੀਤ ਕੌਰ ਨੇ ਇਹ ਵੀ ਹਦਾਇਤ ਕੀਤੀ ਕਿ ਇਸ ਮੌਸਮ ਵਿਚ ਖਾਣ-ਪੀਣ ਦੀਆਂ ਸਾਫ-ਸੁਥਰੀਆਂ ਅਤੇ ਤਾਜ਼ੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਨਾਲ ਪਕਾ ਕੇ ਇਸਤੇਮਾਲ ਕਰਨ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਖਾਣਾ ਖਾਣ ਤੋਂ ਪਹਿਲਾਂ ਆਪਣੇ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਚੰਗੀ ਤਰ੍ਹਾਂ ਸਾਫ਼ ਕਰਨ ਦੇ ਤਰੀਕਿਆਂ ਬਾਰੇ ਵੀ ਦੱਸਿਆ ਜਾਵੇ।
ਇੱਥੇ ਵਰਣਨਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਪਾਣੀ ਦੀ ਗੁਣਵੱਤਾ ਪਰਖਣ ਲਈ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚੋਂ ਇਕੱਠੇ ਕੀਤੇ ਪਾਣੀ ਦੇ ਨਮੂਨਿਆਂ ਨੂੰ ਜਾਂਚ ਲਈ ਸਟੇਟ ਪਬਲਿਕ ਹੈਲਥ ਲੈਬਾਰਟਰੀ, ਖਰੜ ਭੇਜਿਆ ਜਾਂਦਾ ਹੈ। ਸਿਹਤ ਵਿਭਾਗ ਦੁਆਰਾ ਦੂਸ਼ਿਤ ਪਾਣੀ ਦੀ ਸਮੱਸਿਆ ਦੇ ਤੁਰੰਤ ਉਪਾਵਾਂ ਲਈ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਇਲਾਕਿਆਂ ਦੇ ਵੇਰਵੇ ਸਾਂਝੇ ਕੀਤੇ ਜਾਂਦੇ ਹਨ, ਜਿੱਥੋਂ ਪਾਣੀ ਦੇ ਨਮੂਨੇ (ਬੈਕਟਰੀਆ ਆਦਿ ਕਾਰਨ) ਠੀਕ ਨਹੀਂ ਪਾਏ ਗਏ।
ਸਿਵਲ ਸਰਜਨ ਨੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਡੇਂਗੂ ਦੇ ਮੱਛਰ ਦੇ ਪੈਦਾ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਲਈ ਡੇਂਗੂ ਦਾ ਲਾਰਵਾ ਖਤਮ ਕਰਨ ਲਈ ਘਰ-ਘਰ ਸਰਵੇ ਕਰਨ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸਿਹਤ ਐਮਰਜੈਂਸੀ ਹੋਣ ’ਤੇ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਤੇ ਹੈਲਥ ਇੰਸਪੈਕਟਰ ਸ੍ਰੀ ਜੋਗਿੰਦਰਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।