Punjab News: ਪੰਜਾਬ ਸਰਕਾਰ ਵੱਲੋਂ 1500 ਅਧਿਆਪਕਾਂ ਨੂੰ ਤਰੱਕੀ ਦੇਣ ਦਾ ਫ਼ੈਸਲਾ, ਨਿਯਮਾਂ ਚ ਕੀਤੀ ਵੱਡੀ ਸੋਧ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਲਏ ਗਏ ਹਨ।
ਇਨ੍ਹਾਂ ਫ਼ੈਸਲਿਆਂ ਵਿੱਚ ਇੱਕ ਫ਼ੈਸਲਾ ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿੱਚ ਸੋਧ ਦੇ ਨਾਲ ਸਬੰਧਤ ਕੀਤਾ ਗਿਆ ਹੈ।
ਪੰਜਾਬ ਕੈਬਨਿਟ ਨੇ ਸਿੱਖਿਆ ਵਿਭਾਗ ਵਿੱਚ ਤਰੱਕੀਆਂ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ।
2018 ਦੇ ਮੌਜੂਦਾ ਨਿਯਮਾਂ ਵਿੱਚ ਕੁਝ ਕਾਡਰਾਂ ਲਈ ਤਰੱਕੀ ਦਾ ਕੋਈ ਮੌਕਾ ਨਹੀਂ ਸੀ ਪਰ ਹੁਣ ਇਨ੍ਹਾਂ ਨਿਯਮਾਂ ਵਿੱਚ ਸੋਧਾਂ ਨਾਲ ਪੀ.ਟੀ.ਆਈ. (ਐਲੀਮੈਂਟਰੀ), ਪ੍ਰੀ-ਪ੍ਰਾਇਮਰੀ ਅਧਿਆਪਕਾਂ, ਸਪੈਸ਼ਲ ਐਜੂਕੇਟਰ ਅਧਿਆਪਕਾਂ (ਸੈਕੰਡਰੀ) ਤੇ ਸਪੈਸ਼ਲ ਐਜੂਕੇਟਰ ਅਧਿਆਪਕਾਂ (ਐਲੀਮੈਂਟਰੀ) ਅਤੇ ਵੋਕੇਸ਼ਨਲ ਮਾਸਟਰਾਂ ਨੂੰ ਤਰੱਕੀ ਦੇ ਨਵੇਂ ਮੌਕੇ ਮਿਲਣਗੇ।
ਇਸ ਸੋਧ ਨਾਲ ਤਕਰੀਬਨ 1500 ਅਧਿਆਪਕਾਂ ਨੂੰ ਲਾਭ ਮਿਲੇਗਾ। ਇਸ ਸੋਧ ਨਾਲ ਨਵੀਆਂ ਭਰਤੀਆਂ ਦਾ ਰਾਹ ਖੁੱਲ੍ਹੇਗਾ ਅਤੇ ਚਾਹਵਾਨ ਉਮੀਦਵਾਰਾਂ ਲਈ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ।

