Teacher’s Day: ਹੜ੍ਹ ਪੀੜਤਾਂ ਦੇ ਹੱਕ ‘ਚ ਡਟੇ ਅਧਿਆਪਕ, ਕਰ ਰਹੇ ਨੇ ਦਿਨ-ਰਾਤ ਸੇਵਾ
ਡੀ.ਟੀ.ਐੱਫ ਪੰਜਾਬ ਦੇ ਸੱਦੇ ‘ਤੇ ਅਧਿਆਪਕਾਂ ਨੇ ਹੜ੍ਹ ਪੀੜਤਾਂ ਲਈ ਲੱਗਭਗ ਸਵਾ ਤਿੰਨ ਲੱਖ ਰੁਪਏ ਸਹਾਇਤਾ ਰਾਸ਼ੀ ਇਕੱਤਰ ਕੀਤੀ
ਡੀ.ਟੀ.ਐੱਫ ਪੰਜਾਬ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਹੜ੍ਹ ਪੀੜਤਾਂ ਦੀ ਬਾਂਹ ਫੜਨ ਦੀ ਕੀਤੀ ਮੰਗ
ਅੰਮ੍ਰਿਤਸਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਆਪਣੀਆਂ ਵਿਭਾਗੀ ਅਤੇ ਆਰਥਿਕ ਮੰਗਾਂ ਲਈ ਚੱਲ ਰਹੀਆਂ ਸੰਘਰਸ਼ੀ ਸਰਗਰਮੀਆਂ ਨੂੰ ਠੱਲ੍ਹ ਪਾਉਂਦਿਆਂ ਅਧਿਆਪਕ ਦੇ ਸਮਾਜਿਕ ਰੋਲ ਨੂੰ ਪਹਿਲ ਦਿੰਦਿਆਂ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ‘ਸੰਘਰਸ਼ ਵੀ ਸੇਵਾ ਵੀ’ ਦੇ ਸਿਧਾਂਤ ਅਧੀਨ ਹੜ੍ਹ ਪੀੜਤਾਂ ਦੇ ਹੱਕ ਵਿੱਚ ਡਟਣ ਦਾ ਫੈਸਲਾ ਕੀਤਾ ਹੈ। ਜਿੱਥੇ ਪਿਛਲੇ ਸਮੇਂ ਵਿੱਚ ਡੀ.ਟੀ.ਐੱਫ ਪੰਜਾਬ ਅਧਿਆਪਕ ਮੰਗਾਂ ਲਈ ਸੰਘਰਸ਼ ਦੇ ਰਾਹ ਤੇ ਚੱਲਦੀ ਰਹੀ ਹੈ, ਹੁਣ ਹੜ੍ਹਾਂ ਕਾਰਨ ਆਈ ਬਿਪਤਾ ਦੇ ਮੌਕੇ ਜਥੇਬੰਦੀ ਨੇ ਪੀੜਤ ਲੋਕਾਂ ਦੀ ਸੇਵਾ ਲਈ ਹਾਜ਼ਰ ਹੁੰਦਿਆਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਹੜ੍ਹ ਪੀੜਤਾਂ ਲਈ ਫੰਡ ਦੇਣ ਦਾ ਸੱਦਾ ਦਿੱਤਾ।
ਡੀ.ਟੀ.ਐੱਫ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵੱਲੋਂ ਇਸ ਸੱਦੇ ਤਹਿਤ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਰਾਹੀਂ ਹੜ੍ਹ ਪੀੜਤਾਂ ਲਈ ਇਕੱਤਰ ਕੀਤੀ ਗਈ 3,25,000/- ਰੁਪਏ ਸਹਾਇਤਾ ਰਾਸ਼ੀ ਦੀ ਵਰਤੋਂ ਬਾਰੇ ਵਿਸਤ੍ਰਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਹਰਜਾਪ ਸਿੰਘ ਬੱਲ ਨੇ ਦੱਸਿਆ ਕਿ ਇਸ ਰਾਸ਼ੀ ਨੂੰ ਜੱਥੇਬੰਦਕ ਢਾਂਚੇ ਰਾਹੀਂ ਅਸਲ ਹੜ੍ਹ ਪੀੜਤਾਂ ਤੱਕ ਉਨ੍ਹਾਂ ਦੀਆਂ ਲੋੜਾਂ ਦੇ ਅਨੁਸਾਰ ਪੁੱਜਦਾ ਕੀਤਾ ਜਾਵੇਗਾ।
ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨੇ ਦੱਸਿਆ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ‘ਤੇ ਫੈਡਰੇਸ਼ਨ ਨਾਲ ਸਬੰਧਤ ਜਥੇਬੰਦੀਆਂ ਨੇ ਵੀ ਇਸ ਫੰਡ ਇਕੱਤਰਤਾ ਵਿੱਚ ਸਹਿਯੋਗ ਦਿੱਤਾ ਹੈ ਅਤੇ 2-3 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਤੋਂ ਡੀ.ਐੱਮ.ਐੱਫ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਦੀ ਸੁਣਵਾਈ ਲਈ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜੇ ਗਏ ਸਨ।
ਡੀ.ਟੀ.ਐੱਫ ਦੇ ਸੂਬਾ ਕਮੇਟੀ ਮੈਂਬਰਾਂ ਗੁਰਦੇਵ ਸਿੰਘ ਤੇ ਚਰਨਜੀਤ ਸਿੰਘ ਰਜਧਾਨ, ਰਾਜੇਸ਼ ਪਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਗੁਰਪ੍ਰੀਤ ਸਿੰਘ ਨਾਭਾ, ਕੁਲਦੀਪ ਸਿੰਘ, ਕੰਵਲਜੀਤ ਕੌਰ, ਰਾਜੇਸ਼ ਕੁੰਦਰਾ, ਰਾਜਵਿੰਦਰ ਸਿੰਘ ਚਿਮਨੀ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ ਅਧਿਆਪਕ ਦਿਵਸ ਮੌਕੇ 5 ਅਤੇ 6 ਸਤੰਬਰ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਹੋਰ ਜ਼ਿਲਿਆਂ ਵਿੱਚ ਪੀੜਤ ਲੋਕਾਂ ਤੱਕ ਪਹੁੰਚ ਬਣਾਈ ਜਾਵੇਗੀ ਜਿਸ ਤਹਿਤ ਉਨ੍ਹਾਂ ਦੀਆਂ ਮੁਸਕਲਾਂ ਜਾਣਦੇ ਹੋਏ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ।
ਇਸ ਸਹਾਇਤਾ ਤਹਿਤ ਘਰਾਂ ਲਈ ਰਾਸ਼ਨ ਅਤੇ ਦਵਾਈਆਂ, ਬੱਚਿਆਂ ਲਈ ਡਾਇਪਰ, ਸਕੂਲੀ ਵਿਦਿਆਰਥੀਆਂ ਲਈ ਕਾਪੀਆਂ, ਕਿਤਾਬਾਂ, ਕੱਪੜੇ, ਬੂਟ ਆਦਿ, ਔਰਤਾਂ ਲਈ ਸੈਨੇਟਰੀ ਨੈਪਕਿਨ ਆਦਿ ਅਤੇ ਪਸ਼ੂਆਂ ਲਈ ਚਾਰਾ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਸਾਰੇ ਕੰਮ ਦੀ ਯੋਜਨਾਬੰਦੀ ਲਈ ਗੁਰਬਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਚਾਰ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ ਜਿਸ ਵਿਚ ਅਸ਼ਵਨੀ ਅਵਸਥੀ, ਜਰਮਨਜੀਤ ਸਿੰਘ, ਚਰਨਜੀਤ ਸਿੰਘ, ਗੁਰਦੇਵ ਸਿੰਘ ਸਹਿਯੋਗ ਕਰਨਗੇ।
ਇਸੇ ਤਰ੍ਹਾਂ ਬਾਕੀ ਜ਼ਿਲ੍ਹਿਆਂ ਵਿੱਚ ਵੀ ਜਥੇਬੰਦਕ ਢਾਂਚੇ ਰਾਹੀਂ ਪੀੜਤਾਂ ਤੱਕ ਪਹੁੰਚ ਕਰਕੇ ਸਹਾਇਤਾ ਕੀਤੀ ਜਾਵੇਗੀ ਅਤੇ ਇਹ ਕੰਮ ਪਾਣੀ ਉੱਤਰ ਜਾਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਜਾਰੀ ਰੱਖਿਆ ਜਾਵੇਗਾ।
ਉਕਤ ਆਗੂਆਂ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੰਮ ਕਰ ਰਹੇ ਸਮੂਹ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਆਪਣੀ ਸਮਾਜਿਕ ਜ਼ਿੰਮੇਵਾਰੀ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਦਾ ਹਰ ਸਕੂਲ ਵੱਧ ਤੋਂ ਵੱਧ ਰਾਸ਼ੀ ਇੱਕਠੀ ਕਰੇ ਤਾਂ ਜੋ ਪੀੜਤ ਲੋਕਾਂ ਦੇ ਮੁੜ ਵਸੇਬੇ, ਬੱਚਿਆਂ ਦੀ ਸਿੱਖਿਆ ਅਤੇ ਹੋਰ ਲੋੜੀਂਦੇ ਕਾਰਜਾਂ ਲਈ ਸਹਾਇਤਾ ਕੀਤੀ ਜਾ ਸਕੇ।

